ਜਥੇਦਾਰ ਸ੍ਰੀ ਅਕਾਲ ਤਖ਼ਤ ਵੱਲੋਂ ਸਿੱਖ ਕੌਮ ਨੂੰ ਘੱਲੂਘਾਰਾ ਦਿਨ ਸ਼ਾਂਤਮਈ ਢੰਗ ਨਾਲ ਮਨਾਉਣ ਦਾ ਅਪੀਲ ਗੁਰਬਾਣੀ ਬਾਰੇ ਗਲਤ ਪਰਚਾਰ ਕਰਨ ਵਾਲੇ ਨਰਾਇਣ ਦਾਸ ਖ਼ਿਲਾਫ਼ ਹੋਵੇਗੀ ਕਾਨੂੰਨੀ ਚਾਰਾਜੋਈ

0
129

Giani Gurbachan Singh Akal Takht Jathedar  addressing the Media person in Amritsar on Friday photo Vishal kumar

ਅੰਮ੍ਰਿਤਸਰ/ਬਿਊਰੋ ਨਿਊਜ਼ :

ਹਰਿਮੰਦਰ ਸਾਹਿਬ ਸਮੂਹ ਵਿੱਚ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਬਾਰੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਇਸ ਸਬੰਧੀ ਅਰਦਾਸ ਦਿਵਸ ਨੂੰ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਸ਼ਾਂਤਮਈ ਢੰਗ ਨਾਲ ਮਨਾਇਆ ਜਾਵੇ। ਇਸ ਮੌਕੇ ਕੋਈ ਹੁੱਲੜਬਾਜ਼ੀ ਅਤੇ ਨਾਅਰੇਬਾਜ਼ੀ ਕਰਕੇ ਮਰਿਆਦਾ ਨੂੰ ਭੰਗ ਕਰਨ ਦਾ ਯਤਨ ਨਾ ਕਰੇ। ਉਨ੍ਹਾਂ ਇਹ ਵੀ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਿਯੁਕਤ ਅਤੇ ਕੌਮ ਵੱਲੋਂ ਮਾਨਤਾ ਪ੍ਰਾਪਤ ਅਕਾਲ ਤਖ਼ਤ ਦੇ ਜਥੇਦਾਰ ਨੂੰ ਹੀ ਇਸ ਮੌਕੇ ਸਿਰਫ਼ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਦਾ ਹੱਕ ਹੈ।
ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸਮੁੱਚੀ ਕੌਮ ਵੱਲੋਂ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਜ਼ਖ਼ਮ ਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਉਨ੍ਹਾਂ ਆਖਿਆ ਕਿ ਇਸ ਦਿਵਸ ਨੂੰ ਸ਼ਾਂਤਮਈ ਢੰਗ ਨਾਲ ਮਨਾਉਣਾ ਚਾਹੀਦਾ ਹੈ ਤੇ ਇਸ ਮੌਕੇ ਨਾਅਰੇਬਾਜ਼ੀ ਅਤੇ ਹੁੱਲੜਬਾਜ਼ੀ ਨਹੀਂ ਕੀਤੀ ਜਾਣੀ ਚਾਹੀਦੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਗੁਰੂ ਘਰ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾ ਸਕੇ।
ਮੁਤਵਾਜ਼ੀ ਜਥੇਦਾਰਾਂ ਵਿੱਚ ਸ਼ਾਮਲ ਭਾਈ ਧਿਆਨ ਸਿੰਘ ਮੰਡ ਵੱਲੋਂ ਛੇ ਜੂਨ ਨੂੰ ਇੱਥੋਂ ਸਿੱਖ ਕੌਮ ਦੇ ਨਾਂ ਸੰਦੇਸ਼  ਜਾਰੀ ਕਰਨ ਦੇ ਕੀਤੇ ਐਲਾਨ ਬਾਰੇ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਿਯੁਕਤ ਜਥੇਦਾਰ ਨੂੰ ਹੀ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਦਾ ਹੱਕ ਹੈ। ਉਨ੍ਹਾਂ ਆਖਿਆ ਕਿ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਅਣਸੁਖਾਵਾਂ ਮਾਹੌਲ ਪੈਦਾ ਹੁੰਦਾ ਹੈ ਤਾਂ ਉਸ ਲਈ ਪ੍ਰਸ਼ਾਸਨ ਤੇ ਸਰਕਾਰ ਜ਼ਿੰਮੇਵਾਰ ਹੋਣਗੇ।
ਘੱਲੂਘਾਰਾ ਦਿਵਸ ਵੱਖ ਵੱਖ ਥਾਵਾਂ ‘ਤੇ ਮਨਾਏ ਜਾਣ ਸਬੰਧੀ ਉਨ੍ਹਾਂ ਆਖਿਆ ਕਿ ਪਹਿਲਾਂ ਇਹ ਦਿਵਸ ਸਿਰਫ਼ ਕੌਮੀ ਤੌਰ ‘ਤੇ ਅਕਾਲ ਤਖ਼ਤ ‘ਤੇ ਹੀ ਮਨਾਇਆ ਜਾਂਦਾ ਸੀ, ਪਰ ਹੁਣ ਕੁਝ ਜਥੇਬੰਦੀਆਂ ਵੱਲੋਂ ਇਸ ਨੂੰ ਵੱਖਰੇ ਤੌਰ ‘ਤੇ ਵੀ ਮਨਾਇਆ ਜਾ ਰਿਹਾ ਹੈ। ਜਥੇਬੰਦੀਆਂ ਦੇ ਨੁਮਾਇੰਦੇ ਪਹਿਲਾਂ ਕੌਮੀ ਪ੍ਰੋਗਰਾਮ ਵਿੱਚ ਹਾਜ਼ਰੀ ਭਰਦੇ ਹਨ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਗੁਰਬਾਣੀ ‘ਤੇ ਕਿੰਤੂ-ਪ੍ਰੰਤੂ ਕਰਨ ਵਾਲੇ ਨਰਾਇਣ ਦਾਸ ਬਾਰੇ ਉਨ੍ਹਾਂ ਆਖਿਆ ਕਿ ਇਸ ਸਬੰਧੀ ਸ਼ਿਕਾਇਤਾਂ ਅਤੇ ਉਸ ਵੱਲੋਂ ਭੇਜਿਆ ਮੁਆਫ਼ੀ ਪੱਤਰ ਪ੍ਰਾਪਤ ਹੋਇਆ ਹੈ। ਮੁਆਫ਼ੀ ਪੱਤਰ ਈਮੇਲ ਰਾਹੀਂ ਭੇਜਿਆ ਗਿਆ ਹੈ ਤੇ ਕੋਈ ਨਿੱਜੀ ਤੌਰ ‘ਤੇ ਇਸ ਨੂੰ ਲੈ ਕੇ ਨਹੀਂ ਆਇਆ ਹੈ। ਮੁਆਫ਼ੀ ਪੱਤਰ ਹੇਠਾਂ ਉਸ ਦੇ ਦਸਤਖ਼ਤ ਵੀ ਨਹੀਂ ਹਨ। ਉਨ੍ਹਾਂ ਆਖਿਆ ਕਿ ਅਜਿਹੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੇ ਆਗੂਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਚਾਰਾਜੋਈ ਕੀਤੀ ਜਾਵੇ। ਨਿਊਜ਼ੀਲੈਂਡ ਦੇ ਹਰਨੇਕ ਸਿੰਘ ਨੇਕੀ ਬਾਰੇ ਉਨ੍ਹਾਂ ਆਖਿਆ ਕਿ ਹੁਣ ਤੱਕ ਉਸ ਨੇ ਆਪਣਾ ਸਪੱਸ਼ਟੀਕਰਨ ਨਹੀਂ ਭੇਜਿਆ ਹੈ। ਜੇਕਰ ਉਹ ਸਪੱਸ਼ਟੀਕਰਨ ਲਈ ਹਾਜ਼ਰ ਨਹੀਂ ਹੁੰਦਾ ਤਾਂ ਪੰਥਕ ਮਰਿਆਦਾ ਅਨੁਸਾਰ ਕਾਰਵਾਈ ਹੋਵੇਗੀ। ਸਿੱਖ ਪ੍ਰਚਾਰਕਾਂ ਅਤੇ ਦਮਦਮੀ ਟਕਸਾਲ ਵਿਚਾਲੇ ਪੈਦਾ ਹੋਏ ਮਤਭੇਦਾਂ ਨੂੰ ਖਤਮ ਕਰਨ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ 6 ਜੂਨ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਇਸ ਸਬੰਧੀ ਉਪਰਾਲਾ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਆਗੂਆਂ ਕੋਲੋਂ ਵੀ ਸਲਾਹ ਲਈ ਜਾਵੇਗੀ।
ਉਧਰ ਡਿਪਟੀ ਕਮਿਸ਼ਨਰ ਪੁਲੀਸ ਕਮ-ਕਾਰਜਕਾਰੀ ਮੈਜਿਸਟਰੇਟ ਅਮਰੀਕ ਸਿੰਘ ਪਵਾਰ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਕਿਸਮ ਦੇ ਹਥਿਆਰ ਤੇ ਅਸਲਾ ਲੈ ਕੇ ਚੱਲਣ ‘ਤੇ ਪਾਬੰਦੀ ਲਾਈ ਹੈ। ਇਹ ਹੁਕਮ 1 ਜੂਨ ਤੋਂ ਅਗਲੇ ਹੁਕਮਾਂ ਤਕ ਜਾਰੀ ਰਹੇਗਾ।