ਵਿਦੇਸ਼ਾਂ ‘ਚ ਖਾਲਿਸਤਾਨੀ ਭਾਰਤੀ ਨੌਜਵਾਨਾਂ ਨੂੰ ਝੂਠੇ ਪ੍ਰਚਾਰ ਰਾਹੀਂ ਕਰ ਰਹੇ ਨੇ ਗੁੰਮਰਾਹ : ਕੈਪਟਨ ਅਮਰਿੰਦਰ ਸਿੰਘ

0
330

amrinder-singh-govt
ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਆਲਮੀ ਪ੍ਰੋਗਰਾਮ ਦਾ ਲੰਡਨ ਤੋਂ ਆਗਾਜ਼ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਪ੍ਰੋਗਰਾਮ ਦੂਜੇ ਮੁਲਕਾਂ ਵਿੱਚ ਰਹਿ ਰਹੇ ਭਾਰਤੀ ਮੂਲ ਦੇ ਨੌਜਵਾਨਾਂ ਨੂੰ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਖ਼ਾਲਿਸਤਾਨੀਆਂ ਦੇ ਕਥਿਤ ਝੂਠੇ ਪ੍ਰਚਾਰ ਤੋਂ ਦੂਰ ਰੱਖਣ ਵਿੱਚ ਸਹਾਈ ਹੋਵੇਗਾ।
ਆਪਣੇ ਲੰਡਨ ਦੇ ਦੌਰੇ ਸਮੇਂ ਮੁੱਖ ਮੰਤਰੀ ਨੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਬਾਹਰੀ ਮੁਲਕਾਂ ਵਿੱਚ ਜੰਮੇ ਪਲੇ ਭਾਰਤੀ ਮੂਲ ਦੇ ਨੌਜਵਾਨਾਂ ਨੂੰ ਝੂਠੇ ਪ੍ਰਚਾਰ ਰਾਹੀਂ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਸੱਚੀ ਤਸਵੀਰ ਦਿਖਾਉਣਾ ਹੈ। ਮੁੱਖ ਮੰਤਰੀ ਨੇ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਇਹ ਪ੍ਰੋਗਰਾਮ ਉਨ੍ਹਾਂ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਦੇ ਨਾਲ-ਨਾਲ ਆਪਣੇ ਪੁਰਖਿਆਂ ਦੀਆਂ ਜੜ੍ਹਾਂ ਨਾਲ ਜੁੜਨ ਦਾ ਮੰਚ ਮੁਹੱਈਆ ਕਰਵਾਏਗਾ। ਇਸ ਪ੍ਰੋਗਰਾਮ ਨੂੰ ਸਿਆਸਤ ਲਈ ਵਰਤਣ ਦਾ ਸਰਕਾਰ ਦਾ ਕੋਈ ਇਰਾਦਾ ਨਹੀਂ ਹੈ।
ਇਸ ਪ੍ਰੋਗਰਾਮ ਅਧੀਨ ਹਰੇਕ ਦੋ ਮਹੀਨਿਆਂ ਵਿੱਚ 15 ਨੌਜਵਾਨਾਂ ਦਾ ਸਮੂਹ ਪੰਜਾਬ ਆਵੇਗਾ, ਜਿਸ ਵਿੱਚ ਵੱਖ-ਵੱਖ ਮੁਲਕਾਂ ਦੇ ਨੌਜਵਾਨ ਸ਼ਾਮਲ ਹੋਣਗੇ। ਇਸ ਪ੍ਰੋਗਰਾਮ ਲਈ ਸੂਬਾ ਸਰਕਾਰ ਨੇ ਬਜਟ ਦਾ ਉਪਬੰਧ ਕੀਤਾ ਹੈ। ਸਰਕਾਰ ਵੱਲੋਂ ਨੌਜਵਾਨਾਂ ਦੇ ਪਹਿਲੇ ਤਿੰਨ ਗਰੁੱਪ ਬਰਤਾਨੀਆ ਤੋਂ ਲਿਆਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।
ਅਰਜ਼ੀਕਰਤਾ ਨੂੰ ਭਾਰਤ ਆਉਣ-ਜਾਣ ਦਾ ਖ਼ਰਚ ਖ਼ੁਦ ਸਹਿਣਾ ਹੋਵੇਗਾ ਜਦੋਂਕਿ ਪੰਜਾਬ ਵਿੱਚ ਰਹਿਣ-ਸਹਿਣ, ਆਉਣ-ਜਾਣ ਤੇ ਵੱਖ-ਵੱਖ ਥਾਵਾਂ ਦੇਖਣ ਦਾ ਖ਼ਰਚਾ ਪੰਜਾਬ ਸਰਕਾਰ ਦਾ ਜਾਵੇਗਾ। ਇਸ ਸਕੀਮ ਨੂੰ ਅੱਗੇ ਲਿਜਾਣ ਦਾ ਜ਼ਿੰਮਾ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਨੂੰ ਸੌਂਪਿਆ ਗਿਆ ਹੈ। ਇਸ  ਬਾਰੇ ਜਾਗਰੂਕਤਾ ਪੈਦਾ ਕਰਨ ਲਈ ਫੇਸਬੁਕ ‘ਤੇ ਵੀ ਪੇਜ ਬਣਾਇਆ ਗਿਆ ਹੈ। ਇਸ ਪ੍ਰੋਗਰਾਮ ਵਿੱਚ ਦਿਲਚਸਪੀ ਰੱਖਣ ਵਾਲੇ ਨੌਜਵਾਨ ਈ-ਮੇਲ connect-with-your-roots0punjab.gov.in  ਰਾਹੀਂ ਜੁੜ ਸਕਦੇ ਹਨ।

ਰਾਹੁਲ ਦਾ ਬਿਆਨ ਤੋੜ ਮਰੋੜ ਕੇ ਪੇਸ਼ ਕਰਨ ਦੀ ਨਿੰਦਾ
ਦਿੱਲੀ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐਨ.ਐਸ.ਯੂ.ਆਈ.) ਦੀ ਜਿੱਤ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੇ ਵੰਸ਼ਵਾਦ ਸਬੰਧੀ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ‘ਤੇ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਦੀ ਆਲੋਚਨਾ ਕੀਤੀ ਹੈ। ਲੰਡਨ ਵਿੱਚ ਕੁਝ ਟੀ.ਵੀ. ਚੈਨਲਾਂ ਨੂੰ ਦਿੱਤੀ ਇੰਟਰਵਿਊ ਦੌਰਾਨ ਮੁੱਖ ਮੰਤਰੀ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਗ਼ਲਤ ਢੰਗ ਨਾਲ ਪੇਸ਼ ਕਰਨ ਲਈ ਸਿਆਸਤਦਾਨਾਂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਜਾਣਬੁੱਝ ਕੇ ਅਜਿਹਾ ਕਰ ਰਹੇ ਹਨ।