ਸਿੱਖ ਧਰਮ ਇੰਟਰਨੈਸ਼ਨਲ ਦਾ ਵਫ਼ਦ ਪਟਨਾ ਸਾਹਿਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪੁੱਜਾ

ਸਿੱਖ ਧਰਮ ਇੰਟਰਨੈਸ਼ਨਲ ਦਾ ਵਫ਼ਦ ਪਟਨਾ ਸਾਹਿਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪੁੱਜਾ

ਕੈਪਸ਼ਨ-ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਿਆ ਸਿੱਖ ਧਰਮ ਇੰਟਰਨੈਸ਼ਨਲ ਦਾ ਵਫਦ
ਅੰਮ੍ਰਿਤਸਰ/ਬਿਊਰੋ ਨਿਊਜ਼ :
ਅਮਰੀਕਾ ਵਿਚਲੇ ਸਿੱਖ ਧਰਮ ਇੰਟਰਨੈਸ਼ਨਲ ਨਾਲ ਸਬੰਧਤ ਸਿੱਖ ਆਗੂਆਂ ਦਾ ਦਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜਿਆ ਹੈ। ਇਸ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਦਲ ਦੀ ਅਗਵਾਈ ਬੀਬੀ ਇੰਦਰਜੀਤ ਕੌਰ ਖਾਲਸਾ ਕਰ ਰਹੇ ਹਨ। ਉਨ੍ਹਾਂ ਨਾਲ ਵੱਖ-ਵੱਖ ਦੇਸ਼ਾਂ ਤੋਂ ਸਿੱਖ ਆਗੂ ਸ਼ਾਮਲ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਅਤੇ ਸਕੱਤਰ ਹਰਚਰਨ ਸਿੰਘ ਨੇ ਆਏ ਵਫ਼ਦ ਨੂੰ ਸਿਰੋਪਾ, ਧਾਰਮਿਕ ਪੁਸਤਕਾਂ ਦਾ ਸੈੱਟ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਹ ਵਫਦ ਪੰਜਾਬ ਦੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ ਵਿੱਚ ਸ਼ਾਮਲ ਹੋਵੇਗਾ। ਮੁੱਖ ਸਕੱਤਰ ਹਰਚਰਨ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਫ਼ਦ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।