ਆਤਮ ਸਮਰਪਣ ਦੌਰਾਨ 21 ਸਿੱਖ ਨੌਜਵਾਨਾਂ ਨੂੰ ਮਾਰਨ ਦਾ ਮੁੱਦਾ ਸੀਬੀਆਈ ਕੋਲ ਪੁੱਜਾ

ਆਤਮ ਸਮਰਪਣ ਦੌਰਾਨ 21 ਸਿੱਖ ਨੌਜਵਾਨਾਂ ਨੂੰ ਮਾਰਨ ਦਾ ਮੁੱਦਾ ਸੀਬੀਆਈ ਕੋਲ ਪੁੱਜਾ

ਕੈਪਟਨ ਅਮਰਿੰਦਰ ਸਿੰਘ ਨੂੰ ਜਾਂਚ ‘ਚ ਸ਼ਾਮਲ ਕਰਨ ਦੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਤਿਵਾਦ ਦੌਰਾਨ ਆਤਮ ਸਮਰਪਣ ਕਰਨ ਵਾਲੇ 21 ਖ਼ਾਲਿਸਤਾਨੀ ਸਿੱਖਾਂ ਨੂੰ ਮਾਰਨ ਦੇ ਕੀਤੇ ਖੁਲਾਸੇ ਦਾ ਮੁੱਦਾ ਕੇਂਦਰੀ ਜਾਂਚ ਬਿਓਰੋ (ਸੀਬੀਆਈ) ਕੋਲ ਪੁੱਜ ਗਿਆ ਹੈ। ਲਿਹਾਜ਼ਾ ਅਗਲੇ ਦਿਨੀਂ ਇਹ ਮਾਮਲਾ ਭਖਣ ਦੇ ਆਸਾਰ ਹਨ।
ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਐਡਵੋਕੇਟ ਨਵਕਿਰਨ ਸਿੰਘ ਨੇ ਸੀਬੀਆਈ ਦਿੱਲੀ ਦੇ ਡਾਇਰੈਕਟਰ ਨੂੰ ਯਾਦ-ਪੱਤਰ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਪਰੋਕਤ ਖੁਲਾਰੇ ਬਾਰੇ ਦੱਸਿਆ। ਗੌਰਤਲਬ ਹੈ ਕਿ ਕੈਪਟਨ ਨੇ ਜਨਤਕ ਤੌਰ ‘ਤੇ ਕਿਹਾ ਸੀ ਕਿ ਉਨ੍ਹਾਂ ਨੇ 21 ਸਿੱਖ ਖ਼ਾਲਿਸਤਾਨੀਆਂ ਦਾ ਤਤਕਾਲੀਨ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਅੱਗੇ ਆਤਮ ਸਮਰਪਣ ਕਰਵਾਇਆ ਸੀ, ਪਰ ਬਾਅਦ ਵਿੱਚ ਇਨ੍ਹਾਂ ਨੂੰ ਮਾਰ ਦਿੱਤਾ ਗਿਆ। ਨਵਕਿਰਨ ਸਿੰਘ ਨੇ ਯਾਦਪੱਤਰ ਵਿੱਚ ਕਿਹਾ ਕਿ ਸਾਫ਼ ਜ਼ਾਹਰ ਹੈ ਕਿ ਸਿੱਖ ਖਾੜਕੂਆਂ ਨੂੰ ਫਰਜ਼ੀ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਉਨ੍ਹਾਂ ਇਸ ਮਾਮਲੇ ਨੂੰ ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨਕ ਹੱਕਾਂ ਦੀ ਉਲੰਘਣਾ ਦੱਸਿਆ। ਉਨ੍ਹਾਂ ਸੀਬੀਆਈ ਤੋਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੜਤਾਲ ਵਿੱਚ ਸ਼ਾਮਲ ਕਰਕੇ ਆਤਮ ਸਮਰਪਣ ਕਰਨ ਵਾਲੇ 21 ਸਿੱਖ ਖਾੜਕੂਆਂ ਦੇ ਨਾਵਾਂ ਦੀ ਜਾਣਕਾਰੀ ਹਾਸਲ ਕੀਤੀ ਜਾਵੇ।
ਨਵਕਿਰਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਲਿਜਾਣ ਤੋਂ ਪਹਿਲਾਂ ਇਸ ਮਾਮਲੇ ਦੀ ਪੜਤਾਲ ਲਈ ਸੀਬੀਆਈ ਕੋਲ ਪਹੁੰਚ ਕਰਨੀ ਲਾਜ਼ਮੀ ਸੀ। ਉਨ੍ਹਾਂ ਕਿਹਾ ਕਿ ਜੇਕਰ ਸੀਬੀਆਈ ਨੇ ਵੀ ਕੁਝ ਨਾ ਕੀਤਾ ਤਾਂ ਉਹ ਹਾਈਕੋਰਟ ਦਾ ਦਰ ਖੜਕਾਉਣਗੇ। ਨਵਕਿਰਨ ਸਿੰਘ ਭਾਵੇਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਨੁੱਖੀ ਅਧਿਕਾਰ ਸੈੱਲ ਦੇ ਕਨਵੀਨਰ ਹਨ, ਪਰ ਉਨ੍ਹਾਂ ਨੇ ਇਹ  ਯਾਦਪੱਤਰ ਹਿਊਮਨ ਰਾਈਟਸ ਸੰਸਥਾ ਵੱਲੋਂ ਸੀਬੀਆਈ ਨੂੰ ਦਿੱਤਾ ਹੈ। ਇਸ ਦੇ ਨਾਲ ਹੀ ‘ਆਪ’ ਆਗੂ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦਿੱਲੀ ਦੇ ਚੇਅਰਪਰਸਨ ਕੋਲ ਸ਼ਿਕਾਇਤ ਦਾਇਰ ਕਰਵਾ ਕੇ ਰਾਜਸਥਾਨ ਦੇ ਜ਼ਿਲ੍ਹਾ ਅਜਮੇਰ ਵਿੱਚ ਗੁਰਦੁਆਰੇ ਦੇ ਸੇਵਾਦਾਰਾਂ ਦੀ ਕੁੱਟਮਾਰ ਮਾਮਲੇ ਦੀ ਜਾਂਚ ਮੰਗੀ ਹੈ।