ਦਸਤਾਰ ਬੇਅਦਬੀ ਮਾਮਲੇ ‘ਚ ਸਿੱਖ ਵਿਧਾਇਕਾਂ ਨੂੰ ਅਕਾਲ ਤਖ਼ਤ ‘ਤੇ ਤਲਬ ਕੀਤਾ ਜਾਵੇ : ਫੂਲਕਾ

ਦਸਤਾਰ ਬੇਅਦਬੀ ਮਾਮਲੇ ‘ਚ ਸਿੱਖ ਵਿਧਾਇਕਾਂ ਨੂੰ ਅਕਾਲ ਤਖ਼ਤ ‘ਤੇ ਤਲਬ ਕੀਤਾ ਜਾਵੇ : ਫੂਲਕਾ
ਕੈਪਸ਼ਨ-ਅਕਾਲ ਤਖ਼ਤ ਵਿਖੇ ਭੁਪਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ‘ਆਪ’ ਆਗੂ।

ਅੰਮ੍ਰਿਤਸਰ/ਬਿਊਰੋ ਨਿਊਜ਼ :
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਪੱਤਰ ਸੌਂਪ ਕੇ ਪੰਜਾਬ ਵਿਧਾਨ ਸਭਾ ਵਿਚ ਸਿੱਖ ਵਿਧਾਇਕਾਂ ਦੀਆਂ ਦਸਤਾਰਾਂ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੇ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ‘ਤੇ ਤਲਬ ਕਰਕੇ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਪੱਤਰ ਸੌਂਪਣ ਵਾਲੇ ‘ਆਪ’ ਆਗੂਆਂ ਵਿਚ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਐਚ.ਐਸ. ਫੂਲਕਾ, ਵਿਧਾਇਕ ਨਿਰਮਲ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ, ਜੈ ਕਿਸ਼ਨ ਸਿੰਘ ਸਮੇਤ ਸਥਾਨਕ ਆਗੂ ਹਾਜ਼ਰ ਸਨ। ਇਹ ਪੱਤਰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਚ ਨਿੱਜੀ ਸਕੱਤਰ ਭੁਪਿੰਦਰ ਸਿੰਘ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਨੇ ਆਖਿਆ ਕਿ ਉਹ ਇਹ ਪੱਤਰ ਜਥੇਦਾਰ ਗਿਆਨੀ ਗੁਰਬਚਨ ਸਿੰਘ, ਜੋ ਇਸ ਵੇਲੇ ਪੰਜਾਬ ਤੋਂ ਬਾਹਰ ਹਨ, ਨੂੰ ਸੌਂਪ ਦੇਣਗੇ। ਇਹ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਮੀਟਿੰਗ ਵਿਚ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ।
‘ਆਪ’ ਆਗੂਆਂ ਨੇ ਆਖਿਆ ਕਿ 22 ਜੂਨ ਨੂੰ ਵਿਧਾਨ ਸਭਾ ਵਿਚ ਸਿੱਖ ਵਿਧਾਇਕਾਂ ਦੀਆਂ ਦਸਤਾਰਾਂ ਦੀ ਬੇਅਦਬੀ ਅਤੇ ਕੇਸਾਂ ਦੀ ਬੇਹੁਰਮਤੀ ਕੀਤੀ ਗਈ ਹੈ। ਉਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸਦਨ ਵਿਚ ਹਾਜ਼ਰ ਸਨ ਪਰ ਉਨ੍ਹਾਂ ਨੇ ਇਸ ਘਟਨਾ ਨੂੰ ਰੋਕਣ ਲਈ ਕੋਈ ਯਤਨ ਨਹੀਂ ਕੀਤਾ ਅਤੇ ਨਾਂਹ-ਪੱਖੀ ਰੋਲ ਨਿਭਾਇਆ। ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਅਜਿਹਾ ਮਹਿਸੂਸ ਹੋਇਆ ਕਿ ਇਹ ਸਭ ਕੁਝ ਮੁੱਖ ਮੰਤਰੀ ਦੇ ਇਸ਼ਾਰੇ ‘ਤੇ ਸਪੀਕਰ ਵਲੋਂ ਕਰਾਇਆ ਗਿਆ ਹੈ।