ਰਣਜੀਤ ਸਿੰਘ ਕਮਿਸ਼ਨ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਭੇਜੇ ਸੰਮਨ

0
305

badungar-ks-sgpc-president-450x410-1497362451329
ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬ ਵਿਚ 2015 ਤੋਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਹਨ ਤਾਂ ਜੋ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਜਾਂ ਉਨ੍ਹਾਂ ਦੇ ਨੁਮਾਇੰਦੇ ਨੂੰ 9 ਅਕਤੂਬਰ ਨੂੰ ਪੇਸ਼ ਹੋ ਕੇ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। ਜਾਣਕਾਰੀ ਅਨੁਸਾਰ ਕਮਿਸ਼ਨ ਨੇ ਕਦੇ ਵੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੰਮਨ ਨਹੀਂ ਕੀਤਾ ਸੀ। ਕਮਿਸ਼ਨ ਨੇ ਸਭ ਤੋਂ ਪਹਿਲਾਂ 8 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਦੇ ਸਕੱਤਰਾਂ ਨੂੰ ਪੱਤਰ ਭੇਜ ਕੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁਆਫ਼ੀ ਦੇਣ ਅਤੇ ਫਿਰ ਮੁਆਫ਼ੀ ਵਾਪਸ ਲੈਣ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ 12 ਸਤੰਬਰ ਨੂੰ ਸੱਦਿਆ ਸੀ ਪਰ ਅੰਮ੍ਰਿਤਸਰ ਪੁੱਜੇ ਕਮਿਸ਼ਨ ਮੂਹਰੇ ਕੋਈ ਵੀ ਪੇਸ਼ ਨਹੀਂ ਹੋਇਆ। ਅਗਲੇ ਦਿਨ ਕਮਿਸ਼ਨ ਨੂੰ ਚਿੱਠੀ ਮਿਲੀ ਕਿ ਅਕਾਲ ਤਖ਼ਤ ਸੁਪਰੀਮ ਹੈ ਅਤੇ ਜਥੇਦਾਰ ਅਦਾਲਤਾਂ ਮੂਹਰੇ ਪੇਸ਼ ਨਹੀਂ ਹੁੰਦੇ। ਕਮਿਸ਼ਨ ਨੇ 13 ਸਤੰਬਰ ਨੂੰ ਹੀ ਪੱਤਰ ਭੇਜ ਕੇ ਆਖਿਆ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਰੁਤਬੇ ਅਤੇ ਉਸ ਦੀ ਪਵਿੱਤਰਤਾ ਨੂੰ ਜਾਣਦੇ ਹਨ ਅਤੇ ਇਸ ਕਰਕੇ ਉਨ੍ਹਾਂ ਜਥੇਦਾਰ ਨੂੰ ਕੋਈ ਸੰਮਨ ਨਹੀਂ ਭੇਜਿਆ ਸੀ। ਫਿਰ 15 ਸਤੰਬਰ ਨੂੰ ਜਦੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਕਮਿਸ਼ਨ ਕੋਲ ਪੇਸ਼ ਨਹੀਂ ਹੋਏ ਤਾਂ ਥੱਕ-ਹਾਰ ਕੇ ਹੁਣ ਉਨ੍ਹਾਂ ਨੂੰ ਸੰਮਨ ਭੇਜੇ ਗਏ ਹਨ। ਸੰਮਨਾਂ ਵਿਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਦੇ ਰਿਕਾਰਡ ਵਿਚ ਸਾਰੀ ਸਚਾਈ ਮੌਜੂਦ ਹੋਵੇਗੀ ਅਤੇ ਇਹ ਪੁਖ਼ਤਾ ਸਬੂਤ ਸਾਬਿਤ ਹੋ ਸਕਦੇ ਹਨ।
ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸੁਝਾਅ ਦੇਵੇਗਾ ਕਮਿਸ਼ਨ
ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਗੁਰਦੁਆਰਿਆਂ ਵਿਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਸੁਝਾਅ ਦੇਣ ਦਾ ਇਰਾਦਾ ਹੈ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਹੋ ਸਕੇ। ਅਜਿਹੇ ਹਾਲਾਤ ਵਿਚ ਕਮਿਸ਼ਨ ਚਾਹੁੰਦਾ ਹੈ ਕਿ ਸ਼੍ਰੋਮਣੀ ਕਮੇਟੀ ਵਰਗੀਆਂ ਧਾਰਮਿਕ ਜਥੇਬੰਦੀਆਂ ਤੋਂ ਸੁਝਾਅ ਲਏ ਜਾਣ। ਵੇਰਵੇ ਦੇਣ ਤੋਂ ਇਨਕਾਰ ਕਰਦਿਆਂ ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਕਮਿਸ਼ਨ ਹਰ ਪੱਖ ‘ਤੇ ਵਿਚਾਰ ਕਰ ਰਿਹਾ ਹੈ। ਇਹ ਸੰਕੇਤ ਮਿਲੇ ਹਨ ਕਿ ਕਮਿਸ਼ਨ ਬੇਅਦਬੀ ਦੀਆਂ ਘਟਨਾਵਾਂ ਅਤੇ ਡੇਰਾ ਪੈਰੋਕਾਰਾਂ ਵਿਚਕਾਰ ਸੰਭਾਵਿਤ ਸਬੰਧਾਂ ਦੀ ਪੜਤਾਲ ਵੀ ਕਰ ਰਿਹਾ ਹੈ।