ਜੀਐਸਟੀ ਬਨਾਮ ਲੰਗਰ : ਸਿੱਖ ਭਾਵਨਾਵਾਂ ਦੇ ਉਲਟ ਅਕਾਲੀਆਂ ਨੇ ਨਰਿੰਦਰ ਮੋਦੀ ਦਾ ਦਿੱਲੀ ਜਾ ਕੇ ਕੀਤਾ ਧੰਨਵਾਦ

0
163

akali_modi-09-june
ਨਵੀਂ ਦਿੱਲੀ/ਬਿਊਰੋ ਨਿਊਜ਼ :
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਦਲ ਦੇ ਇੱਕ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਰਿਹਾਇਸ਼ ਉੱਤੇ ਮਿਲ ਕੇ ”ਗੁਰੂ ਕੇ ਲੰਗਰ” ਨੂੰ ਜੀਐਸਟੀ ਤੋਂ ਛੋਟ ਦੇਣ ਲਈ ਕੇਂਦਰ ਸਰਕਾਰ ਦਾ  ਧੰਨਵਾਦ ਕੀਤਾ। ਇਸ ਮੌਕੇ ਵਫ਼ਦ ਨੇ ਪ੍ਰਧਾਨ ਮੰਤਰੀ ਦਾ ਧਿਆਨ ਪੰਜਾਬ ਦੇ ਲੋਕਾਂ ਨਾਲ ਜੁੜੇ ਕੁਝ ਅਹਿਮ ਮੁੱਦਿਆਂ ਵੱਲ ਵੀ ਦਿਵਾਇਆ। ਵਫ਼ਦ ਵਿੱਚ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਨਜਿੰਦਰ ਸਿੰਘ ਸਿਰਸਾ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ  ਸਿੰਘ ਲੌਂਗੋਵਾਲ ਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਵੀ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਲੱਗਭਗ ਸਾਰੇ ਸਿੱਖ ਵਿਦਵਾਨ ਅਤੇ ਸਿੱਖ ਕੌਮ ਕੇਂਦਰ ਦੀ ‘ਗੁਰੂ ਕੇ ਲੰਗਰ’ ਵਾਸਤੇ ‘ਸੇਵਾ ਭੋਜ ਯੋਜਨਾ’ ਦੇ ਅਧੀਨ ਟੇਢੇ ਖੰਗ ਨਾਲ ਦਿਤੀ ਜਾ ਰਹੀ ਸਰਕਾਰੀ ਖੈਰਾਤ ਦਾ ਵਿਰੋਧ ਕਰ ਰਹੀ ਹੈ ਪਰ ਫਿਰ ਵੀ ਅਕਾਲੀ ਦਲ ਨੇ ਸੱਤਾ ਦੇ ਲਾਲਚ ਵਿਚ ਸਿੱਖ ਭਾਵਨਾਵਾਂ ਤੇ ਗੁਰੂਆਂ ਵੇਲੇ ਤੋਂ ਲੰਗਰ ਵਾਸਤੇ ਸਰਕਾਰੀ ਖੈਰਾਤ ਨਾ ਲੈਣ ਦੀ ਮਰਿਯਾਦਾ ਦਾ ਘਾਣ ਕਰਦਿਆਂ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਉਨ੍ਹਾਂ ਦੇ ‘ਸੋਹਿਲੇ ਗਾਏ’ ਹਨ।
ਅਕਾਲੀ ਦਲ ਦੇ ਵਫ਼ਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਇਸ ਮੀਟਿੰਗ ਦੌਰਾਨ ਅਕਾਲੀ ਆਗੂਆਂ ਨੂੰ ਕਿਹਾ ਕਿ ਇਹ ਸਭ ਤੋਂ ਪੁਰਾਣਾ ਤੇ ਸਮੇਂ ਦਾ ਪਰਖਿਆ ਹੋਇਆ ਗਠਜੋੜ ਹੈ। ਭਾਜਪਾ ਇਸ ਦੀ ਕਦਰ ਕਰਦੀ ਹੈ। ਵਫ਼ਦ ਨੇ ਕੇਂਦਰ ਸਰਕਾਰ ਵੱਲੋਂ ਸਮੁੱਚੇ ਦੇਸ਼ ਦੇ ਗੰਨਾ ਕਾਸ਼ਤਕਾਰਾਂ ਲਈ ਰੱਖੇ 8 ਹਜ਼ਾਰ ਕਰੋੜ ਰੁਪਏ ਵਿਚੋਂ 800 ਕਰੋੜ ਰੁਪਏ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਜਾਰੀ ਕਰਨ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਸਵਾਮੀਨਾਥਨ ਰਿਪੋਰਟ ਨੂੰ  ਲਾਗੂ ਕਰਨ ਦੇ ਅਮਲ ਵਿਚ ਤੇਜ਼ੀ ਲਿਆਉਣ। ਉਨ੍ਹਾਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਇੱਕ ਵੱਡੇ ਕੌਮੀ ਤੇ ਆਲਮੀ ਸਮਾਰੋਹ ਵਜੋਂ ਮਨਾਏ ਜਾਣ ਲਈ ਪ੍ਰਧਾਨ ਮੰਤਰੀ ਨੂੰ ਆਪਣੀ ਅਗਵਾਈ ਹੇਠ ਇੱਕ ਕੌਮੀ ਪੱਧਰ ਦੀ ਕਮੇਟੀ ਕਾਇਮ ਕਰਨ ਲਈ ਵੀ ਕਿਹਾ।
ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਅਤੇ ਕਈ ਮਾਮਲਿਆਂ  ‘ਚ 20 ਸਾਲਾਂ ਤੋਂ ਵੱਧ ਸਜ਼ਾਵਾਂ ਕੱਟਣ ਦੇ ਬਾਵਜੂਦ ਜੇਲ੍ਹਾਂ ‘ਚ ਸੜ ਰਹੇ ਸਿੱਖਾਂ ਅਤੇ ਪੰਜਾਬੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਹ ਡੇਰਾ ਬਾਬਾ ਨਾਨਕ ਤੋਂ ਗੁਰੂ ਨਾਨਕ ਦੇਵ ਦੇ ਜਨਮ ਸਥਾਨ ਕਰਤਾਰਪੁਰ ਸਾਹਿਬ (ਪਾਕਿਸਤਾਨ) ਤਕ ਇੱਕ ਗਲਿਆਰਾ ਬਣਾਉਣ ਦੇ ਮੁੱਦੇ ਉਤੇ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਗੱਲਬਾਤ ਕਰਨ।