ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਵਲੋਂ ਸਵੈ-ਇੱਛਤ ਸੇਵਾ ਤਿਆਗਣ ਦੀ ਬੇਨਤੀ ਪ੍ਰਵਾਨ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਵਲੋਂ ਸਵੈ-ਇੱਛਤ ਸੇਵਾ ਤਿਆਗਣ ਦੀ ਬੇਨਤੀ ਪ੍ਰਵਾਨ

ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸਰਾਂ ਵਿੱਚ ਅਨੈਤਿਕ ਹਰਕਤ ਕਰਨ ਵਾਲੇ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ
ਬਲਦੇਵ ਸੜਕਨਾਮਾ ਦੀ ਕਿਤਾਬ ਸਬੰਧੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਸਵੈ-ਇੱਛਤ ਤੌਰ ‘ਤੇ ਸੇਵਾ ਤਿਆਗਣ ਦੀ ਕੀਤੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਦੀਆਂ ਸੇਵਾਵਾਂ 31 ਜੁਲਾਈ ਨੂੰ ਖ਼ਤਮ ਹੋ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮੁੱਖ ਸਕੱਤਰ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਸ੍ਰੀ ਫਤਹਿਗੜ੍ਹ ਸਾਹਿਬ ਗੁਰਦੁਆਰੇ ਵਿਚ ਮੀਟਿੰਗ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸਰਾਂ ਵਿੱਚ ਅਨੈਤਿਕ ਹਰਕਤ ਕਰਨ ਵਾਲੇ ਮੁਲਾਜ਼ਮਾਂ ਨੂੰ ਸੇਵਾਵਾਂ ਤੋਂ ਬਰਖ਼ਾਸਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਥਾਣੇ ਵਿੱਚ ਜਾ ਕੇ ਮਦਦ ਕਰਨ ਵਾਲਿਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਵਾਇਰਲ ਹੋਈ ਵੀਡੀਓ ਵਿੱਚ ਸ਼ਰਾਬ ਪੀਂਦੇ ਸ਼੍ਰੋਮਣੀ ਕਮੇਟੀ ਦੇ ਦੋ ਮੁਲਾਜ਼ਮਾਂ ਨੂੰ ਵੀ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਵਿਵਾਦਤ ਹੱਥ ਲਿਖਤ ਸਰੂਪ ਦੇ ਮਾਮਲੇ ਵਿੱਚ ਦੋਸ਼ੀ ਮੁਲਾਜ਼ਮਾਂ ਵਿਰੁੱਧ ਪੰਜ ਸਿੰਘ ਸਾਹਿਬਾਨ ਵੱਲੋਂ ਦਿੱਤੇ ਕਾਰਵਾਈ ਕਰਨ ਦੇ ਆਦੇਸ਼ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਦੇਵ ਸਿੰਘ ਸੜਕਨਾਮਾ ਦੀ ਪੁਸਤਕ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸ ਬਾਰੇ ਗਲਤ ਟਿੱਪਣੀਆਂ ਨੂੰ ਵਾਚਣ ਲਈ 3 ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ। ਇਸੇ ਤਰ੍ਹਾਂ ਧਰਮੀ ਫ਼ੌਜੀਆਂ ਦੀਆਂ ਮੰਗਾਂ ਨੂੰ ਵਿਚਾਰਨ ਲਈ ਬਣਾਈ ਗਈ ਸਬ ਕਮੇਟੀ ਦੀ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਧਰਮੀ ਫ਼ੌਜੀਆਂ ਦੀ ਇੱਕ ਯਾਦਗਾਰ ਸਥਾਪਤ ਕਰਨ ਦੇ ਐਲਾਨ ਨਾਲ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਅਸਥਾਨ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਅਤੇ ਪਰਿਵਾਰਾਂ ਨੂੰ ਸਨਮਾਨਤ ਕਰਨ ਦਾ ਵੀ ਫ਼ੈਸਲਾ ਲਿਆ ਗਿਆ। ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਢਾਂਚੇ ਨੂੰ ਭੰਗ ਕਰਨ ਦਾ ਐਲਾਨ ਕਰਦਿਆਂ ਪ੍ਰਧਾਨ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਡਾਇਰੈਕਟੋਰੇਟ ਦੀ ਪੁਨਰ ਸਥਾਪਨਾ ਲਈ ਸਬ ਕਮੇਟੀ ਦੀ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਨਵੇਂ ਨਿਯਮਾਂ ਤੇ ਸ਼ਰਤਾਂ ਅਨੁਸਾਰ ਪ੍ਰਿੰਸੀਪਲਾਂ ਤੋਂ ਵੱਖਰੇ ਡਾਇਰੈਕਟਰ ਨਿਯੁਕਤ ਕੀਤੇ ਜਾਣਗੇ। ਪ੍ਰੋ. ਬਡੂੰਗਰ ਨੇ ਕਿਹਾ ਕਿ 1965 ਦੀ ਜੰਗ ਦੌਰਾਨ ਪੰਜਾਬ ਦੀ ਰਖਵਾਲੀ ਲਈ ਡਟਣ ਵਾਲੇ ਸਿੱਖ ਜਨਰਲ ਹਰਬਖ਼ਸ਼ ਸਿੰਘ ਦੇ ਸਤਿਕਾਰ ਵਜੋਂ 9 ਸਤੰਬਰ ਨੂੰ ਪਿੰਡ ਆਸਲ ਉਤਾੜ (ਖੇਮਕਰਨ) ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ਅਤੇ ਦੇਸ਼ ਤੇ ਕੌਮ ਲਈ ਯੋਗਦਾਨ ਪਾਉਣ ਵਾਲੇ ਸਿੱਖ ਯੋਧਿਆਂ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਰਾਇ ਬੁਲਾਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਅਤੇ  ਵਾਤਾਵਰਨ ਦੀ ਸ਼ੁੱਧਤਾ ਲਈ ਸੁਲਤਾਨਪੁਰ ਲੋਧੀ ਵਿਖੇ 2 ਏਕੜ ਰਕਬੇ ਵਿੱਚ ਨਰਸਰੀ ਤਿਆਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਸੰਭਾਲ ਲਹਿਰ ਚਲਾਈ ਜਾਵੇਗੀ। ਉਨ੍ਹਾਂ ਜੂਨ 1984 ਵਿੱਚ ਹਰਿਮੰਦਰ ਸਾਹਿਬ ਉਪਰ ਕੀਤੇ ਗਏ ਫ਼ੌਜੀ ਹਮਲੇ ਸਬੰਧੀ ਬਰਤਾਨੀਆ ਸਰਕਾਰ ਦੀ ਭੂਮਿਕਾ ਦੇ ਸੱਚ ਨੂੰ ਉਜਾਗਰ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੰਬਾਲਾ ਵਿੱਚ ਹਰਜੀਤ ਸਿੰਘ ਨੂੰ ਬੱਸ ਵਿੱਚੋਂ ਉਤਾਰ ਕੇ ਕੁੱਟਮਾਰ ਕਰਨ, ਪਾਤੜਾਂ ਦੀ ਅੰਮ੍ਰਿਤਧਾਰੀ ਲੜਕੀ ਸੰਦੀਪ ਕੌਰ ਨੂੰ ਥਾਣੇਦਾਰ ਵੱਲੋਂ ਗਾਲੀ ਗਲੋਚ ਕਰਨ ਅਤੇ ਜ਼ੀਰਕਪੁਰ ਵਿੱਚ ਸਿੱਖ ਡਰਾਈਵਰ ਨੂੰ ਬੱਸ ਵਿੱਚੋਂ ਉਤਾਰ ਕੇ ਕੁੱਟਣ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ।
ਹਰਚਰਨ ਸਿੰਘ ਨੇ ਕਿਹਾ-ਨਿੱਜੀ ਕਾਰਨਾਂ ਕਰਕੇ ਅਸਤੀਫ਼ਾ :
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ  ਅਚਨਚੇਤੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੇ ਅਸਤੀਫ਼ੇ ਨਾਲ ਚਲ ਰਿਹਾ ਅਦਾਲਤੀ ਕੇਸ ਵੀ ਆਪੇ ਖ਼ਤਮ ਹੋ ਜਾਣ ਦੀ ਸੰਭਾਵਨਾ ਹੈ। ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕੁਝ ਮਹੀਨਿਆਂ ਤੋਂ ਇਹ ਸੇਵਾ ਛੱਡਣ ਬਾਰੇ ਮਨ ਬਣਾ ਰਹੇ ਸਨ ਕਿਉਂਕਿ ਕੁਝ ਘਰੇਲੂ ਰੁਝੇਵੇਂ ਅਤੇ ਅਧੂਰੇ ਪਏ ਕੰਮ ਪੂਰੇ ਕਰਨ ਵਾਲੇ ਹਨ। ਉਹ ਇਕ ਪੁਸਤਕ ਵੀ ਲਿਖ ਰਹੇ ਹਨ, ਜਿਸ ਨੂੰ ਉਹ ਪੂਰਾ ਕਰਨਗੇ। ਉਨ੍ਹਾਂ ਆਖਿਆ ਕਿ ਉਹ ਨੌਕਰੀ ਕਰਨ ਦੇ ਮੰਤਵ ਨਾਲ ਨਹੀਂ ਸਗੋਂ ਸੇਵਾ ਕਰਨ ਦੇ ਮੰਤਵ ਨਾਲ ਸ਼੍ਰੋਮਣੀ ਕਮੇਟੀ ਵਿਚ ਆਏ ਸਨ ਅਤੇ ਉਨ੍ਹਾਂ ਸਿੱਖ ਸੰਸਥਾ ਵਿੱਚ ਸੁਧਾਰ ਲਿਆਉਣ ਦਾ ਯਤਨ ਕੀਤਾ। ਉਹ ਹੁਣ ਪਰਿਵਾਰ ਵੱਲੋਂ ਚਲਾਏ ਜਾ ਰਹੇ ਬਿਰਧ ਆਸ਼ਰਮ ਦੀ ਸੇਵਾ ਵਿੱਚ ਵੀ ਹੱਥ ਵੰਡਾਉਣਗੇ। ਇਸ ਬਿਰਧ ਆਸ਼ਰਮ ਦੀ ਸੇਵਾ ਲਈ ਉਨ੍ਹਾਂ ਦੇ ਪਰਿਵਾਰ ਵੱਲੋਂ ਹਰ ਮਹੀਨੇ ਕਰੀਬ ਚਾਰ ਲੱਖ ਰੁਪਏ ਖ਼ਰਚ ਕੀਤੇ ਜਾਂਦੇ ਹਨ। ਸ੍ਰੀ ਹਰਚਰਨ ਸਿੰਘ 26 ਅਗਸਤ 2015 ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨਿਯੁਕਤ ਕੀਤੇ ਗਏ ਸਨ। ਨਿਯੁਕਤੀ ਸਮੇਂ ਉਨ੍ਹਾਂ ਨੂੰ ਤਿੰਨ ਲੱਖ ਰੁਪਏ ਪ੍ਰਤੀ ਮਹੀਨਾ ਤਨਖ਼ਾਹ, ਰਿਹਾਇਸ਼ ਅਤੇ ਆਵਾਜਾਈ ਲਈ ਵਾਹਨ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਸਨ। ਉਨ੍ਹਾਂ ਪਹਿਲੀ ਮਾਰਚ 2017  ਨੂੰ ਤਨਖ਼ਾਹ ਘਟਾ ਕੇ ਇੱਕ ਲੱਖ ਰੁਪਏ ਲੈਣ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਮੁੱਖ ਸਕੱਤਰ ਦੀ ਨਿਯੁਕਤੀ ਸਮੇਂ ਸਿੱਖ ਸਦਭਾਵਨਾ ਦਲ ਵੱਲੋਂ ਰੋਸ ਵਿਖਾਵਾ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ 1920 ਵੱਲੋਂ ਫ਼ੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਵੀ ਦਿੱਤੀ ਗਈ ਸੀ ਜੋ ਵਿਚਾਰ ਅਧੀਨ ਹੈ। ਸਿੱਖ ਜਥੇਬੰਦੀਆਂ ਨੇ ਦੋਸ਼ ਲਾਇਆ ਸੀ ਕਿ ਉਮਰ ਸਬੰਧੀ ਸ਼ਰਤ ਅਤੇ ਵੱਧ ਤੋਂ ਵੱਧ ਤਨਖ਼ਾਹ ਦੇ ਨਿਯਮਾਂ ਨੂੰ ਛਿੱਕੇ ਟੰਗ ਦਿੱਤਾ ਗਿਆ ਹੈ।