ਸਿੱਖ ਵਿਆਹਾਂ ‘ਤੇ ਘੱਟ ਤੋਂ ਘੱਟ ਖਰਚ ਕਰਨ : ਸਿੰਘ ਸਾਹਿਬਾਨ

0
551

Five Takht heads JAthedhar to conduct meeting at their office in AMritsar on decber 12. Photo By Munish Sharma

ਅੰਮ੍ਰਿਤਸਰ/ਬਿਊਰੋ ਨਿਊਜ਼ :
ਇੱਥੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸਿੱਖ ਭਾਈਚਾਰੇ ਨੂੰ ਵਿਆਹ ਸਮਾਗਮਾਂ ਦੇ ਖਰਚੇ ਘੱਟ ਕਰਨ ਦੇ ਹੁਕਮ ਦਿੱਤੇ ਗਏ ਅਤੇ ਦਸਮ ਪਾਤਸ਼ਾਹ ਦੇ 350 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵੱਧ ਤੋਂ ਵੱਧ ਗੁਰਮਤਿ ਸਮਾਗਮ ਕਰਾਉਣ ਲਈ ਕਿਹਾ ਗਿਆ। ਅਕਾਲ ਤਖ਼ਤ ਵੱਲੋਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਲਈ ਉਨ੍ਹਾਂ ਦਾ ਸਨਮਾਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸਿੰਘ ਸਾਹਿਬਾਨ ਨੇ ਸੰਸਦ ਮੈਂਬਰ ਭਗਵੰਤ ਮਾਨ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ਬਾਰੇ ਕੋਈ ਵਿਚਾਰ-ਚਰਚਾ ਨਹੀਂ ਕੀਤੀ।
ਮੀਡੀਆ ਨੂੰ ਸੰਬੋਧਨ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਵਿਆਹਾਂ ‘ਤੇ ਬੇਲੋੜਾ ਖਰਚ ਨਾ ਕੀਤਾ ਜਾਵੇ ਅਤੇ ਸਿੱਖ ਰੀਤਾਂ ਮੁਤਾਬਕ ਵਿਆਹ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਨੰਦ ਕਾਰਜ 12 ਵਜੇ ਤੋਂ ਪਹਿਲਾਂ ਕੀਤੇ ਜਾਣ ਅਤੇ ਗੁਰਦੁਆਰੇ ਵਿੱਚ ਹੀ ਲੰਗਰ ਦਾ ਪ੍ਰਬੰਧ ਕੀਤਾ ਜਾਵੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਗੁਰਮਤਿ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਮੁੱਚੇ ਖ਼ਾਲਸਾ ਪੰਥ ਨੂੰ ਆਦੇਸ਼ ਦਿੱਤਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਪਰਪਿਤ ਵੱਧ ਤੋਂ ਵੱਧ ਗੁਰਮਤਿ ਸਮਾਗਮ ਕਰਾਏ ਜਾਣ। ਸਿੰਘ ਸਾਹਿਬਾਨ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦਾ ਪੰਥ ਵਾਸਤੇ ਨਿਭਾਈਆਂ ਸੇਵਾਵਾਂ ਲਈ ਸਨਮਾਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਬੰਧੀ ਮਾਮਲਾ ਹਾਲੇ ਵਿਚਾਰ ਅਧੀਨ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ‘ਤੇ ਭਾਜਪਾ ਦੇ ਕੌਮੀ ਸਕੱਤਰ ਆਰ.ਪੀ. ਸਿੰਘ ਨੇ ਅਰਦਾਸ ਮਗਰੋਂ ਪੜ੍ਹੀ ਜਾਂਦੀ ਪੰਕਤੀ ਨੂੰ ਬਦਲ ਕੇ ਗ਼ਲਤ ਢੰਗ ਨਾਲ ਬੋਲਣ ਦੇ ਦੋਸ਼ ਲਾਏ ਸਨ ਅਤੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ। ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਦਰਬਾਰ ਸਾਹਿਬ ਦੇ ਹੈੱਡ  ਗ੍ਰੰਥੀ ਗਿਆਨੀ ਰਘੁਬੀਰ ਸਿੰਘ, ਹੈੱਡ ਗ੍ਰੰਥੀ ਗਿਆਨੀ ਮੱਲ ਸਿੰਘ ਅਤੇ ਗਿਆਨੀ ਗੁਰਮੁੱਖ ਸਿੰਘ ਮੌਜੂਦ ਸਨ।