ਹਰਿਮੰਦਰ ਸਾਹਿਬ ਵਿਚ ਸੰਗਤਾਂ ਨੇ ਧੂਮ-ਧਾਮ ਨਾਲ ਮਨਾਇਆ ਪ੍ਰਕਾਸ਼ ਦਿਹਾੜਾ

0
314

sri-harmandir-sahib
ਅੰਮ੍ਰਿਤਸਰ/ਬਿਊਰੋ ਨਿਊਜ਼ :
ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਗੁਰਪੁਰਬ ਮੌਕੇ ਵੱਡੀ ਗਿਣਤੀ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।  ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ। ਪਹਿਲੇ ਪਾਤਸ਼ਾਹ ਨੇ ਆਪਣੀਆਂ ਉਦਾਸੀਆਂ ਦੌਰਾਨ ਹਰ ਧਰਮ, ਜਾਤ-ਪਾਤ, ਵਰਣ, ਮਜ਼੍ਹਬ, ਰੂਪ-ਰੰਗ ਦੇ ਲੋਕਾਂ ਲਈ ਸਿੱਖਿਆਵਾਂ ਦੀਆਂ ਛਹਿਬਰਾਂ ਲਾਈਆਂ। ਉਨ੍ਹਾਂ ਵੱਲੋਂ ਦਿੱਤੀ ਗਈ ਦਿੱਤੀ ‘ਵੰਡ ਛਕਣ’ ਦੀ ਸਿੱਖਿਆ ਸਦਕਾ ਹੀ ਅੱਜ ਸਿੱਖ ਕੌਮ ਵੱਲੋਂ ਲਾਏ ਜਾ ਰਹੇ ਅਤੁੱਟ ਲੰਗਰਾਂ ਵਿੱਚ ਹਰ ਧਰਮ, ਜਾਤ-ਪਾਤ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਆਪਣਾ ਪੇਟ ਭਰ ਰਹੇ ਹਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸਵੇਰੇ ਮੁੱਖਵਾਕ ਦੀ ਕਥਾ ਉਪਰੰਤ ਸਕੂਲੀ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ ਗਏ। ਪ੍ਰਸਿੱਧ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਉਪਰੰਤ ਰਾਤ 9 ਵਜੇ ਕਵੀ ਸਮਾਗਮ ਕਰਵਾਇਆ ਗਿਆ।