ਕੈਪਟਨ ਤੇ ਟਰੂਡੋ ‘ਚ ਹੋਵੇਗੀ ਮਸਾਂ 20 ਮਿੰਟ ਦੀ ਮੁਲਾਕਾਤ

0
321

trudo-in-ahmedabad-mandir
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਰਿਵਾਰ ਸਣੇ ਅਹਿਮਦਾਬਾਦ ਦੇ ਸਵਾਮੀਨਾਰਾਇਣ ਅਕਸ਼ਰਧਾਮ ਮੰਦਿਰ ਦੇ ਦੌਰੇ ਦੌਰਾਨ।
ਚੰਡੀਗੜ੍ਹ/ਬਿਊਰੋ ਨਿਊਜ਼:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੁਲਾਕਾਤ ਨੂੰ ਲੈ ਕੇ ਕਿਆਸਅਰਾਈਆਂ ਦਾ ਦੌਰ ਖ਼ਤਮ ਹੋ ਗਿਆ ਹੈ। ਦੋਵੇਂ ਆਗੂਆਂ ਵਿਚਾਲੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ 20 ਮਿੰਟ ਦੀ ਮੁਲਾਕਾਤ ਹੋਵੇਗੀ। ਵਿਦੇਸ਼ ਮੰਤਰਾਲੇ ਦੇ ਵਧੀਕ ਪ੍ਰੋਟੋਕੋਲ ਅਫ਼ਸਰ ਨੇ ਮੁੱਖ ਮੰਤਰੀ ਨੂੰ ਮੁਲਾਕਾਤ ਦਾ ਸਮਾਂ ਤੈਅ ਹੋਣ ਬਾਰੇ ਜਾਣਕਾਰੀ ਸੋਮਵਾਰ ਨੂੰ ਬਾਅਦ ਦੁਪਹਿਰ ਦਿੱਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਹੋਣ ਵਾਲੀ ਮੁਲਾਕਾਤ ਦੌਰਾਨ ਸੂਬੇ ਦੇ ਕੈਨੇਡਾ ਨਾਲ ਨੇੜਲੇ ਵਪਾਰਕ ਸਬੰਧਾਂ ਤੋਂ ਇਲਾਵਾ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸਬੰਧਾਂ ਨੂੰ ਹੋਰ ਬਿਹਤਰ ਬਣਾਉਣ ਬਾਰੇ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਇਸ ਮੀਟਿੰਗ ਦੀ ਉਡੀਕ ਕਰ ਰਹੇ ਹਨ। ਮੁੱਖ ਮੰਤਰੀ ਨੇ ਅੱਜ ਟਵੀਟ ਕੀਤਾ, ‘ਮੈਂ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਹੋਣ ਵਾਲੀ ਮੀਟਿੰਗ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਨੂੰ ਉਮੀਦ ਹੈ ਕਿ ਇਹ ਮੀਟਿੰਗ ਕੈਨੇਡਾ ਤੇ ਭਾਰਤ ਵਿਚਕਾਰ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਹੋਵੇਗੀ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਹੋਰ ਡੂੰਘੇ ਸਬੰਧ ਪੈਦਾ ਹੋਣਗੇ।’
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਹੈ ਕਿ ਇਸ ਮੁਲਾਕਤਾ ਨਾਲ ਕੈਨੇਡਾ ਅਤੇ ਭਾਰਤ ਵਿਚਾਲੇ, ਖ਼ਾਸ ਕਰ ਕੇ ਪੰਜਾਬ ਦੇ ਸੰਦਰਭ ਵਿੱਚ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣਗੇ ਕਿਉਂਕਿ ਕੈਨੇਡਾ ਵਿੱਚ ਵੱਡੀ ਗਿਣਤੀ ਪੰਜਾਬੀ ਵੱਸਦੇ ਹਨ। ਮੀਟਿੰਗ ਦੌਰਾਨ  ਵਪਾਰ ਅਤੇ ਵਣਜ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਦਿਸ਼ਾ ਵਿੱਚ ਸ੍ਰੀ ਟਰੂਡੋ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਨੇਡਾ ਨਾਲ ਡੂੰਘੀ ਸਾਂਝ ਹੈ। ਮੁੱਖ ਮੰਤਰੀ ਨੇ ਕੈਨੇਡਾ ਦੀ ਸੰਸਦ ਵਿੱਚ ਦੋ ਸਾਲ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਮੰਗੀ ਗਈ ਮੁਆਫ਼ੀ ਦਾ ਜ਼ਿਕਰ ਵੀ ਕੀਤਾ, ਜਿਸ ਵਿੱਚ ਸ੍ਰੀ ਟਰੂਡੋ ਨੇ 1914 ਦੀ ਕਾਮਾਗਾਟਾ ਮਾਰੂ ਦੀ ਘਟਨਾ ਵਾਸਤੇ ਮੁਆਫ਼ੀ ਮੰਗੀ ਸੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਨਾਉਣ ਦੇ ਹੁਕਮ ਦਿੱਤੇ ਹਨ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਦੇ ਰੁਤਬੇ ਮੁਤਾਬਕ ਪੂਰਾ ਅਦਬ ਦਿੱਤਾ ਜਾਵੇ। ਪ੍ਰਾਪਤ ਜਾਣਕਾਰੀ ਸ੍ਰੀ ਟਰੂਡੋ ਦੇ ਪਾਰਟੀਸ਼ਨ ਮਿਊਜ਼ੀਅਮ ਪਹੁੰਚਣ ‘ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਉਨ੍ਹਾਂ ਦਾ ਸਵਾਗਤ ਕਰਨਗੇ।