ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗ੍ਰਿਤੀ ਯਾਤਰਾ ਆਨੰਦਪੁਰ ਸਾਹਿਬ ਪੁੱਜੀ

0
579

Chandigarh: Punjab Chief Minister Parkash Singh Badal with Bihar Chief Minister Nitish Kumar in Chandigarh on Sunday. PTI Photo(PTI11_27_2016_000129B)

ਨਿਤੀਸ਼ ਕੁਮਾਰ ਵੱਲੋਂ ਦੇਸ਼ ਭਰ ਵਿੱਚ ਸ਼ਰਾਬਬੰਦੀ ਦਾ ਸੱਦਾ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ :
ਖ਼ਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗ੍ਰਿਤੀ ਯਾਤਰਾ ਦਾ ਸਵਾਗਤ ਕਰਨ ਪੁੱਜੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਮੁੱਚੇ ਦੇਸ਼ ਵਿੱਚ ਬਿਹਾਰ ਵਾਂਗ ਸ਼ਰਾਬਬੰਦੀ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇ 11 ਕਰੋੜ ਦੀ ਅਬਾਦੀ ਵਾਲੇ ਬਿਹਾਰ ਰਾਜ ਵਿੱਚ ਸ਼ਰਾਬ ਪੂਰਨ ਤੌਰ ‘ਤੇ ਬੰਦ ਹੋ ਸਕਦੀ ਹੈ ਤਾਂ ਦੇਸ਼ ਦੇ ਹੋਰਨਾਂ ਰਾਜਾਂ ਵਿੱਚ ਕਿਉਂ ਬੰਦ ਨਹੀਂ ਹੋ ਸਕਦੀ। ਅਕਤੂਬਰ ਮਹੀਨੇ ਤੋਂ ਸ਼ੁਰੂ ਹੋਈ ਜਾਗ੍ਰਿਤੀ ਯਾਤਰਾ ਵੱਖ-ਵੱਖ ਰਾਜਾਂ ਤੋਂ ਹੁੰਦੀ ਹੋਈ ਸ੍ਰੀ ਆਨੰਦਪੁਰ ਸਾਹਿਬ ਪੁੱਜੀ। ਇਸ ਦਾ ਸਵਾਗਤ ਕਰਨ ਲਈ ਬਿਹਾਰ ਤੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਉਨ੍ਹਾਂ ਦੇ ਸਾਥੀ ਪੁੱਜੇ ਹੋਏ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫ਼ੈਸਰ ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਲਵਾਈ।
ਇਸ ਮੌਕੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਇਹ ਬੁਹਤ ਮਾਣ ਵਾਲੀ ਗੱਲ ਹੈ ਕਿ ਪਟਨਾ ਸਾਹਿਬ ਦੀ ਧਰਤੀ ‘ਤੇ ਜਨਮੇ ਤੇ ਦੁਨੀਆਂ ਨੂੰ ਵੀਰਤਾ ਦਾ ਪਾਠ ਪੜ੍ਹਾਉਣ ਵਾਲੇ ਦਸਮ ਗੁਰੂ ਗੋਬਿੰਦ ਸਿੰਘ ਦਾ 350ਵਾਂ ਪ੍ਰਕਾਸ਼ ਪੁਰਬ ਉਹ ਜਨਵਰੀ ਮਹੀਨੇ ਪਟਨਾ ਸਾਹਿਬ ਵਿਖੇ ਮਨਾਉਣ ਜਾ ਰਹੇ ਹਨ। ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਬਿਹਾਰ ਸਰਕਾਰ ਨੇ ਕਰੀਬ 50 ਕਰੋੜ ਰੁਪਏ ਦੀ ਲਾਗਤ ਨਾਲ 55 ਹਜ਼ਾਰ ਸ਼ਰਧਾਲੂਆਂ ਲਈ ਰਿਹਾਇਸ਼ ਦੀ ਸਹੂਲਤ ਲਈ ਟੈਂਟਿੰਗ ਰਿਹਾਇਸ਼ ਦਾ ਪ੍ਰਬੰਧ ਕੀਤਾ ਹੈ। ਪ੍ਰੋਫ਼ੈਸਰ ਕਿਰਪਾਲ ਸਿੰਘ ਬਡੂੰਗਰ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮੈਨੇਜਮੈਂਟ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਦਾ ਸਹਿਯੋਗ ਕਰੇਗੀ।
ਲੋਕ ਸਭਾ ਮੈਂਬਰ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਨਿਤੀਸ਼ ਕੁਮਾਰ ਨੂੰ ‘ਜੀ ਆਇਆਂ ਨੂੰ’ ਕਿਹਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਗਿਆਨੀ ਇਕਬਾਲ ਸਿੰਘ, ਬਾਬਾ ਬਲਵੀਰ ਸਿੰਘ ਹਾਜ਼ਰ ਸਨ।

ਨਿਤੀਸ਼ ਕੁਮਾਰ ਨੇ ਬਾਦਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਥੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨਿਤੀਸ਼ ਕੁਮਾਰ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਸਬੰਧੀ ਸਮਾਰੋਹ ਤੋਂ ਪਹਿਲਾਂ ਹੀ ਸ੍ਰੀ ਬਾਦਲ ਨੂੰ ਸ੍ਰੀ ਪਟਨਾ ਸਾਹਿਬ ਪਹੁੰਚਣ ਦਾ ਸੱਦਾ ਦਿੱਤਾ ਹੈ। ਸ੍ਰੀ ਬਾਦਲ ਨੇ ਗੁਰੂ ਗੋਬਿੰਦ ਸਿੰਘ ਦਾ 350ਵਾਂ ਪ੍ਰਕਾਸ਼ ਉਤਸਵ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਨਿਤੀਸ਼ ਕੁਮਾਰ ਦੇ ਨਾਲ ਬਿਹਾਰ ਦੀ ਸੈਰ ਸਪਾਟਾ ਮੰਤਰੀ ਅਨੀਤਾ ਦੇਵੀ ਵੀ ਸਨ।