ਸਾਕਾ ਨਕੋਦਰ : ਸ਼ਹੀਦਾਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ‘ਚ ਲਾਉਣ ਬਾਰੇ ਮਤਾ ਸ਼੍ਰੋਮਣੀ ਕਮੇਟੀ ਦੀ ਮੀਟਿੰਗ ‘ਚ ਪਾਸ ਹੋਵੇਗਾ

ਸਾਕਾ ਨਕੋਦਰ : ਸ਼ਹੀਦਾਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ‘ਚ ਲਾਉਣ ਬਾਰੇ ਮਤਾ ਸ਼੍ਰੋਮਣੀ ਕਮੇਟੀ ਦੀ ਮੀਟਿੰਗ ‘ਚ ਪਾਸ ਹੋਵੇਗਾ

ਸ਼੍ਰੋਮਣੀ ਕਮੇਟੀ ਮੀਟਿੰਗ 17 ਫਰਵਰੀ ਨੂੰ ਹੋਵੇਗੀ
ਅੰਮ੍ਰਿਤਸਰ/ਬਿਊਰੋ ਨਿਊਜ਼ :
ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਚਲੂਪੁਰ, ਭਾਈ ਬਲਧੀਰ ਸਿੰਘ ਫ਼ੌਜੀ ਅਤੇ ਭਾਈ ਝਲਮਣ ਸਿੰਘ ਗੋਰਸੀਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਉਣ ਸਬੰਧੀ ਮਤਾ 17 ਫਰਵਰੀ ਨੂੰ ਹੋ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਪਾਸ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਪੀ.ਏ. ਸੁਖਦੇਵ ਸਿੰਘ ਭੂਰਾ-ਕੋਨਾ ਨੇ ਦਿੱਤੀ।
ਜ਼ਿਕਰਯੋਗ ਹੈ ਕਿ 2 ਫਰਵਰੀ 1986 ਨੂੰ ਪੰਜਾਬ ਦੇ ਸ਼ਹਿਰ ਨਕੋਦਰ ਵਿਖੇ ਮੁਹੱਲਾ ਗੁਰੂ ਨਾਨਕਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪ ਸਿੱਖ ਧਰਮ ਵਿਰੋਧੀ ਅਨਸਰਾਂ ਵਲੋਂ ਅਗਨ ਭੇਟ ਕਰ ਦਿੱਤੇ ਗਏ ਸਨ ਤੇ ਬਾਅਦ ਵਿਚ 4 ਫਰਵਰੀ 1986 ਨੂੰ ਪੰਜਾਬ ਪੁਲੀਸ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਸ਼ਾਂਤਮਈ ਵਿਖਾਵਾ ਕਰ ਰਹੇ ਸਿੱਖਾਂ ‘ਤੇ ਬਿਨਾਂ ਕਿਸੇ ਭੜਕਾਹਟ ਦੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿਚ ਚਾਰ ਸਿੰਘ ਸ਼ਹੀਦ ਹੋ ਗਏ ਸਨ। ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਮਾਤਾ ਬਲਦੀਪ ਕੌਰ ਤੇ ਪਿਤਾ ਬਲਦੇਵ ਸਿੰਘ ਨੇ ਪ੍ਰੋ. ਬਡੂੰਗਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਸੀ ਕਿ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਈਆਂ ਜਾਣ। ਉਨ੍ਹਾਂ ਨੇ ਚਿੱਠੀ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਧਿਆਨ 2 ਫਰਵਰੀ 2011 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਵੱਲ ਦਿਵਾਇਆ ਗਿਆ, ਜਿਸ ਦੌਰਾਨ ਗਿਆਨੀ ਗੁਰਬਚਨ ਸਿੰਘ ਵਲੋਂ ਕੁਰਬਾਨੀ ਦੇਣ ਵਾਲੇ ਸਿੰਘਾਂ ਨੂੰ ਕੌਮੀ ਸ਼ਹੀਦ ਕਰਾਰ ਦਿੱਤਾ ਸੀ। ਗਿਆਨੀ ਗੁਰਬਚਨ ਸਿੰਘ ਨੇ ਇਨ੍ਹਾਂ ਸਿੱਖ ਸ਼ਹੀਦਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਸੀ ਪਰ ਅਜੇ ਤਕ ਕੇਂਦਰੀ ਅਜਾਇਬ ਘਰ ਵਿਚ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਨਹੀਂ ਲਗ ਸਕੀਆਂ।
ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਰਿਵਾਰ ਨੇ ਕੈਨੇਡਾ-ਅਮਰੀਕਾ ਦੇ ਕੁਝ ਗੁਰਦੁਆਰਿਆਂ ਵਿਚ ਇਹ ਤਸਵੀਰਾਂ ਲਾਉਣ ਦਾ ਉਪਰਾਲਾ ਆਰੰਭਿਆ ਹੈ ਤਾਂ ਜੋ ਸ਼੍ਰੋਮਣੀ ਕਮੇਟੀ ਨੂੰ ਆਪਣੇ ਫਰਜ਼ਾਂ ਦਾ ਅਹਿਸਾਸ ਹੋ ਸਕੇ। ਇਸੇ ਯਤਨਾਂ ਤਹਿਤ ਕੈਲੀਫੋਰਨੀਆ ਦੇ ਇਤਿਹਾਸਕ ਗੁਰਦੁਆਰਾ ਸਟਾਕਟਨ ਵਿਖੇ ਸੰਗਤ ਦੇ ਸਹਿਯੋਗ ਨਾਲ ਚਾਰ ਸ਼ਹੀਦਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ।