ਮੁਤਵਾਜ਼ੀ ਜਥੇਦਾਰ ਵੱਲੋਂ ਬਹਿਬਲ ਕਲਾਂ ਕਾਂਡ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੀ ਸਖਤ ਨਿਖੇਧੀ

ਮੁਤਵਾਜ਼ੀ ਜਥੇਦਾਰ ਵੱਲੋਂ ਬਹਿਬਲ ਕਲਾਂ ਕਾਂਡ ਦੀ ਜਾਂਚ ਸੀਬੀਆਈ  ਹਵਾਲੇ ਕਰਨ ਦੀ ਸਖਤ ਨਿਖੇਧੀ

ਜਲੰਧਰ/ਬਿਊਰੋ ਨਿਊਜ਼ ;

ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਬਰਗਾੜੀ ਇਨਸਾਫ਼ ਮੋਰਚਾ ਦੇ ਮੁਖੀ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਹੈ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਬਾਰੇ ਸਚਾਈ ਸਾਹਮਣੇ ਆ ਚੁੱਕੀ ਹੈ, ਪਰ ਸਰਕਾਰ ਪਤਾ ਨਹੀਂ ਕਿਹੜੀ ਮਜਬੂਰੀ ਕਾਰਨ ਇਸ ਉੱਪਰ ਪਰਦਾ ਪਾਉਣ ਦੇ ਯਤਨ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਬਹਿਬਲ ਕਲਾਂ ਕਾਂਡ ਦੀ ਜਾਂਚ ਸੀਬੀਆਈ. ਹਵਾਲੇ ਕਰਨ ਤੇ ਮੋਰਚੇ ਦੀਆਂ ਤਿੰਨ ਮੰਗਾਂ ਬਾਰੇ ਕੋਈ ਸਪੱਸ਼ਟ ਐਲਾਨ ਨਾ ਕੀਤੇ ਜਾਣ ਦੀ ਸਖ਼ਤ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਜਦ ਤੱਕ ਸਰਕਾਰ ਬਰਗਾੜੀ ਆ ਕੇ ਸਿੱਖ ਪੰਥ ਦੀਆਂ ਤਿੰਨ ਮੰਗਾਂ ਮੰਨਣ ਬਾਰੇ ਸਪੱਸ਼ਟ ਐਲਾਨ ਨਹੀਂ ਕਰਦੀ ਤਦ ਤੱਕ ਮੋਰਚਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬਰਗਾੜੀ ਧਰਨੇ ‘ਚ ਆਏ ਮੰਤਰੀ ਨੂੰ ਅਸੀਂ ਸਪੱਸ਼ਟ ਕਰ ਦਿੱਤਾ ਸੀ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਹੋਵੇ ਅਤੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਫੜਨ, ਬਹਿਬਲ ਕਲਾਂ ਗੋਲੀ ਕਾਂਡ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਤੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਜਾਵੇ।