ਚੋਣ ਜ਼ਾਬਤੇ ਦੀ ਉਲੰਘਣਾ : ਆਮ ਆਦਮੀ ਪਾਰਟੀ ਨੂੰ ਨੋਟਿਸ

0
482

aap
ਜਲੰਧਰ/ਬਿਊਰੋ ਨਿਊਜ਼ :
ਆਮ ਆਦਮੀ ਪਾਰਟੀ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ 2 ਮਾਮਲਿਆਂ ਵਿੱਚ ਚੋਣ ਅਧਿਕਾਰੀਆਂ ਨੇ ਨੋਟਿਸ ਭੇਜੇ ਹਨ। ਜਾਣਕਾਰੀ ਅਨੁਸਾਰ ‘ਆਪ’ ਵੱਲੋਂ ਜਲੰਧਰ ਛਾਉਣੀ ਅਤੇ ਜਲੰਧਰ ਕੇਂਦਰੀ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ। ਮਿੱਠਾਪੁਰ ਅਤੇ ਅਲੀਪੁਰ ਵਿੱਚ ‘ਆਪ’ ਦੇ ਵਰਕਰ ਲੋਕਾਂ ਦੇ ਨੀਲੇ ਕਾਰਡ ਬਣਾਉਣ ਲਈ ਫਾਰਮ ਭਰਵਾ ਰਹੇ ਸਨ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ‘ਆਪ’ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜਲੰਧਰ ਛਾਉਣੀ ਹਲਕੇ ਦੇ ਚੋਣ ਅਧਿਕਾਰੀ ਆਰ.ਪੀ ਸਿੰਘ ਨੇ ਦੱਸਿਆ ਕਿ ਇਹ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਹੈ ਤੇ ਪਾਰਟੀ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ। ਇੱਕ ਹੋਰ ਮਾਮਲੇ ਵਿੱਚ ‘ਆਪ’ ਦੇ ਐਲਾਨੇ ਉਮੀਦਵਾਰ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਜਲੰਧਰ ਕੇਂਦਰ ਵਿਧਾਨ ਸਭਾ ਹਲਕੇ ਵਿੱਚ ਇੱਕ ਆਟੋ-ਰਿਕਸ਼ਾ ‘ਤੇ ਐੱਲਈਡੀ ਲਾ ਕੇ ਪਾਰਟੀ ਦੇ ਉਮੀਦਵਾਰ ਸੰਜੀਵ ਸ਼ਰਮਾ ਦਾ ਪ੍ਰਚਾਰ ਕੀਤਾ ਜਾ ਰਿਹਾ ਸੀ। ਚੋਣ ਅਧਿਕਾਰੀ ਰਾਜੀਵ ਵਰਮਾ ਨੇ ਦੱਸਿਆ ਕਿ ਆਟੋ ਰਿਕਸ਼ੇ ‘ਤੇ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਲਈ ਗਈ ਸੀ। ਉਨ੍ਹਾਂ ਕਿਹਾ ਕਿ ਚੋਣ ਅਧਿਕਾਰੀ ਦੇ ਹੁਕਮਾਂ ‘ਤੇ ਆਟੋ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਵਿਰੁੱਧ 188 ਸੀਆਰਪੀਸੀ ਧਾਰਾ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ‘ਆਪ’ ਨੂੰ ਨੋਟਿਸ ਭੇਜਿਆ ਗਿਆ ਹੈ।