ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੂਜੇ ਸੂਬਿਆਂ ਦੀਆਂ ਜੇਲ੍ਹਾਂ ‘ਚ ਬੰਦ ਦੋ ਸਿੰਘਾਂ ਦੇ ਹੱਕ ‘ਚ ਪੈਰਵਾਈ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੂਜੇ ਸੂਬਿਆਂ ਦੀਆਂ ਜੇਲ੍ਹਾਂ ‘ਚ ਬੰਦ ਦੋ ਸਿੰਘਾਂ ਦੇ ਹੱਕ ‘ਚ ਪੈਰਵਾਈ

ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਜੁਝਾਰੂ ਗੁਰਦੀਪ ਸਿੰਘ ਖੇੜਾ ਨੂੰ ਉਸ ਦੇ ਚੰਗੇ ਵਿਹਾਰ ਦੇ ਆਧਾਰ ‘ਤੇ ਅਗਾਊਂ ਰਿਹਾਅ ਕਰਨ ਲਈ ਕਰਨਾਟਕ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ।
ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਨੂੰ ਖੇੜਾ ਦਾ ਕੇਸ ਹਮਦਰਦੀ ਦੇ ਆਧਾਰ ‘ਤੇ ਵਿਚਾਰਨ ਲਈ ਆਖਿਆ ਹੈ। ਖੇੜਾ ਨੂੰ ਸਾਲ 2015 ਵਿਚ ਕਰਨਾਟਕ ਦੀ ਗੁਲਬਰਗਾ ਜੇਲ੍ਹ ਤੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਸੀ ਜੋ ਇਥੇ ਦੂਹਰੀ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਨੇ ਗੁਰਦੀਪ ਸਿਘ ਉਰਫ ਦੀਪ ਪੁੱਤਰ ਬੰਤਾ ਸਿੰਘ ਦੇ ਮਾਮਲੇ ਨੂੰ ਵਿਚਾਰਨ ਲਈ ਕਰਨਾਟਕ ਦੇ ਜੇਲ੍ਹ ਵਿਭਾਗ ਨੂੰ ਸਲਾਹ ਦੇਣ ਵਾਸਤੇ ਸ੍ਰੀ ਕੁਮਾਰਾਸਵਾਮੀ ਦੇ ਸਹਿਯੋਗ ਦੀ ਮੰਗ ਕੀਤੀ ਹੈ।ਖੇੜਾ ਦਿੱਲੀ ਤੇ ਬਿਦਰ ਬੰਬ ਧਮਾਕਿਆਂ ਦੇ ਮਾਮਲਿਆਂ ਵਿਚ ਵੱਖ-ਵੱਖ ਧਾਰਾਵਾਂ ਅਧੀਨ ਪਿਛਲੇ 25 ਸਾਲਾਂ ਤੋਂ ਸਜ਼ਾ ਭੁਗਤ ਰਿਹਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੀ ਕਰਨਾਟਕ ਸਰਕਾਰ ਕੋਲ ਇਸ ਮਾਮਲੇ ਨੂੰ ਉਠਾਇਆ ਸੀ ਜਿਸ ਨੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਅਧੀਨ ਆਪਣੀ ਅਸਮਰੱਥਾ ਜ਼ਾਹਰ ਕੀਤੀ ਸੀ।
ਇਸ ਦੌਰਾਨ ਕੈਪਟਨ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭੱਪ ਪੁੱਤਰ ਤਾਰਾ ਸਿੰਘ ਨੂੰ ਕੇਂਦਰੀ ਜੇਲ੍ਹ ਜੈਪੁਰ ਤੋਂ ਪੰਜਾਬ ਦੀ ਕਿਸੇ ਢੁਕਵੀਂ ਜੇਲ੍ਹ ਵਿਚ ਤਬਦੀਲ ਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੀ ਮੁੱਖ ਮੰਤਰੀ ਸ੍ਰੀਮਤੀ ਵਸੁੰਧਰਾ ਰਾਜੇ ਨੂੰ ਵੀ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਰਾਜਸਥਾਨ ਦੇ ਪੁਲੀਸ ਮੁਖੀ ਨੇ ਇਸ ਸਾਲ ਜੂਨ ਮਹੀਨੇ ਵਿਚ ਗ੍ਰਹਿ ਵਿਭਾਗ ਨੂੰ ਆਪਣੀ ਸਿਫਾਰਸ਼ ਪਹਿਲਾਂ ਹੀ ਭੇਜੀ ਹੋਈ ਹੈ ਅਤੇ ਅੰਤਿਮ ਪ੍ਰਵਾਨਗੀ ਦੀ ਉਡੀਕ ਹੈ। ਜ਼ਿਕਰਯੋਗ ਹੈ ਕਿ ਬਰਗਾੜੀ ਵਿਚ ਸਾਬਕਾ ਲੋਕ ਸਭਾ ਮੈਂਬਰ ਧਿਆਨ ਸਿੰਘ ਮੰਡ ਤੇ ਸੰਤ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਧਰਨਾ ਦੇ ਰਹੇ ਸਿੱਖਾਂ ਨੇ ਇਸ ਸਬੰਧ ਵਿਚ ਪਿਛਲੇ ਦਿਨੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਤੇ ਆਪਣੀਆਂ ਮੰਗਾਂ ਰੱਖੀਆਂ ਸਨ ਤੇ ਕੁਝ ਮੰਗਾਂ ਬਾਰੇ ਸਹਿਮਤੀ ਹੋ ਗਈ ਸੀ। ਮੁੱਖ ਮੰਤਰੀ ਨੇ ਮਸਲੇ ਦੇ ਹੱਲ ਲਈ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਡਿਊਟੀ ਲਾਈ ਹੋਈ ਹੈ ਤੇ ਉਹ ਤਿੰਨ ਚਾਰ ਵਾਰ ਗੱਲਬਾਤ ਕਰ ਚੁੱਕੇ ਹਨ।