ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਮੁਆਫ਼ੀ ਸਬੰਧੀ ਰਾਸ਼ਟਰਪਤੀ ਕੋਲੋਂ ਮੁਲਾਕਾਤ ਦਾ ਮੰਗਿਆ ਸਮਾਂ

0
460

balwant_singh_rajoana_new_295
ਅੰਮ੍ਰਿਤਸਰ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਪੱਤਰ ਭੇਜ ਕੇ ਸਮਾਂ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਸਿੱਖ ਸੰਸਥਾ ਵੱਲੋਂ ਸਿੱਖ ਬੰਦੀ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਗੱਲ ਕੀਤੀ ਜਾ ਸਕੇ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਪੱਤਰ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਰਾਸ਼ਟਰਪਤੀ ਨਾਲ ਮੁਲਾਕਾਤ ਵਾਸਤੇ ਸਮਾਂ ਦੇਣ ਦੀ ਅਪੀਲ ਕੀਤੀ ਹੈ। ਇਸ ਪੱਤਰ ਵਿੱਚ ਉਨ੍ਹਾਂ ਲਿਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ 15 ਨਵੰਬਰ ਨੂੰ ਰਾਸ਼ਟਰਪਤੀ ਦੇ ਨਾਂ ਇੱਕ ਪੱਤਰ ਭੇਜਿਆ ਸੀ ਪ੍ਰੰਤੂ ਹੁਣ ਤੱਕ ਇਸ ਪੱਤਰ ਦਾ ਕੋਈ ਹੁੰਗਾਰਾ ਨਹੀਂ ਮਿਲਿਆ ਹੈ। ਇਸ ਲਈ ਮੁੜ ਯਾਦ ਪੱਤਰ ਭੇਜਿਆ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਾ ਚਾਹੁੰਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਜਲਦੀ ਹੀ ਰਾਸ਼ਟਰਪਤੀ ਨਾਲ ਮੁਲਾਕਾਤ ਦਾ ਸਮਾਂ ਮਿਲ ਜਾਵੇਗਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਭਾਈ ਰਾਜੋਆਣਾ ਵੱਲੋਂ ਆਪਣੀ ਫ਼ਾਂਸੀ ਦੀ ਸਜ਼ਾ ਸਬੰਧੀ ਫ਼ੈਸਲੇ ਵਿੱਚ ਹੋ ਰਹੀ ਦੇਰੀ ਕਾਰਨ ਭੁੱਖ ਹੜਤਾਲ ਰੱਖੀ ਗਈ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਉਸ ਨਾਲ ਗੱਲਬਾਤ ਕਰਕੇ ਖ਼ਤਮ ਕਰਵਾਇਆ ਗਿਆ ਸੀ। ਉਨ੍ਹਾਂ ਨੇ ਉਸ ਨੂੰ ਮਾਮਲੇ ਦੇ ਜਲਦੀ ਹੱਲ ਲਈ ਰਾਸ਼ਟਰਪਤੀ ਨਾਲ ਮਿਲਣ ਦਾ ਭਰੋਸਾ ਦਿੱਤਾ ਸੀ। ਇਸ ਮਗਰੋਂ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਨੂੰ ਪੱਤਰ ਭੇਜ ਕੇ ਮੁਲਾਕਾਤ ਲਈ ਸਮਾਂ ਮੰਗਿਆ ਸੀ ਅਤੇ ਮੁਲਾਕਾਤ ਵਾਸਤੇ ਇੱਕ 7 ਮੈਂਬਰੀ ਵਫ਼ਦ ਦਾ ਗਠਨ ਕੀਤਾ ਸੀ। ਇਸ ਪੱਤਰ ਦਾ ਜਵਾਬ ਨਾ ਮਿਲਣ ‘ਤੇ ਮੁੱਖ ਸਕੱਤਰ ਨੇ ਮੁੜ ਯਾਦ ਪੱਤਰ ਭੇਜਿਆ ਹੈ।