ਮਾਨ ਦਲ ਵਿਸਾਖੀ ਮੌਕੇ ਸਰਬੱਤ ਖ਼ਾਲਸਾ ਤੇ ਹਮਖਿਆਲੀਆਂ ਨਾਲ ਰਲ ਕੇ ਕਰੇਗਾ ਸਿਆਸੀ ਕਾਨਫਰੰਸ

0
132

ss-mann-conf
ਬਠਿੰਡਾ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ।
ਬਠਿੰਡਾ/ਬਿਊਰੋ ਨਿਊਜ਼:
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਵਿਸਾਖੀ ਮੌਕੇ ਤਖ਼ਤ ਦਮਦਮਾ ਸਾਹਿਬ ਵਿਖੇ ਸਰਬੱਤ ਖ਼ਾਲਸਾ ਅਤੇ ਹੋਰ ਹਮਖਿਆਲੀ ਧਿਰਾਂ ਨਾਲ ਸਾਂਝੀ ਸਟੇਜ ਲਾਈ ਜਾਵੇਗੀ, ਜਿਸ ਵਿੱਚ ਬਰਗਾੜੀ ਕਾਂਡ ਅਤੇ ਮੌੜ ਬੰਬ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾਵੇਗੀ।
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਿਸਾਖੀ ਮੌਕੇ ਲਾਈ ਜਾਣ ਵਾਲੀ ਸਾਂਝੀ ਸਟੇਜ ਦੇ ਸਬੰਧ ਵਿੱਚ 11 ਅਪਰੈਲ ਨੂੰ ਮੀਟਿੰਗ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਸਾਂਝੀ ਸਟੇਜ ਸਰਬੱਤ ਖ਼ਾਲਸਾ ਵੱਲੋਂ ਥਾਪੇ ਅਕਾਲ ਤਖ਼ਤ ਦੇ ਜਥੇਦਾਰ ਧਿਆਨ ਸਿੰਘ ਮੰਡ ਅਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਦੇਖ-ਰੇਖ ਵਿੱਚ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ ਅਤੇ 500 ਤੋਂ ਉਪਰ ਮੁਲਾਜ਼ਮਾਂ ਨੂੰ ਕੱਢਿਆ ਗਿਆ ਹੈ, ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਬਣੇ ਹੋਏ ਹਨ। ਇਸ ਮੌਕੇ ਗੁਰਸੇਵਕ ਸਿੰਘ ਜਵਾਹਰਕੇ ਆਪਣੇ ਸਾਥੀਆਂ ਸਮੇਤ ਦਲ ‘ਚ ਸ਼ਾਮਲ ਹੋਏ ਅਤੇ ਸਿਮਰਨਜੀਤ ਸਿੰਘ ਮਾਨ ਨੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬਲਵਿੰਦਰ ਸਿੰਘ ਮੰਡੇਰ, ਹਰਫੂਲ ਸਿੰਘ ਬਠਿੰਡਾ, ਰਾਜਿੰਦਰ ਸਿੰਘ, ਜਵਾਹਰਕੇ, ਜਸਵੀਰ ਸਿੰਘ ਰੜ੍ਹ, ਜਸਵੰਤ ਸਿੰਘ ਉੱਭਾ, ਸੁਖਦੇਵ ਸਿੰਘ, ਬੀਬੀ ਸਿਮਰਜੀਤ ਕੌਰ ਤੇ ਹੋਰ ਆਗੂ ਹਾਜ਼ਰ ਸਨ।