ਕੈਪਟਨ ਨੇ ਕੇਂਦਰ ਕੋਲ ਕਾਲੀ ਸੂਚੀ ‘ਚ ਸ਼ਾਮਲ ਸਿੱਖਾਂ ਦਾ ਮੁੱਦਾ ਉਠਾਇਆ

0
737

amrinder-sushma
ਸੁਸ਼ਮਾ ਸਵਰਾਜ ਨੇ ਮਾਮਲਾ ਗ੍ਰਹਿ ਮੰਤਰਾਲੇ ਨਾਲ ਵਿਚਾਰਨ ਦਾ ਦਿੱਤਾ ਭਰੋਸਾ
ਨਵਾਂ ਸ਼ਹਿਰ ‘ਚ ਵੀ ਬਣੇਗਾ ਪਾਸਪੋਰਟ ਦਫ਼ਤਰ
ਨਵੀਂ ਦਿੱਲੀ/ਬਿਊਰੋ ਨਿਊਜ਼ :
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਕੇ ਵਿਦੇਸ਼ਾਂ ਵਿਚ ਵਸੇ ਸਿੱਖਾਂ ਦੀ ਕਾਲੀ ਸੂਚੀ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਰਹਿ ਰਹੇ ਕੁਝ ਸਿੱਖਾਂ ‘ਤੇ ਕਥਿਤ ਤੌਰ ‘ਤੇ ਭਾਰਤ ਵਿਰੋਧੀ ਗਤੀਵਿਧੀਆਂ ਤੇ ਭੰਨ-ਤੋੜ ਦੀ ਕਾਰਵਾਈ ਦਾ ਦੋਸ਼ ਲਗਾ ਕੇ ਕੇਂਦਰ ਸਰਕਾਰ ਦੀ ਕਾਲੀ ਸੂਚੀ ਵਿਚ ਪਾਇਆ ਗਿਆ ਹੈ। ਕੈਪਟਨ ਨੇ ਇਨ੍ਹਾਂ ਸਿੱਖ ਨੌਜਵਾਨਾਂ ਦੇ ਨਾਂ ਇਸ ਕਾਲੀ ਸੂਚੀ ਵਿਚੋਂ ਹਟਾਉਣ ‘ਚ ਹੋ ਰਹੀ ਦੇਰੀ ‘ਤੇ ਚਿੰਤਾ ਜ਼ਾਹਰ ਕੀਤੀ। ਇਨ੍ਹਾਂ ਸਿੱਖ ਨੌਜਵਾਨਾਂ ਦਾ ਨਾਂ ਕਾਲੀ ਸੂਚੀ ਵਿਚ ਹੋਣ ਕਾਰਨ, ਇਨ੍ਹਾਂ ਦੇ ਭਾਤ ਆਉਣ ‘ਤੇ ਪਾਬੰਦੀ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਵਿਦੇਸ਼ ਮੰਤਰੀ ਨੇ ਵਿਦੇਸ਼ੀਂ ਵੱਸੇ ਸਿੱਖਾਂ ਦੀ ਕਾਲੀ ਸੂਚੀ ਦਾ ਮਾਮਲਾ ਗ੍ਰਹਿ ਮੰਤਰਾਲੇ ਨਾਲ ਵਿਚਾਰਨ ਦਾ ਵੀ ਭਰੋਸਾ ਦਿੱਤਾ। ਕੈਪਟਨ ਨੇ ਵਿਦੇਸ਼ਾਂ ਵਿਚ ਰਹਿ ਰਹੇ ਪੰਜਾਬੀਆਂ ਤੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ‘ਤੇ ਵੀ ਵਿਦੇਸ਼ ਮੰਤਰੀ ਨਾਲ ਗੱਲ ਕੀਤੀ। ਮੁੱਖ ਮੰਤਰੀ ਨੇ ਇਸ ਤਰ੍ਹਾਂ ਦੇ ਹਮਲਿਆਂ ਤੋਂ ਬਚਾਉਣ ਲਈ ਕੌਮਾਂਤਰੀ ਪੱਧਰ ‘ਤੇ ਮੁੱਦਾ ਚੁੱਕਣ ਦੀ ਅਪੀਲ ਕੀਤੀ। ਇਸ ‘ਤੇ ਸੁਸ਼ਮਾ ਸਵਰਾਜ ਨੇ ਕਿਹਾ ਕਿ ਪੰਜਾਬੀਆਂ ਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ‘ਤੇ ਉਹ ਜ਼ੋਰ ਦੇ ਰਹੇ ਹਨ। ਇਸ ਤੋਂ ਇਲਾਵਾ ਸੁਸ਼ਮਾ ਸਵਰਾਜ ਨੇ ਕੈਪਟਨ ਦੀ ਮੰਗ ਮੰਨਦਿਆਂ ਸੂਬੇ ਵਿੱਚ ਨਵਾਂਸ਼ਹਿਰ ਵਿਖੇ ਇਕ ਹੋਰ ਪਾਸਪੋਰਟ ਦਫ਼ਤਰ ਖੋਲ੍ਹਣ ਲਈ ਹਾਮੀ ਭਰ ਦਿੱਤੀ ਹੈ। ਇਸ ਨਾਲ ਦੋਆਬੇ ਦੇ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਫ਼ਾਇਦਾ ਹੋਵੇਗਾ।
ਕੈਪਟਨ ਨੇ ਬੀਬੀ ਸਵਰਾਜ ਦਾ ਹਾਲ-ਚਾਲ ਜਾਨਣ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦਾ ਹਾਲ ਹੀ ਵਿੱਚ ਗੁਰਦਾ ਬਦਲਿਆ ਗਿਆ ਹੈ। ਇਸ ਸੰਖੇਪ ਸਦਭਾਵਨਾ ਮੀਟਿੰਗ ਦੌਰਾਨ ਬੀਬੀ ਸਵਰਾਜ ਨੇ ਕੈਪਟਨ ਨੂੰ ਵਿਦੇਸ਼ੀਂ ਵੱਸੇ ਪੰਜਾਬੀਆਂ ਤੇ ਸਿੱਖਾਂ ਦੀ ਸਲਾਮਤੀ ਲਈ ਕੇਂਦਰ ਸਰਕਾਰ ਵੱਲੋਂ ਸਭ ਸੰਭਵ ਕਦਮ ਚੁੱਕੇ ਜਾਣ ਦਾ ਵੀ ਭਰੋਸਾ ਦਿੱਤਾ। ਇਹ ਜਾਣਕਾਰੀ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੇ ਇਕ ਤਰਜਮਾਨ ਨੇ ਦਿੱਤੀ।
ਗ਼ੌਰਤਲਬ ਹੈ ਕਿ ਕੇਂਦਰ ਨੇ ਹਾਲ ਹੀ ਵਿੱਚ ਪਟਿਆਲਾ ਵਿੱਚ ਵੀ ਇਕ ਪਾਸਪੋਰਟ ਦਫ਼ਤਰ ਖੋਲ੍ਹਣ ਲਈ ਹਰੀ ਝੰਡੀ ਦਿੱਤੀ ਹੈ, ਜਿਸ ਦਾ ਛੇਤੀ ਹੀ ਆਗ਼ਾਜ਼ ਹੋਣ ਵਾਲਾ ਹੈ। ਕੈਪਟਨ ਨੇ ਆਪਸੀ ਲਾਭ ਲਈ ਪੰਜਾਬ-ਇਸਰਾਈਲ ਵਰਕਿੰਗ ਗਰੁੱਪ ਕਾਇਮ ਕੀਤੇ ਜਾਣ ਦਾ ਮੁੱਦਾ ਵੀ ਉਠਾਇਆ। ਇਸਰਾਈਲ ਦੇ ਰਾਜਦੂਤ ਨੇ ਕੈਪਟਨ ਨਾਲ ਮੀਟਿੰਗ ਦੌਰਾਨ ਇਹ ਤਜਵੀਜ਼ ਰੱਖੀ ਸੀ।