ਅਕਾਲ ਤਖ਼ਤ ‘ਤੇ ਹੋਇਆ ਜੂਨ -84 ਦੇ ਘੱਲੂਘਾਰੇ ਦਾ ਵਰੇਗੰਢ ਸਮਾਗਮ

0
121

ਗੂੰਜੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ
ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਨੌਜਵਾਨਾਂ ‘ਚ ਧੱਕਾਮੁੱਕੀ

An unidentified person being nabbed by SGPC task force who reportedly tried to create ruckus during theOperation Blue Star anniversary programme in Golden Temple complex in Amritsar on Wednesday photo vbishal kumar
ਘੱਲੂਘਾਰਾ ਦਿਵਸ ਸਮਾਗਮ ਮੌਕੇ ਦਰਬਾਰ ਸਾਹਿਬ ਕੰਪਲੈਕਸ ਵਿੱਚ ਵਿਰੋਧੀ ਧੜੇ ਦੇ ਇਕ ਵਿਅਕਤੀ ਨੂੰ ਕਾਬੂ ਕਰਦੇ ਹੋਏ ਸ਼੍ਰੋਮਣੀ ਕਮੇਟੀ ਟਾਸਕ ਫੋਰਸ ਦੇ ਮੈਂਬਰ।

ਅੰਮ੍ਰਿਤਸਰ/ਬਿਊਰੋ ਨਿਊਜ਼
ਸਾਕਾ ਨੀਲਾ ਤਾਰਾ ਦੀ 34ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਭਾਰਤ ਸਰਕਾਰ ਇਸ ਫ਼ੌਜੀ ਹਮਲੇ ਨਾਲ ਸਬੰਧਤ ਸਰਕਾਰੀ ਦਸਤਾਵੇਜ਼ਾਂ ਨੂੰ ਜਨਤਕ ਕਰੇ ਤਾਂ ਜੋ ਹਮਲੇ ਨੂੰ ਕਰਨ ਤੇ ਕਰਾਉਣ ਵਾਲਿਆਂ ਬਾਰੇ ਲੋਕਾਂ ਨੂੰ ਜਾਣਕਾਰੀ ਮਿਲ ਸਕੇ।  ਇਸ ਦੌਰਾਨ, ਇਥੇ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਕੀਤੀ ਗਈ ਅਤੇ ਖਾਲਿਸਤਾਨੀ ਝੰਡਾ ਵੀ ਲਹਿਰਾਇਆ ਗਿਆ।  ਨਿਯਮਾਂ ਦੀ ਉਲੰਘਣਾ ਤੋਂ ਰੋਕਣ ਕਾਰਨ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਕੁਝ ਨੌਜਵਾਨਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ ਜਿਸ ਵਿਚ ਕੁਝ ਦੀਆਂ ਦਸਤਾਰਾਂ ਦੀ ਬੇਅਦਬੀ ਵੀ ਹੋਈ। ਇਸ ਦੌਰਾਨ, ਪੁਲੀਸ ਨੇ ਅਜਿਹੇ ਨੌਜਵਾਨ ਵੀ ਕਾਬੂ ਕੀਤੇ ਹਨ ਜਿਨ੍ਹਾਂ ਨੂੰ ਇਥੇ ਨਾਅਰੇਬਾਜ਼ੀ ਲਈ ਭੇਜਿਆ ਗਿਆ ਸੀ।
ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ‘ਤੇ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਮਗਰੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ। ਜਿਵੇਂ ਹੀ ਉਨ੍ਹਾਂ ਸੰਦੇਸ਼ ਪੜ੍ਹਨਾ ਸ਼ੁਰੂ ਕੀਤਾ, ਅਕਾਲ ਤਖ਼ਤ ਦੇ ਸਾਹਮਣੇ ਬੈਠੇ ਦਲ ਖਾਲਸਾ ਦੇ ਕਾਰਕੁਨਾਂ ਨੇ ਜਥੇਦਾਰ ਦਾ ਵਿਰੋਧ ਸ਼ੁਰੂ ਕਰ      ਦਿੱਤਾ। ਉਨ੍ਹਾਂ ਦੀ ਨਾਅਰੇਬਾਜ਼ੀ ਉਸ ਵੇਲੇ ਤਕ ਜਾਰੀ ਰਹੀ ਜਦੋਂ ਤਕ ਸੰਦੇਸ਼ ਖ਼ਤਮ ਨਹੀਂ ਹੋ ਗਿਆ। ਮਗਰੋਂ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਹੇਠਾਂ ਆ ਗਏ ਜੋ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਦੀ ਤਾਬਿਆ ਬੈਠੇ ਹੋਏ ਸਨ। ਉਨ੍ਹਾਂ ਇਥੇ ਆਪਣਾ ਭਾਸ਼ਣ ਦੇਣ ਦਾ ਯਤਨ ਕੀਤਾ ਤਾਂ ਉਨ੍ਹਾਂ ਦੇ ਸਮਰਥਕ ਸ੍ਰੀ ਅਕਾਲ ਤਖ਼ਤ ਦੇ ਹੇਠਾਂ ਬਣੇ ਥੜੇ ‘ਤੇ ਚੜ ਗਏ ਜਿਨ੍ਹਾਂ ਨੂੰ ਟਾਸਕ ਫੋਰਸ ਅਤੇ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਨੇ ਹਟਾਉਣ ਦਾ ਯਤਨ ਵੀ ਕੀਤਾ। ਇਨ੍ਹਾਂ ਕਾਰਕੁਨਾਂ ਵਿੱਚੋਂ ਕੁਝ ਤਾਂ ਇਥੇ ਲੱਗੀ ਗੋਲਕ ‘ਤੇ ਵੀ ਚੜ੍ਹ ਗਏ। ਕੁਝ ਕਾਰਕੁਨਾਂ ਨੇ ਇਕ ਬੱਚੇ ਨੂੰ ਸ੍ਰੀ ਅਕਾਲ ਤਖਤ ਦੀ ਫਸੀਲ ਤੇ ਚੜ੍ਹਾਉਣ ਦਾ ਵੀ ਯਤਨ ਕੀਤਾ ਜਿਸ ਦੇ ਹੱਥ ਵਿੱਚ ਖਾਲਿਸਤਾਨੀ ਝੰਡਾ ਸੀ ਜਿਸ ਨੂੰ ਉਹ ਸ੍ਰੀ ਅਕਾਲ ਤਖ਼ਤ ਦੀ ਫਸੀਲ ‘ਤੇ ਲਹਿਰਾਉਣਾ ਚਾਹੁੰਦੇ ਸਨ ਪਰ ਉਹ ਸਫਲ ਨਾ ਹੋ ਸਕੇ। ਇਸ ਦੌਰਾਨ, ਟਾਸਕ ਫੋਰਸ ਅਤੇ ਕੁਝ ਨੌਜਵਾਨਾਂ ਵਿਚਾਲੇ ਧੱਕਾ ਮੁੱਕੀ ਵੀ ਹੋਈ। ਕੁਝ ਨੌਜਵਾਨਾਂ ਦੀਆਂ ਦਸਤਾਰਾਂ ਵੀ ਉਤਰ ਗਈਆਂ। ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਨੇ ਇਨ੍ਹਾਂ ਨੌਜਵਾਨਾਂ ਦਾ ਡਾਂਗਾਂ ਨਾਲ ਕੁਟਾਪਾ ਵੀ ਕੀਤਾ।
ਇਸ ਤੋਂ ਪਹਿਲਾਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅਖਿਆ ਕਿ ਭਾਰਤ ਦੇ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡੇਜ਼ ਇੰਕਸ਼ਾਫ ਕਰ ਚੁੱਕੇ ਹਨ ਕਿ ਸਿੱਖ ਰੈਂਫਰੈਂਸ ਲਾਇਬਰੇਰੀ ਦਾ ਅਮੁੱਲਾ ਖਜ਼ਾਨਾ ਭਾਰਤ ਸਰਕਾਰ ਕੋਲ ਹੈ, ਇਸ ਨੂੰ ਸਿੱਖ ਕੌਮ ਨੂੰ ਵਾਪਸ ਕੀਤਾ ਜਾਣਾ ਚਾਹੀਦਾ ਹੈ। ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਰਿਵਾਲਵਰ ਅਤੇ ਤੀਰ ਵੀ ਸਿੱਖ ਕੌਮ ਨੂੰ ਵਾਪਸ ਕੀਤਾ ਜਾਵੇ। ਉਨ੍ਹਾਂ ਸਿੱਖ ਕੌਮ ਨੂੰ ਇਕ ਪਿੰਡ ਇਕ ਗੁਰਦੁਆਰਾ ਮੁਹਿੰਮ ਨੂੰ ਸਹਿਯੋਗ ਦੇਣ, ਬਰਗਾੜੀ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ, ਭਰੂਣ ਹੱਤਿਆਵਾਂ, ਨਸ਼ਿਆਂ ਤੇ ਪਤਿਤਪੁਣੇ ਨੂੰ ਰੋਕਣ ਲਈ ਵੀ ਆਖਿਆ ।
ਇਸ ਮੌਕੇ  ਸ੍ਰੀ ਅਕਾਲ ਤਖਤ ਦੇ ਜਥੇਦਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਆਦਿ ਨੇ ਵੱਖ ਵੱਖ ਸ਼ਹੀਦ ਪਰਿਵਾਰਾਂ ਦੇ ਰਿਸ਼ਤੇਦਾਰਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਵੀ ਕੀਤਾ। ਸਮਾਗਮ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ , ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸਿਮਰਨਜੀਤ ਸਿੰਘ ਮਾਨ, ਦਲ ਖਾਲਸਾ ਦੇ ਹਰਪਾਲ ਸਿੰਘ ਚੀਮਾ, ਸਤਨਾਮ ਸਿੰਘ ਪਾਉਂਟਾ ਸਾਹਿਬ, ਕੰਵਰਪਾਲ ਸਿੰਘ, ਸਰਬਜੀਤ ਸਿੰਘ ਘੁਮਾਣ, ਪਰਮਜੀਤ ਸਿੰਘ, ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਰਨੈਲ ਸਿੰਘ ਸਖੀਰਾ, ਡਾ. ਬਰਜਿੰਦਰ ਸਿੰਘ, ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ, ਅਧਿਕਾਰੀ ਤੇ ਹੋਰ ਪਤਵੰਤੇ ਹਾਜ਼ਰ ਸਨ।