ਡੇਰਾ ਸਿਰਸਾ ਜਾਣ ਵਾਲੇ ਸਿੱਖ ਆਗੂਆਂ ਖ਼ਿਲਾਫ਼ ਹੋਲੇ ਮਹੱਲੇ ਮਗਰੋਂ ਹੋਵੇਗੀ ਕਾਰਵਾਈ

ਡੇਰਾ ਸਿਰਸਾ ਜਾਣ ਵਾਲੇ ਸਿੱਖ ਆਗੂਆਂ ਖ਼ਿਲਾਫ਼ ਹੋਲੇ ਮਹੱਲੇ ਮਗਰੋਂ ਹੋਵੇਗੀ ਕਾਰਵਾਈ

ਕੈਪਸ਼ਨ-ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜਾਂਚ ਰਿਪੋਰਟ ਸੌਂਪਦੇ ਹੋਏ ਕਮੇਟੀ ਮੈਂਬਰ।
ਅੰਮ੍ਰਿਤਸਰ/ਬਿਊਰੋ ਨਿਊਜ਼ :
ਵੋਟਾਂ ਖ਼ਾਤਰ ਡੇਰਾ ਸਿਰਸਾ ਤੋਂ ਸਮਰਥਨ ਮੰਗਣ ਵਾਲੇ ਸਿੱਖ ਆਗੂਆਂ ਖ਼ਿਲਾਫ਼ ਜਾਂਚ ਕਰ ਰਹੀ ਤਿੰਨ ਮੈਂਬਰੀ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਰਿਪੋਰਟ ਵਿਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਲਗਭਗ 4 ਦਰਜਨ ਸਿੱਖ ਆਗੂਆਂ ਨੂੰ ਹੁਕਮਨਾਮੇ ਦੀ ਉਲੰਘਣਾ ਦਾ ਦੋਸ਼ੀ ਦੱਸਿਆ ਗਿਆ ਹੈ। ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਹ ਜਾਂਚ ਰਿਪੋਰਟ ਲੈਣ ਮਗਰੋਂ ਕਿਹਾ ਕਿ ਹੋਲੇ ਮਹੱਲੇ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਇਸ ਰਿਪੋਰਟ ‘ਤੇ ਵਿਚਾਰ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਤੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਵਾਲੀ ਤਿੰਨ ਮੈਂਬਰੀ ਜਾਂਚ ਕਮੇਟੀ ਨੂੰ ਸੱਤ ਦਿਨਾਂ ਅੰਦਰ ਰਿਪੋਰਟ ਦੇਣ ਲਈ ਆਖਿਆ ਗਿਆ ਸੀ ਪਰ ਬਾਅਦ ਵਿਚ ਜਾਂਚ ਦਾ ਸਮਾਂ ਵਧਾ ਦਿੱਤਾ ਗਿਆ ਸੀ। ਜਾਂਚ ਕਮੇਟੀ ਨੇ ਜਥੇਦਾਰ ਨੂੰ ਤਕਰੀਬਨ ਪੰਜ ਸਫਿਆਂ ਦੀ ਰਿਪੋਰਟ ਸੌਂਪੀ।
ਜਾਂਚ ਕਮੇਟੀ ਦੇ ਮੈਂਬਰਾਂ ਨੇ ਜਾਂਚ ਦੇ ਵੇਰਵੇ ਜਨਤਕ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਸਬੰਧੀ ਖੁਲਾਸਾ ਹੁਣ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹੀ ਕਰਨਗੇ। ਡੇਰਾ ਸਿਰਸਾ ਜਾਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਸ਼ਾਮਲ ਹਨ। ਇਨ੍ਹਾਂ ਵਿਚ ਕਈ ਅਕਾਲੀ ਮੰਤਰੀ ਤੇ ਵਿਧਾਇਕ ਵੀ ਸ਼ਾਮਲ ਹਨ। ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਪੰਜ ਸਿੰਘ ਸਾਹਿਬਾਨ ਵੱਲੋਂ ਹੁਕਮਨਾਮਾ ਜਾਰੀ ਕੀਤਾ ਹੋਇਆ ਹੈ, ਜਿਸ ਰਾਹੀਂ ਸਮੁੱਚੀ ਕੌਮ ਨੂੰ ਉਸ ਨਾਲ ਕਿਸੇ ਵੀ ਤਰ੍ਹਾਂ ਦਾ ਨਾਤਾ ਨਾ ਰੱਖਣ ਦੀ ਹਦਾਇਤ ਕੀਤੀ ਗਈ ਹੈ ਪਰ ਵੋਟਾਂ ਖ਼ਾਤਰ ਸਿੱਖ ਆਗੂਆਂ ਨੇ ਡੇਰੇ ‘ਤੇ ਜਾ ਕੇ ਇਸ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ।