ਯੂਬਾ ਸਿਟੀ ਵਿਚ ਬਣੇਗਾ ਗੁਰੂ ਗ੍ਰੰਥ ਸਾਹਿਬ ਭਵਨ

0
68

gobind-singh-longowal-10ਚੰਡੀਗੜ੍ਹ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਅਮਰੀਕਾ ਵਾਸੀ ਸਿੱਖ ਦੀਦਾਰ ਸਿੰਘ ਬੈਂਸ ਵੱਲੋਂ ਯੂਬਾ ਸਿਟੀ ਵਿਚ ਬੀਤੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਨੂੰ ਜ਼ਮੀਨ ਦਿੱਤੀ ਗਈ ਸੀ, ਜਿਸ ਵਿਚ ਗੁਰੂ ਗ੍ਰੰਥ ਸਾਹਿਬ ਭਵਨ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਭਵਨ ਤੋਂ ਅਮਰੀਕਾ ਦੇ ਸਾਰੇ ਗੁਰਦੁਆਰਿਆਂ ਨੂੰ ਲੋੜ ਅਨੁਸਾਰ ਪਾਵਨ ਸਰੂਪ ਪਹੁੰਚਾਏ ਜਾਣਗੇ ਅਤੇ ਇਸ ਤੋਂ ਇਲਾਵਾ ਹਰ ਐਤਵਾਰ ਗੁਰਮਤਿ ਦੀਆਂ ਕਲਾਸਾਂ ਲਾਉਣ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਧਾਰਮਿਕ ਸਾਹਿਤ ਮੁਫ਼ਤ ਵੰਡਿਆ ਜਾਵੇਗਾ।
ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ ਗਿਆ ਹੈ। ਕਮੇਟੀ ਦੀ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਇਸ ਸਾਲ ਹੋਣ ਵਾਲੇ ਖ਼ਾਲਸਾਈ ਖੇਡ ਉਤਸਵ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
ਮੀਟਿੰਗ ਮਗਰੋ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲਏ ਗਏ ਹੋਰ ਫ਼ੈਸਲਿਆਂ ਬਾਰੇ ਦੱਸਿਆ ਕਿ ਗੁਰੂ ਨਾਨਕ ਦੇਵ ਦੇ ਅਗਲੇ ਸਾਲ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ਇਸ ਸਾਲ ਹੀ 22-23 ਨਵੰਬਰ ਨੂੰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 22-23 ਨਵੰਬਰ ਦੇ ਆਰੰਭਤਾ ਸਮਾਗਮਾਂ ‘ਚ ਸ਼ਾਮਲ ਹੋਣ ਲਈ ਭਾਰਤ ਦੇ ਪ੍ਰਧਾਨ ਮੰਤਰੀ, ਰਾਸ਼ਟਰਪਤੀ ਤੇ ਹੋਰ ਪ੍ਰਮੁੱਖ ਹਸਤੀਆਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਕ ਵਫ਼ਦ ਪਾਕਿਸਤਾਨ ਭੇਜਿਆ ਜਾਵੇਗਾ, ਜੋ ਉਥੋਂ ਦੀ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਬਣਾ ਕੇ ਪਾਕਿਸਤਾਨ ਵਿਖੇ ਸਮਾਗਮ ਕਰਵਾਉਣ ਦਾ ਪ੍ਰਸਤਾਵ ਰੱਖੇਗਾ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਅਰਾਈਆਂਵਾਲਾ, ਗੁਰਤੇਜ ਸਿੰਘ ਢੱਡੇ, ਨਵਤੇਜ ਸਿੰਘ ਕਾਉਣੀ, ਹਰਦੇਵ ਸਿੰਘ ਰੋਗਲਾ, ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਗੁਰਪ੍ਰੀਤ ਕੌਰ, ਗੁਰਮੀਤ ਸਿੰਘ ਬੂਹ, ਰਵਿੰਦਰ ਸਿੰਘ ਚੱਕ ਤੇ ਅਮਰੀਕ ਸਿੰਘ ਸ਼ਾਹਪੁਰ (ਸਾਰੇ ਮੈਂਬਰ ਅੰਤਿੰਗ ਕਮੇਟੀ) ਹਾਜ਼ਰ ਸਨ।