ਬੀਰਦਵਿੰਦਰ ਸਿੰਘ ਅੰਮ੍ਰਿਤਸਰ ਜ਼ਮੀਨ ਘੁਟਾਲੇ ‘ਚ ਅਮਰਿੰਦਰ ਸਿੰਘ ਖ਼ਿਲਾਫ਼ ਸਰਕਾਰੀ ਗਵਾਹ ਬਣਨ ਲਈ ਕੀਤੀ ਅਦਾਲਤ ‘ਚ ਪੇਸ਼ਕਸ਼

0
274

bir-davinder
ਮੁਹਾਲੀ ਅਦਾਲਤ ਦੇ ਬਾਹਰ ਬੀਰਦਵਿੰਦਰ ਸਿੰਘ ਜ਼ਮੀਨ ਘੁਟਾਲੇ ਬਾਰੇ ਦੱਸਦੇ ਹੋਏ।
ਐਸ.ਏ.ਐਸ. ਨਗਰ/ਬਿਊਰੋ ਨਿਊਜ਼:
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਘੁਟਾਲੇ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅਦਾਲਤ ਵਿੱਚ ਪੇਸ਼ ਹੋ ਕੇ ਕੇਸ ਦੇ ਵੱਖ ਵੱਖ ਪਹਿਲੂਆਂ ਅਤੇ ਅਸਲੀਅਤ ਤੋਂ ਜਾਣੂ ਕਰਵਾਉਣ ਲਈ ਸਰਕਾਰੀ ਗਵਾਹ ਬਣਨ ਦੀ ਪੇਸ਼ਕਸ਼ ਕਰ ਦਿੱਤੀ। ਇਸ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ ਕਿਉਂਕਿ ਵਿਜੀਲੈਂਸ ਵੱਲੋਂ ਕੈਪਟਨ ਸਣੇ ਬਾਕੀ ਮੁਲਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਸ ਖ਼ਤਮ ਕਰਨ ਦੀ ਪੈਰਵੀ ਕੀਤੀ ਜਾ ਰਹੀ ਸੀ। ਸੋਮਵਾਰ ਨੂੰ ਕੇਸ ਦੀ ਸੁਣਵਾਈ ਦੌਰਾਨ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਨੇ ਪੰਜਾਬ ਵਿਜੀਲੈਂਸ ਅਤੇ ਸੂਬਾ ਸਰਕਾਰ ਨੂੰ 29 ਨਵੰਬਰ ਤਕ ਪੱਖ ਰੱਖਣ ਲਈ ਆਖਿਆ ਹੈ। ਬੀਰਦਵਿੰਦਰ ਸਿੰਘ ਨੇ ਪਹਿਲੀ ਨਵੰਬਰ ਨੂੰ ਆਪਣੇ ਵਕੀਲ ਰਾਹੀਂ ਮੁਹਾਲੀ ਅਦਾਲਤ ਵਿੱਚ 20 ਪੰਨਿਆਂ ਦੀ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਵਿਜੀਲੈਂਸ ਜਾਂਚ ਟੀਮ ਦੇ ਅਧਿਕਾਰੀ ਮੁਲਜ਼ਮਾਂ ਨਾਲ ਕਥਿਤ ਤੌਰ ‘ਤੇ ਮਿਲੇ ਹੋਏ ਹਨ। ਅਦਾਲਤ ਨੇ ਕੇਸ ਦੀ ਸੁਣਵਾਈ ਸਭ ਤੋਂ ਅਖੀਰ ‘ਤੇ ਕੀਤੀ। ਬੀਰਦਵਿੰਦਰ ਸਿੰਘ ਦੇ ਵਕੀਲ ਰਾਜੇਸ਼ ਗੁਪਤਾ ਅਤੇ ਸਰਕਾਰੀ ਵਕੀਲ ਵਿਜੇ ਸਿੰਗਲਾ, ਬਚਾਅ ਪੱਖ ਦੇ ਵਕੀਲਾਂ ਏ ਪੀ ਦਿਓਲ ਅਤੇ ਰਮਦੀਪ ਪ੍ਰਤਾਪ ਸਿੰਘ ਵਿਚਕਾਰ ਤਿੱਖੀ ਬਹਿਸ ਹੋਈ। ਸ੍ਰੀ ਗੁਪਤਾ ਨੇ ਮੁਲਜ਼ਮਾਂ ਦੇ ਵਕੀਲਾਂ ਨੂੰ ਟੋਕਦਿਆਂ ਕਿਹਾ ਕਿ ਉਨ੍ਹਾਂ ਨੂੰ ਕਾਨੂੰਨੀ ਤੌਰ ‘ਤੇ ਕੁਝ ਵੀ ਬੋਲਣ ਦਾ ਅਧਿਕਾਰ ਨਹੀਂ ਹੈ ਕਿਉਂਕਿ ਇਹ ਕੇਸ ਵਿਜੀਲੈਂਸ, ਕਚਹਿਰੀ ਅਤੇ ਸ਼ਿਕਾਇਤਕਰਤਾ ਦਰਮਿਆਨ ਲੱਗਿਆ ਹੋਇਆ ਹੈ। ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਨੇ ਸ਼ਿਕਾਇਤ ਦੀ ਕਾਪੀ ਅਤੇ ਨਾਲ ਨੱਥੀ ਦਸਤਾਵੇਜ਼ਾਂ ਦੀਆਂ ਕਾਪੀਆਂ ਮੰਗੀਆਂ। ਜੱਜ ਨੇ ਸਰਕਾਰੀ ਵਕੀਲ ਨੂੰ ਦਸਤਾਵੇਜ਼ਾਂ ਦੀਆਂ ਪੂਰੀਆਂ ਕਾਪੀਆਂ ਦੇਣ ਲਈ ਆਖਿਆ। ਸ੍ਰੀ ਬੀਰਦਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਬਾਦਲ ਪਰਿਵਾਰ ਅਤੇ ਅਮਰਿੰਦਰ ਸਿੰਘ ਦਰਮਿਆਨ ਆਪਸ ਵਿੱਚ ਚੱਲ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਖ਼ਤਮ ਕਰਨ ਦੀ ਸਹਿਮਤੀ ਬਣ ਗਈ ਸੀ। ਚਾਲਾਨ ਵਿੱਚ ਵਿਜੀਲੈਂਸ ਇਹ ਗੱਲ ਸਾਫ਼ ਕਰ ਚੁੱਕੀ ਹੈ ਕਿ ਮੁੱਢਲੀ ਜਾਂਚ ਵਿੱਚ ਇਸ ਕੇਸ ‘ਚ ਨਾਮਜ਼ਦ ਮੁਲਜ਼ਮ ਦੋਸ਼ੀ ਪਾਏ ਗਏ ਹਨ ਪਰ ਹੁਣ ਵਿਜੀਲੈਂਸ ਆਪਣੇ ਬਿਆਨਾਂ ਤੋਂ ਮੁੱਕਰ ਰਹੀ ਹੈ। ਬੀਰਦਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਵਿਜੀਲੈਂਸ ਨੇ ਉਨ੍ਹਾਂ ਦਾ ਬਿਆਨ ਅਦਾਲਤ ਅੱਗੇ ਪੇਸ਼ ਹੀ ਨਹੀਂ ਕੀਤਾ ਅਤੇ ਸਾਰੇ ਸਬੂਤ ਅਦਾਲਤ ਤੋਂ ਛੁਪਾ ਲਏ ਗਏ ਤਾਂ ਜੋ ਕੈਪਟਨ ਅਤੇ ਉਸ ਦੇ ਸਾਥੀਆਂ ਨੂੰ ਬਰੀ ਕਰਵਾਇਆ ਜਾ ਸਕੇ। ਉਧਰ, ਹਿਮਾਚਲ ਪ੍ਰਦੇਸ਼ ਚੋਣਾਂ ਦੇ ਪ੍ਰਚਾਰ ‘ਚ ਰੁੱਝੇ ਹੋਣ ਕਰਕੇ ਕੈਪਟਨ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਵਕੀਲ ਰਾਹੀਂ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ।
ਮਾਮਲੇ ਦੀ ਨਿਰਪੱਖ ਏਜੰਸੀ ਤੋਂ ਜਾਂਚ ਕਰਾਈ ਜਾਵੇ: ਬੀਰਦਵਿੰਦਰ
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅਦਾਲਤ ਤੋਂ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਨਿਰਪੱਖ ਏਜੰਸੀ ਨੂੰ ਸੌਂਪੀ ਜਾਵੇ। ਉਂਜ ਉਨ੍ਹਾਂ ਨਿਆਂ ਪ੍ਰਣਾਲੀ ‘ਤੇ ਭਰੋਸਾ ਜਤਾਇਆ ਪ੍ਰੰਤੂ ਵਿਜੀਲੈਂਸ ਅਤੇ ਗ੍ਰਹਿ ਵਿਭਾਗ ਮੁੱਖ ਮੰਤਰੀ ਕੋਲ ਹੋਣ ਕਰਕੇ ਸ੍ਰੀ ਬੀਰਦਵਿੰਦਰ ਸਿੰਘ ਦਾ ਮੰਨਣਾ ਹੈ ਕਿ ਵਿਜੀਲੈਂਸ ਨਿਰਪੱਖ ਹੋ ਕੇ ਕੇਸ ਦੀ ਪੈਰਵੀ ਨਹੀਂ ਕਰ ਸਕੇਗੀ।