ਤਿੰਨ ਸਿੰਘ ਸਾਹਿਬਾਨਾਂ ਵੱਲੋਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਬਾਈਕਾਟ

ਤਿੰਨ ਸਿੰਘ ਸਾਹਿਬਾਨਾਂ ਵੱਲੋਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਬਾਈਕਾਟ

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ :
ਪੰਜਾਬ ਦੀ ਸਿੱਖ ਰਾਜਨੀਤੀ ਵਿਚ ਤਖਤ ਸਾਹਿਬਾਨਾਂ ਅਤੇ ਜਥੇਦਾਰਾਂ ਦਾ ਅਹਿਮ ਰੋਲ ਰਹਿੰਦਾ ਹੈ। ਜਾਪ ਰਿਹਾ ਹੈ ਕਿ ਬਾਦਲਕਿਆਂ ਦਾ ਇਥੋਂ ਵੀ ਬਿਸਤਰਾ ਗੋਲ ਹੋਣ ਜਾ ਰਿਹਾ ਹੈ। ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਬਾਦਲਾਂ ਦਾ ਹੱਥਠੋਕਾ ਬਣੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸੱਦੀ ਕਿਸੇ ਵੀ ਬੈਠਕ ਵਿਚ ਨਾ ਜਾਣ ਦਾ ਫ਼ੈਸਲਾ ਲਿਆ ਹੈ।
ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਸਿੱਖ ਸੰਗਤ ਦੇ ਰੋਹ ਦਾ ਸ਼ਿਕਾਰ ਹੋਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਹਿਲਾਂ ਹੀ ਅਲੱਗ-ਥਲੱਗ ਹੋ ਗਏ  ਹਨ। ਜਾਣਕਾਰੀ ਮੁਤਾਬਕ ਹੁਣ ਬਾਕੀ ਤਖ਼ਤਾਂ ਦੇ ਜਥੇਦਾਰਾਂ ਨੇ ਉਨ੍ਹਾਂ ਵੱਲੋਂ ਬੁਲਾਈ ਜਾਣ ਵਾਲੀ ਕਿਸੇ ਵੀ ਬੈਠਕ ‘ਚ ਨਾ ਜਾਣ ਦਾ ਐਲਾਨ ਕੀਤਾ ਹੈ। ਇਸ ਤਰ੍ਹਾਂ ਗਿਆਨੀ ਗੁਰਬਚਨ ਸਿੰਘ ‘ਤੇ ਅਹੁਦਾ ਛੱਡਣ ਦਾ ਦਬਾਅ ਵੀ ਹੁਣ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਗਰਮਖਿਆਲੀ ਜਥੇਬੰਦੀਆਂ ਵੱਲੋਂ ਕਾਫੀ ਸਮੇਂ ਤੋਂ ਹੀ ਕੀਤੀ ਜਾ ਰਹੀ ਹੈ।
ਵੇਰਵਿਆਂ ਮੁਤਾਬਕ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਗਿਆਨੀ ਗੁਰਬਚਨ ਸਿੰਘ ਵੱਲੋਂ ਸੱਦੀ ਕਿਸੇ ਵੀ ਬੈਠਕ ਵਿੱਚ ਨਾ ਜਾਣ ਦਾ ਫ਼ੈਸਲਾ ਲਿਆ ਹੈ। ਹਾਲਾਂਕਿ ਜਥੇਦਾਰ ਇਸ ਮਾਮਲੇ ਵਿੱਚ ਖੁੱਲ੍ਹੇਆਮ ਕੁਝ ਵੀ ਨਹੀਂ ਕਹਿ ਰਹੇ ਪਰ ਇਕ ਤਖ਼ਤ ਦੇ ਜਥੇਦਾਰ ਨੇ ਪੁਸ਼ਟੀ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਬਕਾਇਦਾ ਤੌਰ ‘ਤੇ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਪੰਜ ਸਿੰਘ ਸਹਿਬਾਨ ਦੀ ਬੈਠਕ ਲਈ ਕੋਈ ਸੁਨੇਹਾ ਆਵੇਗਾ, ਉਸ ਵੇਲੇ ਹੀ ਉਹ ਜਾਣ ਜਾਂ ਨਾ ਜਾਣ ਬਾਰੇ ਫ਼ੈਸਲਾ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਇਸ ਬਾਰੇ ਫਿਲਹਾਲ ਕੋਈ ਟਿੱਪਣੀ ਨਹੀਂ ਕੀਤੀ ਹੈ।