ਯੂ.ਕੇ. ਵਿੱਚ ਭਾਈ ਹਰਮਿੰਦਰ ਸਿੰਘ ਮਿੰਟੂ ਨਮਿੱਤ ਸ਼ਹੀਦੀ ਸਮਾਗਮ 5 ਮਈ ਨੂੰ

ਯੂ.ਕੇ. ਵਿੱਚ ਭਾਈ ਹਰਮਿੰਦਰ ਸਿੰਘ ਮਿੰਟੂ ਨਮਿੱਤ ਸ਼ਹੀਦੀ ਸਮਾਗਮ 5 ਮਈ ਨੂੰ

ਲੰਡਨ/ਬਿਊਰੋ ਨਿਊਜ਼:
ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਅਤੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵਲੋਂ ਅਰੰਭੇ ਹੋਏ ਖਾਲਿਸਤਾਨ ਦੀ ਜੰਗੇ ਆਜਾਦੀ ਦੇ ਜੁਝਾਰੂ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਯਾਦ ਵਿੱਚ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ 5 ਮਈ ਸ਼ਨਿਚਵਾਰ ਨੂੰ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ । ਯੂਨਾਈਟਿਡ ਖਾਲਸਾ ਦਲ ਯੂ.ਕੇ. ਦੇ ਜਨਰਲ ਸਕੱਤਰ ਸ.ਲਵਸ਼ਿੰਦਰ ਸਿੰਘ ਡੱਲੇਵਾਲ ਵਲੋ ਯੂ.ਕੇ. ਭਰ ਦੀਆਂ ਸਿੱਖ ਸੰਗਤਾਂ ਅਤੇ ਜਥੇਬੰਦੀਆਂ ਨੂੰ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਨੌਜਵਾਨਾਂ ਅਤੇ ਸਿੱਖ ਸੰਗਤਾਂ ਵਲੋਂ ਭਾਈ ਮਿੰਟੂ ਨਮਿੱਤ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ  ਉਪਰੰਤ ਭਾਰੀ ਦੀਵਾਨ ਸਜਾਇਆ ਜਾਵੇਗਾ ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰ ਅਤੇ ਪੰਥਕ ਬੁਲਾਰੇ ਸ਼ਰਧਾ ਦੇ ਫੁੱਲ ਅਰਪਤ ਕਰਨਗੇ ।
ਜ਼ਿਕਰਯੋਗ ਹੈ ਕਿ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਪਟਿਆਲਾ ਜੇਲ੍ਹ ਵਿੱਚ ਹੋਈ ਸ਼ਹਾਦਤ ਤੋਂ ਬਾਅਦ ਸਮੁੱਚੀ ਸਿੱਖ ਕੌਮ ਜੇਲ੍ਹਾਂ ਵਿੱਚ ਬੰਦਾਂ ਸਿੰਘਾਂ ਦੀ ਹਿਫਾਜ਼ਤ ਲਈ ਚਿੰਤਾਤਰ ਹੈ ।ਭਾਈ ਹਰਮਿੰਦਰ ਸਿੰਘ ਮਿੰਟੂ ਦੀ ਸ਼ਹਾਦਤ ਜੇਲ੍ਹ ਪ੍ਰਸਾਸ਼ਨ ਅਤੇ ਸਰਕਾਰੀ ਏਜੰਸੀਆਂ ਦੀ ਮਿਲੀ ਭੁਗਤ ਨਾਲ ਹੋਈ ਹੈ । ਇਸੇ ਤਰਾਂ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਭਾਈ ਦਇਆ ਸਿੰਘ ਲਾਹੌਰੀਆ ਅਤੇ ਭਾਈ ਜਗਤਾਰ ਸਿੰਘ ਹਾਵਾਰਾ ਵੀ ਸਿਹਤ ਪੱਖੋਂ ਠੀਕ ਨਹੀਂ ਹਨ । ਜੇਲ੍ਹ ਅਧਿਕਾਰੀ ਉਹਨਾਂ ਦਾ ਢੁੱਕਵਾਂ ਇਲਾਜ ਨਹੀਂ ਕਰਵਾ ਰਹੇ ਬਲਕਿ ਅਦਾਲਤੀ ਹੁਕਮਾਂ ਤੇ ਵੀ ਅਮਲ ਨਹੀਂ ਜਾ ਰਿਹਾ ।
ਸ.ਲਵਸ਼ਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ ਖਾਲਿਸਤਾਨ ਦੀ ਜੰਗੇ ਅਜਾਦੀ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸਮੂਹ ਬੰਦੀ ਸਿੰਘਾਂ ਦੀ ਹਿਫਾਜ਼ਤ ਲਈ ਸਿੱਖ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰਾਂ ਦੀਆਂ ਅਲੰਬਰਦਾਰ ਜਥੇਬੰਦੀਆਂ ਨੂੰ ਇੱਕਜੁਟ ਹੋ ਕੇ ਸਾਰਥਕ ਉਪਰਾਲੇ ਕਰਨ ਦੀ ਜਰੂਰਤ ਹੈ ।  ਭਾਰਤ ਸਰਕਾਰ ਨੇ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸ਼ਹੀਦ ਕਰਨ ਮਗਰੋਂ ਹੁਣ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਖਤਮ ਕਰਨ ਲਈ ਨਵਾਂ ਤਰੀਕਾ ਲੱਭ ਲਿਆ ਹੈ  ।