ਅਕਾਲੀਆਂ ਤੇ ਕਾਂਗਰਸੀਆਂ ਨੇ ਮਨਾਈ ਸੰਤ ਲੌਂਗੋਵਾਲ ਦੀ ਬਰਸੀ

0
111

ਅਮਨ-ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਨੇ ਸੰਤ ਲੌਂਗੋਵਾਲ ਨੂੰ ਸ਼ਹੀਦ ਕੀਤਾ : ਕਾਂਗਰਸ

sant-longowal-congress
ਕੈਪਸ਼ਨ-ਸੰਤ ਲੌਂਗੋਵਾਲ ਦੇ ਬਰਸੀ ਸਮਾਗਮ ਵਿੱਚ ਮੌਜੂਦ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਵਿਜੈਇੰਦਰ ਸਿੰਗਲਾ, ਦਲਵੀਰ ਸਿੰਘ ਗੋਲਡੀ ਤੇ ਹੋਰ।
ਸੰਗਰੂਰ/ਬਿਊਰੋ ਨਿਊਜ਼ :
ਪੰਜਾਬ ਸਰਕਾਰ ਵੱਲੋਂ ਸੰਤ ਹਰਚੰਦ ਸਿੰਘ ਲੌਗੋਵਾਲ ਦੀ 32ਵੀਂ ਬਰਸੀ ਮੌਕੇ ਸੂਬਾ ਪੱਧਰੀ ਸਮਾਗਮ ਇੱਥੋਂ ਦੀ ਅਨਾਜ ਮੰਡੀ ਵਿੱਚ ਕਰਾਇਆ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਵਿਧਾਇਕ ਵਿਜੈਇੰਦਰ ਸਿੰਗਲਾ ਅਤੇ ਦਲਵੀਰ ਸਿੰਘ ਗੋਲਡੀ ਨੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਵੀ ਪੁੱਜਣਾ ਸੀ ਪਰ ਉਹ ਸਮਾਗਮ ਵਿੱਚ ਹਾਜ਼ਰ ਨਹੀਂ ਹੋਏ।
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਗੋਂਵਾਲ ਨੇ ਉਸ ਸਮੇਂ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ, ਜਦੋਂ ਸੂਬਾ ਖ਼ੂਨ ਦੀ ਲੜਾਈ ਲੜ ਰਿਹਾ ਸੀ। ਸੰਤ ਲੌਂਗੋਵਾਲ ਨੇ ਰਾਜੀਵ-ਲੌਂਗੋਵਾਲ ਸਮਝੌਤਾ ਕਰ ਕੇ ਪੰਜਾਬ ਅਤੇ ਪੰਜਾਬੀਅਤ ਦੀ ਬਹਾਲੀ ਲਈ ਅਹਿਮ ਯੋਗਦਾਨ ਪਾਇਆ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਸੰਤ ਲੌਂਗੋਵਾਲ ਦੇ ਜੀਵਨ ਦਾ ਮਕਸਦ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਸੀ ਪਰ ਉਸ ਸਮੇਂ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੇ ਸੰਤ ਲੌਂਗੋਵਾਲ ਨੂੰ ਸ਼ਹੀਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਲੌਂਗੋਵਾਲ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਸਬੇ ਦੀ ਸਥਿਤੀ ਤੋਂ ਜਾਣੂ ਕਰਵਾਇਆ ਜਾਵੇਗਾ।
ਇਸ ਮਗਰੋਂ ਸ੍ਰੀ ਧਰਮਸੋਤ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਕੁਰਾਨ ਸ਼ਰੀਫ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਵਿੱਚ ਹੋਏ 700 ਕਰੋੜ ਦੇ ਘਪਲੇ ਨੂੰ ਛੇਤੀ ਉਜਾਗਰ ਕੀਤਾ ਜਾਵੇਗਾ, ਜਿਸ ਦੀ ਜਾਂਚ ਆਖ਼ਰੀ ਪੜਾਅ ‘ਤੇ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ, ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਦਮਨ ਥਿੰਦ ਬਾਜਵਾ ਤੇ ਸਾਬਕਾ ਮੰਤਰੀ ਸੁਰਿੰਦਰ ਸਿੰਘ ਧੂਰੀ ਨੇ ਵੀ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਵਿੱਚ ਸੰਤ ਲੌਂਗੋਵਾਲ ਦੇ ਭਤੀਜੇ  ਰੂਪ ਸਿੰਘ ਸਣੇ ਹੋਰ ਪਰਿਵਾਰਕ ਮੈਂਬਰ ਵੀ ਸ਼ਾਮਲ ਸਨ।

ਕਾਂਗਰਸ ਨੇ ਸੰਤ ਲੌਂਗੋਵਾਲ ਨਾਲ ਧੋਖਾ ਕੀਤਾ : ਸੁਖਬੀਰ ਬਾਦਲ

sant-longowal-akali
ਕੈਪਸ਼ਨ-ਸੰਤ ਲੌਂਗੋਵਾਲ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਸੁਖਬੀਰ ਸਿੰਘ ਬਾਦਲ।
ਸੰਗਰੂਰ/ਬਿਊਰੋ ਨਿਊਜ਼ :
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵੱਖਰਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਅਕਾਲੀ ਲੀਡਰਸ਼ਿਪ ਨੇ ਇਸ ਸਮਾਗਮ ਦੌਰਾਨ ਜਿੱਥੇ ਆਪਣੇ ਇੱਕ ਦਹਾਕੇ ਦੇ ਕਾਰਜਕਾਲ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹੇ, ਉਥੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਨਿਕੰਮੀ ਸਰਕਾਰ ਗਰਦਾਨਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਦੇ ਪ੍ਰਧਾਨ ਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ। ਲੌਂਗੋਵਾਲ ਦੇ ਭਾਈ ਦਿਆਲਾ ਜੀ ਪਬਲਿਕ ਸਕੂਲ ਵਿੱਚ ਕਰਵਾਏ ਸਮਾਗਮ ਦੌਰਾਨ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਜੇ ਸਾਂਪਲਾ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਸ਼ਹਾਦਤ ਦਿੱਤੀ। ਸੰਤ ਲੌਂਗੋਵਾਲ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਹੀ ਅਕਾਲੀ-ਭਾਜਪਾ ਦੀ ਸਾਂਝ ਮਜ਼ਬੂਤ ਹੈ। ਕੈਪਟਨ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਕੈਪਟਨ ਸਰਕਾਰ ਕਿਸਾਨਾਂ ਤੋਂ ਬੇਮੁੱਖ ਹੋ ਗਈ ਹੈ ਅਤੇ ਕਰਜ਼ਾ ਮੁਆਫ਼ੀ ਤੋਂ ਮੁੱਕਰ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਗਲੇ ਪੰਜ ਸਾਲਾਂ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਹਰ ਨਗਰ ਕੌਂਸਲ ਨੂੰ 21-21 ਕਰੋੜ ਰੁਪਏ ਤੇ ਹਰ ਪਿੰਡ ਨੂੰ 80-80 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੰਤ ਲੌਂਗੋਵਾਲ ਨੂੰ ਇਹੋ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਅਕਾਲੀ ਦਲ ਹੋਰ ਤਕੜਾ ਹੋਵੇ। ਕਾਂਗਰਸ ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਕੇ ਸਰਕਾਰ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਸੰਤ ਲੌਂਗੋਵਾਲ ਨਾਲ ਧੋਖਾ ਕੀਤਾ ਤੇ ਹੁਣ ਕਿਸਾਨਾਂ ਅਤੇ ਨੌਜਵਾਨਾਂ ਨਾਲ ਝੂਠੇ ਵਾਅਦੇ ਕਰ ਕੇ ਉਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਅਕਾਲੀ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਸੇ ਤੋਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ, ”ਜੇਕਰ ਕਿਸੇ ਵਰਕਰ ‘ਤੇ ਕੋਈ ਜ਼ੁਲਮ ਹੋਵੇ ਤਾਂ ਥਾਣੇ ਦਾ ਘਿਰਾਓ ਕਰਕੇ ਬੈਠ ਜਾਓ ‘ਤੇ ਮੈਨੂੰ ਫੋਨ ਕਰ ਦਿਓ।”
ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ, ਸਾਬਕਾ ਸੰਸਦੀ ਸਕੱਤਰ ਬਲਵੀਰ ਸਿੰਘ ਘੁੰਨਸ, ਪ੍ਰਕਾਸ਼ ਚੰਦ ਗਰਗ ਨੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ।
ਅਰਦਾਸ ‘ਚ ਸ਼ਾਮਲ ਹੀ ਨਾ ਹੋਏ ਅਕਾਲੀ ਆਗੂ :
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਏ ਸ਼ਰਧਾਂਜਲੀ ਸਮਾਗਮ ਦੌਰਾਨ ਪੰਡਾਲ ਵਿੱਚ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਕੀਤਾ ਹੋਇਆ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਦੋਂ ਅਖ਼ੀਰ ਵਿੱਚ ਆਪਣਾ ਭਾਸ਼ਣ ਖਤਮ ਕੀਤਾ ਤਾਂ ਗ੍ਰੰਥੀ ਸਿੰਘ ਵੱਲੋਂ ਅਰਦਾਸ ਹੋਣ ਦਾ ਐਲਾਨ ਕੀਤਾ ਗਿਆ, ਪਰ ਅਕਾਲੀ ਲੀਡਰਸ਼ਿਪ ਅਰਦਾਸ ਹੋਣ ਤੋਂ ਪਹਿਲਾਂ ਹੀ ਖਾਣਾ ਖਾਣ ਚਲੀ ਗਈ।