ਸਿੱਖ ਕਤਲੇਆਮ ਦੇ ਦੋਸ਼ੀ ਦੀ ਜ਼ਮਾਨਤ ਵਧਾਈ

0
245

balwan-khokhar-del
ਨਵੀਂ ਦਿੱਲੀ/ਬਿਊਰੋ ਨਿਊਜ਼ :
ਦਿੱਲੀ ਹਾਈ ਕੋਰਟ ਨੇ 1984 ਸਿੱਖ ਕਤਲੇਆਮ ਦੇ ਕੇਸ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਦੀ 24 ਅਗਸਤ ਤਕ ਲਈ ਅੰਤਰਿਮ ਜ਼ਮਾਨਤ ਵਧਾ ਦਿੱਤੀ ਹੈ। ਹਾਈ ਕੋਰਟ ਨੇ ਵਕੀਲਾਂ ਨੂੰ ਪੈਸੇ ਦੇਣ ਦਾ ਪ੍ਰਬੰਧ ਕਰਨ ਲਈ ਜ਼ਮਾਨਤ ਵਧਾਈ ਹੈ। ਕਾਰਜਕਾਰੀ ਚੀਫ਼ ਜਸਟਿਸ ਗੀਤਾ ਮਿੱਤਲ ਅਤੇ ਜਸਟਿਸ ਅਨੂ ਮਲਹੋਤਰਾ ਦੀ ਬੈਂਚ ਨੇ ਖੋਖਰ ਨੂੰ ਰਾਹਤ ਦਿੱਤੀ ਜਿਸ ਨੇ ਆਪਣੀਆਂ ਜਾਇਦਾਦਾਂ ਦੀ ਵਿਕਰੀ ਨੂੰ ਅੰਤਮ ਰੂਪ ਦੇਣ ਲਈ ਅਕਤੂਬਰ ਤਕ ਲਈ ਜ਼ਮਾਨਤ ਵਧਾਉਣ ਦੀ ਮੰਗ ਕੀਤੀ ਸੀ। ਪਹਿਲਾਂ ਉਸ ਨੂੰ 20 ਜੁਲਾਈ ਤਕ ਲਈ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ ਜਿਸ ਨੂੰ 8 ਅਗਸਤ ਤਕ ਲਈ ਵਧਾ ਦਿੱਤਾ ਗਿਆ ਸੀ। ਉਸ ਨੇ ਅੰਤਰਿਮ ਜ਼ਮਾਨਤ ਵਧਾਉਣ ਲਈ ਅਰਜ਼ੀ ਦਿੱਤੀ ਸੀ ਜੋ ਖ਼ਤਮ ਹੋ ਰਹੀ ਸੀ। ਕਾਂਗਰਸ ਆਗੂ ਸੱਜਣ ਕੁਮਾਰ ਨੂੰ ਇਸ ਮਾਮਲੇ ਵਿਚ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ ਜਦਕਿ ਖੋਖਰ ਅਤੇ ਚਾਰ ਹੋਰਨਾਂ ਨੂੰ ਸਜ਼ਾ ਸੁਣਾਈ ਗਈ ਸੀ। ਖੋਖਰ, ਜਲ ਸੈਨਾ ਦੇ ਸੇਵਾਮੁਕਤ ਅਧਿਕਾਰੀ ਕੈਪਟਨ ਭਾਗਮਲ, ਗਿਰਧਾਰੀ ਲਾਲ ਅਤੇ ਦੋ ਹੋਰਾਂ ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਪਹਿਲੀ ਨਵੰਬਰ 1984 ਨੂੰ ਦਿੱਲੀ ਛਾਉਣੀ ਦੇ ਰਾਜਨਗਰ ਇਲਾਕੇ ਵਿਚ ਇਕ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਕਤਲ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ। ਉਨ੍ਹਾਂ ਹੇਠਲੀ ਅਦਾਲਤ ਵੱਲੋਂ ਮਈ 2013 ਨੂੰ ਸੁਣਾਈ ਗਈ ਸਜ਼ਾ ਅਤੇ ਉਮਰ ਕੈਦ ਨੂੰ ਚੁਣੌਤੀ ਦਿੱਤੀ ਸੀ। ਹੇਠਲੀ ਅਦਾਲਤ ਨੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਸੀ।