ਕੇਜਰੀਵਾਲ ਨੇ ਟਿਕਟਾਂ ਦੇ ਨਾਂ ‘ਤੇ ਪੰਜਾਬ ‘ਚੋਂ 200 ਕਰੋੜ ਰੁਪਏ ਇਕੱਠੇ ਕੀਤੇ : ਛੋਟੇਪੁਰ

ਕੇਜਰੀਵਾਲ ਨੇ ਟਿਕਟਾਂ ਦੇ ਨਾਂ ‘ਤੇ ਪੰਜਾਬ ‘ਚੋਂ 200 ਕਰੋੜ ਰੁਪਏ ਇਕੱਠੇ ਕੀਤੇ : ਛੋਟੇਪੁਰ

ਗਿੱਦੜਬਾਹਾ/ਬਿਊਰੋ ਨਿਊਜ਼ :
‘ਆਪਣਾ ਪੰਜਾਬ’ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਮਾਤਾ ਤੇਜ ਕੌਰ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ‘ਤੇ ਸ੍ਰੀ ਛੋਟੇਪੁਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਟਿਕਟਾਂ ਦੇ ਨਾਮ ‘ਤੇ ਪੰਜਾਬ ਵਿੱਚੋਂ 200 ਕਰੋੜ ਰੁਪਏ ਇਕੱਠੇ ਕੀਤੇ ਹਨ। ਉਨ੍ਹਾਂ ਕਿਹਾ ਕਿ ਐਸਵਾਈਐਲ ਲਈ ਜਿੰਨੀ ਜ਼ਿੰਮੇਵਾਰ ਕਾਂਗਰਸ ਹੈ, ਉਸ ਤੋਂ ਵੱਧ ਅਕਾਲੀ ਦਲ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਨੂੰ ਆਪਣੇ ਹਿੱਤ ਪਿਆਰੇ ਹਨ। ਸ੍ਰੀ ਛੋਟੇਪੁਰ ਨੇ ਕਿਹਾ ਕਿ ਪਾਣੀਆਂ ਦੇ ਮੁੱਦੇ ‘ਤੇ ਹਰ ਵਾਰ ਪੰਜਾਬ ਨਾਲ ਧੱਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਸਮੇਂ ਪਾਣੀਆਂ ਦੇ ਮੁੱਦੇ ‘ਤੇ ਸਹੀ ਫ਼ੈਸਲਾ ਲਿਆ ਸੀ ਅਤੇ ਉਸ ਤੋਂ ਬਾਅਦ ਕਾਂਗਰਸ ਨੇ ਵਿਰੋਧੀ ਧਿਰ ਵਜੋਂ ਆਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਹੀਂ ਨਿਭਾਈ। ਇਸ ਕਰਕੇ ਪੰਜਾਬ ਨੂੰ ਇਹ ਦਿਨ ਦੇਖਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਐਸਵਾਈਐਲ ਮੁੱਦੇ ‘ਤੇ ਅਕਾਲੀ ਦਲ ਅਤੇ ਕਾਂਗਰਸ ਆਪਣੀਆਂ ਰਾਜਨੀਤਿਕ ਰੋਟੀਆਂ ਸੇਕਣ ਦੀ ਤਾਕ ਵਿੱਚ ਹੈ ਪਰ ਲੋਕਾਂ ਨੂੰ ਹੁਣ ਇਨ੍ਹਾਂ ਪਾਰਟੀਆਂ ‘ਤੇ ਭਰੋਸਾ ਨਹੀਂ ਹੈ। ਕਾਲੇ ਧਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆ ਫ਼ੈਸਲਾ ਸ਼ਲਾਘਾਯੋਗ ਹੈ ਪਰ ਆਮ ਲੋਕਾਂ ਦੀ ਤਕਲੀਫ਼ ਨੂੰ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਮੁੱਖ ਮੰਤਰੀ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਨੇ ਆਪਣੇ ਪਰਿਵਾਰ ਲਈ ਸੂਬੇ ਦੇ ਹਿੱਤਾਂ ਨੂੰ ਵੇਚ ਦਿੱਤਾ ਹੈ। ਇਸ ਲਈ ਪੰਜਾਬ ਦੇ ਲੋਕ ਬਾਦਲਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਲਈ ‘ਆਪਣਾ ਪੰਜਾਬ’ ਪਾਰਟੀ ਦਾ ਗਠਨ ਕੀਤਾ ਹੈ ਤੇ ਪਾਰਟੀ ਵੱਲੋਂ ਜਾਰੀ ਚੋਣ ਮਨੋਰਥ ਪੱਤਰ ਸਭ ਤੋਂ ਅਲੱਗ ਹੋਵੇਗਾ।