ਬੰਦੀ ਛੋੜ ਦਿਵਸ ‘ਤੇ ਕੋਈ ਅਣਸੁਖਾਵੀਂ ਘਟਨਾ ਵਾਪਰੀ ਤਾਂ ਕਮੇਟੀ ਤੇ ਸਰਕਾਰ ਹੋਣਗੇ ਜ਼ਿੰਮੇਵਾਰ : ਗਿਆਨੀ ਗੁਰਬਚਨ ਸਿੰਘ

ਬੰਦੀ ਛੋੜ ਦਿਵਸ ‘ਤੇ ਕੋਈ ਅਣਸੁਖਾਵੀਂ ਘਟਨਾ ਵਾਪਰੀ ਤਾਂ ਕਮੇਟੀ ਤੇ ਸਰਕਾਰ ਹੋਣਗੇ ਜ਼ਿੰਮੇਵਾਰ : ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ/ਬਿਊਰੋ ਨਿਊਜ਼ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਨੂੰ ਮੀਡੀਆ ਰਾਹੀਂ ਸਖ਼ਤੀ ਨਾਲ ਤਾੜਨਾ ਕੀਤੀ ਕਿ ਇਸ ਵਾਰ ਜੇਕਰ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਤਵਾਜ਼ੀ ਜਥੇਦਾਰਾਂ ਵਲੋਂ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਲਈ ਉਹ ਦੋਵੇਂ ਧਿਰਾਂ ਜ਼ਿੰਮੇਵਾਰ ਹੋਣਗੀਆਂ। ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੁਤਵਾਜ਼ੀ ਜਥੇਦਾਰਾਂ ਵਲੋਂ ਆਪਣੀ ਵੱਖਰੀ ਰਵਾਇਤ ਲਾਗੂ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਹਰ ਤਨਖਾਹਾਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ, ਜੋ ਕਿ ਮਰਯਾਦਾ ਦੇ ਬਿਲਕੁਲ ਉਲਟ ਹੈ। ਮੁਤਵਾਜ਼ੀ ਜਥੇਦਾਰਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਲੈਟਰਪੈਡ ਦੀ ਵਰਤੋਂ ਕਰਨ ਅਤੇ ਜਗੀਰ ਕੌਰ ਤੇ ਬਲਦੇਵ ਸਿੰਘ ਕਾਇਮਪੁਰ ਦੀ ਅਗਵਾਈ ਵਿਚ ਸ਼ੋਮ੍ਰਣੀ ਕਮੇਟੀ ਮੈਂਬਰਾਂ ਵਲੋਂ ਮੁਤਵਾਜ਼ੀ ਜਥੇਦਾਰਾਂ ਵਿਰੁੱਧ ਕਾਰਵਾਈ ਕਰਨ ਹਿਤ ਦਿੱਤੇ ਗਏ ਮੰਗ ਪੱਤਰ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ 11 ਮੈਂਬਰੀ ਸਲਾਹਕਾਰ ਕਮੇਟੀ ਦੀ ਸਲਾਹ ਲੈ ਕੇ ਤੇ ਪੰਜ ਸਿੰਘ ਸਾਹਿਬਾਨ ਵਲੋਂ ਵਿਚਾਰ ਕਰਕੇ ਸ਼੍ਰੋਮਣੀ ਕਮੇਟੀ ਨੂੰ ਕਾਰਵਾਈ ਲਈ ਸਖ਼ਤ ਹਦਾਇਤ ਕੀਤੀ ਜਾਵੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਤੀ ਪਹਿਲੀ ਵਾਰ ਸਖ਼ਤ ਨਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਸ਼੍ਰੋਮਣੀ ਕਮੇਟੀ ਨੂੰ ਵੀ ਖਿੱਚਿਆ ਜਾਵੇਗਾ, ਕਿਉਂਕਿ ਜੋ ਕੁਝ ਵਾਪਰ ਰਿਹਾ ਹੈ, ਉਹ ਸ਼੍ਰੋਮਣੀ ਕਮੇਟੀ ਵਲੋਂ ਵਰਤੀ ਜਾਂਦੀ ਢਿੱਲਮੱਠ ਕਰਕੇ ਹੀ ਵਾਪਰ ਰਿਹਾ ਹੈ। ਜਗੀਰ ਕੌਰ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਾਮਲਾ ਅਜੇ ਵਿਚਾਰ ਅਧੀਨ ਪਿਆ ਹੈ, ਪਹਿਲਾਂ ਪੰਥ ਨੂੰ ਦਰਪੇਸ਼ ਹਾਲੀਆ ਮਾਮਲਿਆਂ ਬਾਰੇ ਵਿਚਾਰ ਕਰਨ ਤੋਂ ਬਾਅਦ ਹੀ ਇਸ ‘ਤੇ ਵਿਚਾਰ ਕੀਤੀ ਜਾਵੇਗੀ।