ਘੱਲੂਘਾਰਾ ਦਿਵਸ ਸ਼ਾਂਤਮਈ ਤਰੀਕੇ ਨਾਲ ਮਨਾਉਣ ਲਈ ਪ੍ਰੋ. ਬਡੂੰਗਰ ਤੇ ਸਿਮਰਨਜੀਤ ਸਿੰਘ ਮਾਨ ਵਿਚਾਲੇ ਮੀਟਿੰਗ

0
397

badungar-te-mann
ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ :
6 ਜੂਨ 1984 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫ਼ੌਜ ਦੇ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ ਹਰੇਕ ਸਾਲ ਮਨਾਏ ਜਾਂਦੇ ਘੱਲੂਘਾਰਾ ਦਿਵਸ ‘ਤੇ ਸ਼ਾਂਤਮਈ ਤੇ ਅਮਨਪਸੰਦ ਤਰੀਕੇ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਮੰਤਵ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਹੋਰ ਪਾਰਟੀ ਅਹੁਦੇਦਾਰਾਂ ਨਾਲ ਬੰਦ ਕਮਰਾ ਮੀਟਿੰਗ ਕੀਤੀ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਹੀਦ ਸਾਰਿਆਂ ਦੇ ਸਾਂਝੇ ਹੁੰਦੇ ਹਨ ਤੇ ਘੱਲੂਘਾਰਾ ਦਿਵਸ ਸਿੱਖ ਕੌਮ ਲਈ ਅਹਿਮ ਹੈ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨੀਲਾ ਤਾਰਾ ਦਿਵਸ ‘ਤੇ ਇਕਜੁੱਟ ਹੋ ਕੇ ਅਰਦਾਸ ਕਰਨ ਲਈ ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਹੈ।
ਸੰਤ ਭਿੰਡਰਾਂਵਾਲਿਆਂ ਤੇ 25 ਹਜ਼ਾਰ ਸਿੱਖ ਸ਼ਹੀਦਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ :
ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਪ੍ਰੋ. ਬਡੂੰਗਰ ਵੱਲੋਂ ਬੁਲਾਈ ਮੀਟਿੰਗ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਹੈ ਕਿ 6 ਜੂਨ 1984 ਨੂੰ ਸ਼ਹੀਦ ਹੋਏ ਸਿੱਖ ਕੌਮ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ 25 ਹਜ਼ਾਰ ਬੇਗੁਨਾਹ ਸ਼ਹੀਦ ਹੋਏ ਸਿੱਖਾਂ ਲਈ ਅਰਦਾਸ ਸ਼ਾਂਤਮਈ ਢੰਗ ਨਾਲ ਕੀਤੀ ਜਾਵੇਗੀ। ਸ. ਮਾਨ ਨੇ ਇਹ ਵੀ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਅਜਿਹੀਆਂ ਮੀਟਿੰਗਾਂ ਕਰਦੀ ਹੁੰਦੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ‘ਤੇ ਹੋਣ ਵਾਲੇ ਰੋਸ ਮੁਜ਼ਾਹਰੇ ਨਾ ਹੁੰਦੇ। ਉਨ੍ਹਾਂ ਪ੍ਰੋ. ਬਡੂੰਗਰ ਨੂੰ ਇਸ ਮੌਕੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸਕੱਤਰ ਜਨਰਲ ਪ੍ਰੋ. ਮੋਹਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਸੁਰਜੀਤ ਸਿੰਘ ਕਾਲਾਬੂਲਾ, ਪਾਰਟੀ ਦੇ ਮੀਡੀਆ ਤੇ ਮੁੱਖ ਸਲਾਹਕਾਰ ਇਕਬਾਲ ਸਿੰਘ ਟਿਵਾਣਾ, ਯੂਥ ਅਕਾਲੀ ਦਲ (ਅ) ਦੇ ਸੀਨੀਅਰ ਆਗੂ ਰਣਦੇਵ ਸਿੰਘ ਦੇਬੀ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ, ਇਲਾਕਾ ਸਕੱਤਰ ਧਰਮ ਸਿੰਘ ਕਲੌੜ ਮੌਜੂਦ ਸਨ।
ਵਰਨਣਯੋਗ ਹੈ ਕਿ ਪ੍ਰੋ. ਬਡੂੰਗਰ ਵੱਲੋਂ ਪਹਿਲੀ ਵਾਰ ਸਿਮਰਨਜੀਤ ਸਿੰਘ ਮਾਨ ਨਾਲ ਮੀਟਿੰਗ ਕਰਕੇ ਰਲ ਕੇ ਸ਼ਹੀਦਾਂ ਲਈ ਅਰਦਾਸ ਕਰਵਾਉਣ ਦਾ ਯਤਨ ਕੀਤਾ ਗਿਆ ਹੈ ਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਹ ਦਿਵਸ ਮਨਾਇਆ ਜਾਂਦਾ ਹੈ ਉਦੋਂ-ਉਦੋਂ ਅਕਾਲੀ ਦਲ (ਅੰਮ੍ਰਿਤਸਰ) ਤੇ ਹੋਰ ਕਈ ਸਿੱਖ ਰਾਜਸੀ ਜਥੇਬੰਦੀਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਟਾਸਕ ਫੋਰਸ ਲਗਾ ਕੇ ਉਨ੍ਹਾਂ ਲਈ ਕਥਿਤ ਤੌਰ ‘ਤੇ ਰੁਕਾਵਟ ਪੇਸ਼ ਕੀਤੀ ਜਾਂਦੀ ਰਹੀ ਹੈ, ਜਿਸ ਦੇ ਚੱਲਦਿਆਂ ਇਨ੍ਹਾਂ ਦੋਵੇਂ ਜਥੇਬੰਦੀਆਂ ਵਿਚ ਟਕਰਾਅ ਹੁੰਦਾ ਆਇਆ ਹੈ।