ਦੇਸ਼ ਵਿਰੋਧੀ ਤਾਕਤਾਂ ਤੇ ਖ਼ਾਲਿਸਤਾਨੀਆਂ ਨੂੰ ਮਾਹੌਲ ਖ਼ਰਾਬ ਨਹੀਂ ਕਰਨ ਦਿਆਂਗੇ : ਕੈਪਟਨ ਅਮਰਿੰਦਰ ਸਿੰਘ

0
194

amrinder
ਚੰਡੀਗੜ੍ਹ/ਬਿਊਰੋ ਨਿਊਜ਼ :
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਹੱਦ ਪਾਰਲੀਆਂ ਦੇਸ਼ ਵਿਰੋਧੀ ਤਾਕਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਖ਼ਾਲਿਸਤਾਨੀਆਂ ਵੱਲੋਂ ਦਿੱਤੀਆਂ ਧਮਕੀਆਂ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਕੀਮਤ ‘ਤੇ ਸੂਬੇ ਦੀ ਸ਼ਾਂਤੀ ਭੰਗ ਨਹੀਂ ਹੋਣ ਦੇਣਗੇ। ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਭਾਰਤ-ਪਾਕਿ ਸਰਹੱਦ ‘ਤੇ ਦੋ ਭਾਰਤੀ ਫੌਜੀਆਂ ਨਾਲ ਅਣਮਨੁੱਖੀ ਵਿਹਾਰ ਤੋਂ ਬਾਅਦ ਹੱਤਿਆ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਇਹ ਕਾਇਰਾਨਾ ਕਾਰਵਾਈ ਹੈ। ਇਕ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਭੱਦਰ ਪੁਰਸ਼ਾਂ ਵਾਲਾ ਵਿਹਾਰ ਛੱਡ ਕੇ ਢੁੱਕਵਾਂ ਜਵਾਬ ਦੇਣਾ ਚਾਹੀਦਾ ਹੈ। ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਵਿਰੁੱਧ ਕੀਤੀ ਟਿੱਪਣੀ ‘ਤੇ ਆਪਣਾ ਸਟੈਂਡ ਸਪਸ਼ਟ ਕਰਦਿਆਂ ਉਨ੍ਹਾਂ ਫਿਰ ਦੁਹਰਾਇਆ ਕਿ ਕੈਨੇਡਾ ਦੇ ਬਹੁਤੇ ਸੰਸਦ ਮੈਂਬਰਾਂ ਦਾ ਖ਼ਾਲਿਸਤਾਨੀਆਂ ਵੱਲ ਝੁਕਾਅ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਹੋਏ ਨਾਇਬ ਸੂਬੇਦਾਰ ਪਰਮਜੀਤ ਸਿੰਘ ਦੇ ਪਰਿਵਾਰ ਨੂੰ ਜਲਦ ਹੀ ਨਿੱਜੀ ਤੌਰ ‘ਤੇ ਮਿਲਣਗੇ। ਕੈਪਟਨ ਨੇ ਕਿਹਾ ਕਿ ਭਾਰਤ ਨੂੰ ਆਪਣੀ ਰੱਖਿਆ ਸਮਰੱਥਾ ਵਿਚ ਇਜ਼ਾਫੇ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ ਭਾਰਤ ਨੂੰ ਚੀਨ ਨਾਲ ਆਪਣੇ ਸਬੰਧ ਸੁਖ਼ਾਵੇਂ ਬਣਾਉਣ ਲਈ ਯਤਨ ਵਿੱਢਣੇ ਚਾਹੀਦੇ ਹਨ।