ਮੁਤਵਾਜ਼ੀ ਜਥੇਦਾਰ ਸ਼ੁਰੂ ਕਰਨਗੇ ‘ਗੁਰਦੁਆਰਾ ਸੁਧਾਰ ਲਹਿਰ’

ਮੁਤਵਾਜ਼ੀ ਜਥੇਦਾਰ ਸ਼ੁਰੂ ਕਰਨਗੇ ‘ਗੁਰਦੁਆਰਾ ਸੁਧਾਰ ਲਹਿਰ’

ਜਲੰਧਰ/ਬਿਊਰੋ ਨਿਊਜ਼ :
ਸਰਬੱਤ ਖ਼ਾਲਸਾ ਵਲੋਂ ਥਾਪੇ ਮੁਤਵਾਜ਼ੀ ਜਥੇਦਾਰਾਂ ਨੇ ‘ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਗੁਰਦੁਆਰਿਆਂ ਦੀ ਸਾਂਭ-ਸੰਭਾਲ ਵਿਚ ਕਾਫ਼ੀ ਨਿਘਾਰ ਆਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤ ਦੇ ਚੜ੍ਹਾਵੇ ਦੀ ਵੱਡੀ ਪੱਧਰ ‘ਤੇ ਦੁਰਵਰਤੋਂ ਕਰ ਰਹੀ ਹੈ ਅਤੇ ਸਿੱਖੀ ਦੇ ਪਸਾਰ ਲਈ ਕੰਮ ਨਹੀਂ ਕਰ ਰਹੀ, ਜਿਸ ਕਾਰਨ 60 ਫ਼ੀਸਦੀ ਨੌਜਵਾਨ ਸਿੱਖੀ ਨਾਲੋਂ ਟੁੱਟ ਕੇ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ।
ਜਥੇਦਾਰ ਮੰਡ ਨੇ ਦੱਸਿਆ ਕਿ ਲਹਿਰ ਦੇ ਪਹਿਲੇ ਪੜਾਅ ਵਿਚ ਉਹ ਹਰੇਕ ਜ਼ਿਲ੍ਹੇ ਦੇ ਗ੍ਰੰਥੀ ਸਿੰਘਾਂ ਨਾਲ ਮੀਟਿੰਗਾਂ ਕਰਨਗੇ। ਇਸ ਦੀ ਸ਼ੁਰੂਆਤ 22 ਜੂਨ ਨੂੰ ਫ਼ਿਰੋਜ਼ਪੁਰ ਤੋਂ ਕੀਤੀ ਜਾਵੇਗੀ ਅਤੇ ਪਹਿਲੀ ਅਗਸਤ ਨੂੰ ਨਵਾਂਸ਼ਹਿਰ ਵਿਚ ਪਹਿਲੇ ਪੜਾਅ ਦੀ ਆਖ਼ਰੀ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਗ੍ਰੰਥੀ ਸਿੰਘਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਚਰਚਾ ਕਰ ਕੇ ਉਨ੍ਹਾਂ ਨੂੰ ਪ੍ਰਬੰਧ ਸੁਧਾਰ ਲਹਿਰ ਬਾਰੇ ਲਾਮਬੰਦ ਕੀਤਾ ਜਾਵੇਗਾ। ਦੂਜੇ ਪੜਾਅ ‘ਚ ਰਾਗੀਆਂ, ਢਾਡੀਆਂ, ਸੰਤਾਂ, ਫੈਡਰੇਸ਼ਨਾਂ ਅਤੇ ਸਿਆਸੀ ਧੜਿਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਬਾਰੇ ਜਥੇਦਾਰ ਮੰਡ ਨੇ ਕਿਹਾ ਕਿ ਇੰਜ ਜਾਪਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣ ਕੇ ਆਪਣਾ ਵਾਅਦਾ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਹਾਲੇ ਤੱਕ ਨਾ ਹੀ ਬੇਅਦਬੀ ਦੀਆਂ ਘਟਨਾਵਾਂ ਰੁਕੀਆਂ ਹਨ ਅਤੇ ਨਾ ਕੋਈ ਮੁਲਜ਼ਮ ਫੜਿਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੈਪਟਨ ਸਰਕਾਰ ਨੇ ਦਿੱਤੇ ਅਲਟੀਮੇਟਮ ਤੱਕ ਦੋਸ਼ੀਆਂ ਨੂੰ ਨਾ ਫੜਿਆ ਤਾਂ ਉਨ੍ਹਾਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਇਕ ਸੁਆਲ ਦੇ ਜੁਆਬ ਵਿਚ ਕਿਹਾ ਕਿ ਗੁਰਦੁਆਰਿਆਂ ਦੇ ਪ੍ਰਬੰਧਾਂ ਲਈ ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਗ੍ਰੰਥੀਆਂ ਨੂੰ ਵੀ ਮੀਟਿੰਗਾਂ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਹੈ। ਇਸ ਮੌਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਅਮਰੀਕ ਸਿੰਘ ਅਜਨਾਲਾ ਵੀ ਹਾਜ਼ਰ ਸਨ।
ਧਮਕੀ ਭਰਿਆ ਪੱਤਰ ਸੁੱਟਣ ਦੀ ਘਟਨਾ ਡਰਾਮਾ ਕਰਾਰ:
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਦੇ ਘਰ ਧਮਕੀ ਭਰਿਆ ਪੱਤਰ ਸੁੱਟਣ ਦੀ ਘਟਨਾ ਨੂੰ ਜਥੇਦਾਰ ਧਿਆਨ ਸਿੰਘ ਮੰਡ ਨੇ ਡਰਾਮਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਮਦਰਦੀ ਹਾਸਲ ਕਰਨ ਲਈ ਗਿਆਨੀ ਗੁਰਮੁੱਖ ਸਿੰਘ ਅਜਿਹਾ ਕਰ ਰਹੇ ਹਨ। ਡੇਰਾ ਮੁਖੀ ਨੂੰ ਮੁਆਫ਼ੀ ਦਿਵਾਉਣ ‘ਚ ਨਿਭਾਈ ਭੂਮਿਕਾ ਨਸ਼ਰ ਹੋਣ ਤੋਂ ਬਾਅਦ ਬਦਨਾਮੀ ਦਾ ਦਾਗ਼ ਧੋਣ ਲਈ ਅਜਿਹਾ ਕੀਤਾ ਜਾ ਰਿਹਾ ਹੈ।