ਮੁਤਵਾਜ਼ੀ ਜਥੇਦਾਰ ਦੀ ‘ਬੰਦੀ’ ਮਗਰੋਂ ਸ਼ਾਂਤੀ ਨਾਲ ਮਨਾਇਆ ਬੰਦੀ ਛੋੜ ਦਿਵਸ

0
241

punjab page;Akal Takht Jathedar Giani Gurbachan Singh, comes up after , delivered the ‘sandesh’ (public address) from the Darshani Deodi in Golden Temple in Amritsar on Thursday.photo vishal kumar
ਸ਼੍ਰੋਮਣੀ ਕਮੇਟੀ ਨੇ ਲਿਆ ਸੁੱਖ ਦਾ ਸਾਹ, ਚਿੱਟ ਕੱਪੜੀਏ ਪੁਲੀਸ ਵਾਲੇ ਦਰਬਾਰ ਸਾਹਿਬ ਰਹੇ ਤਾਇਨਾਤ
ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਰਸ਼ਨੀ ਡਿਓਢੀ ਤੋਂ, ਭਾਈ ਧਿਆਨ ਸਿੰਘ ਮੰਡ ਨੇ ਪਿੰਡ ਪਹੁਵਿੰਡ ਤੋਂ ਜਾਰੀ ਕੀਤੇ ਸੰਦੇਸ਼
ਕੈਪਸ਼ਨ-ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓਢੀ ਤੋਂ ਕੌਮ ਦੇ ਨਾਂ ਸੰਦੇਸ਼ ਦੇਣ ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ।
ਅੰਮ੍ਰਿਤਸਰ/ਬਿਊਰੋ ਨਿਊਜ਼ :
ਬੰਦੀ-ਛੋੜ ਦਿਵਸ ਮੌਕੇ ਪੁਲੀਸ ਵੱਲੋਂ ਮੁਤਵਾਜ਼ੀ ਜਥੇਦਾਰਾਂ ਨੂੰ ਹਿਰਾਸਤ ਵਿੱਚ ਲੈਣ ਬਾਅਦ ਸ਼੍ਰੋਮਣੀ ਕਮੇਟੀ ਨੇ ਸੁੱਖ ਦਾ ਸਾਹ ਲਿਆ। ਸ੍ਰੀ ਹਰਿਮੰਦਰ ਸਾਹਿਬ ਵਿੱਚ ਇਹ ਦਿਵਸ ਸ਼ਾਂਤਮਈ ਢੰਗ ਨਾਲ ਮਨਾਇਆ ਗਿਆ। ਇਸ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਰਸ਼ਨੀ ਡਿਓਢੀ ਤੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪਹੁਵਿੰਡ ਵਿੱਚ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰੇ ਵਿਚ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ।
ਬੰਦੀ-ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਚ ਮੁਤਵਾਜ਼ੀ ਜਥੇਦਾਰਾਂ ਦੀ ਆਮਦ ਦੇ ਮੱਦੇਨਜ਼ਰ ਇਥੇ ਪ੍ਰਸ਼ਾਸਨ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਵੱਡੀ ਗਿਣਤੀ ਚਿੱਟ ਕੱਪੜੀਏ ਪੁਲੀਸ ਵਾਲੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਤਾਇਨਾਤ ਸਨ। ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਹੋਰ ਮੁਲਾਜ਼ਮ ਵੀ ਤਾਇਨਾਤ ਸਨ। ਪੁਲੀਸ ਨੇ ਦੀਵਾਲੀ ਤੋਂ ਇਕ ਦਿਨ ਪਹਿਲਾਂ ਹੀ ਮੁਤਵਾਜ਼ੀ ਜਥੇਦਾਰਾਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਫੜਨ ਲਈ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਸਨ। ਦੋ ਮੁਤਵਾਜ਼ੀ ਜਥੇਦਾਰਾਂ ਨੂੰ ਪਹਿਲਾਂ ਹੀ ਹਿਰਾਸਤ ਵਿਚ ਲੈ ਲਿਆ ਸੀ ਅਤੇ ਭਾਈ ਧਿਆਨ ਸਿੰਘ ਮੰਡ ਨੂੰ ਦੀਵਾਲੀ ਵਾਲੇ ਦਿਨ ਪਹੁਵਿੰਡ ਦੇ ਗੁਰਦੁਆਰੇ ਕੋਲੋਂ ਹਿਰਾਸਤ ਵਿਚ ਲਿਆ ਗਿਆ ਅਤੇ ਸ਼ਾਮ ਨੂੰ ਰਿਹਾਅ ਕਰ ਦਿੱਤਾ। ਪੁਰਾਤਨ ਰਿਵਾਇਤ ਮੁਤਾਬਕ ਸ਼ਾਮ ਨੂੰ ਦਰਸ਼ਨੀ ਡਿਓਢੀ ਤੋਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦੁਆਰਾ ਕਮੇਟੀਆਂ ਨੂੰ ਸੁਚੇਤ ਹੋਣ, ਗੁਰੂਘਰਾਂ ਵਿੱਚ ਸੀਸੀਟੀਵੀ ਕੈਮਰੇ ਲਾਉਣ, ਨਸ਼ਿਆਂ ਤੇ ਪਤਿੱਤਪੁਣੇ  ਨੂੰ ਖਤਮ ਕਰਨ ਲਈ ਮਾਪਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ, ਸ਼ਰਾਬ ਦੇ ਠੇਕੇ ਚੁਕਵਾਉਣ ਲਈ ਪੰਚਾਇਤਾਂ ਨੂੰ ਸਰਬਸੰਮਤੀ ਨਾਲ ਮਤੇ ਪਾਸ ਕਰਕੇ ਸਰਕਾਰ ਨੂੰ ਭੇਜਣ, ਵਿਆਹ ਸ਼ਾਦੀਆਂ ਤੇ ਹੋਰ ਸਮਾਜਿਕ ਰਸਮਾਂ ‘ਤੇ ਫਜ਼ੂਲ ਖਰਚੀ ਬੰਦ ਕਰਨ ਤੇ ਸਮਾਜਿਕ ਰਸਮਾਂ ਗੁਰੂਘਰਾਂ ਵਿਚ ਨਿਭਾਉਣ  ਦਾ ਸੱਦਾ ਦਿੱਤਾ। ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਲਈ ਵੀ ਕਿਹਾ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਰਾਤ ਸਮੇਂ ਆਤਿਸ਼ਬਾਜ਼ੀ ਕੀਤੀ ਗਈ। ਅਤਿ-ਆਧੁਨਿਕ ਐਲਈਡੀ ਲਾਈਟਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਰੁਸ਼ਨਾ ਰਿਹਾ ਸੀ। ਇਸ ਨਜ਼ਾਰੇ ਨੂੰ ਦੇਖਣ ਲਈ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਸੰਗਤ ਪੁੱਜੀ ਹੋਈ ਸੀ। ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਿੱਖ ਪ੍ਰਭੂਸੱਤਾ ਦੇ ਪ੍ਰਤੀਕ ਮਹਾਨ ਤਖ਼ਤਾਂ ਤੋਂ ਪੰਥ ਦੀਆਂ ਭਾਵਨਾਵਾਂ ਖ਼ਿਲਾਫ਼ ਅਤੇ ਡੇਰੇਦਾਰਾਂ ਦੇ ਹੱਕ ਵਿਚ ਹੁਕਮਨਾਮੇ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਗੁਰਧਾਮਾਂ ਤੇ ਤਖ਼ਤਾਂ ਨੂੰ ਆਜ਼ਾਦ ਕਰਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੱਚਿਆਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਾਉਣ ਦਾ ਸੱਦਾ ਦਿੱਤਾ।
ਬਲਜੀਤ ਸਿੰਘ ਦਾਦੂਵਾਲ ਨਜ਼ਰਬੰਦ
ਤਲਵੰਡੀ ਸਾਬੋ : ਬੰਦੀ-ਛੋੜ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਪੁਲੀਸ ਨੇ ਉਨ੍ਹਾਂ ਦੀ ਰਿਹਾਇਸ਼ ਗੁਰਦੁਆਰਾ ਜੰਡਾਲੀਸਰ ਸਾਹਿਬ ਵਿਖੇ ਨਜ਼ਰਬੰਦ ਕਰ ਲਿਆ। 18 ਅਕਤੂਬਰ ਦੀ ਰਾਤ ਨੂੰ ਹੀ ਐਸਪੀ ਬਠਿੰਡਾ ਦੀ ਅਗਵਾਈ ਵਿਚ ਪੁਲੀਸ ਨੇ ਗੁਰਦੁਆਰਾ ਜੰਡਾਲੀਸਰ ਸਾਹਿਬ, ਕੋਟਸ਼ਮੀਰ ਤੋਂ ਨਿਕਲਦੇ ਸਾਰੇ ਰਾਹ ਬੰਦ ਕਰ ਦਿੱਤੇ ਸਨ। 19 ਅਕਤੂਬਰ ਨੂੰ ਦੁਪਹਿਰ 12 ਕੁ ਵਜੇ ਜਥੇਦਾਰ ਦਾਦੂਵਾਲ ਜਿਉਂ ਹੀ ਕਾਫ਼ਲਾ ਲੈ ਕੇ ਨਿਕਲੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਬਾਬਾ ਦਾਦੂਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਵੀ ਅਕਾਲੀ-ਭਾਜਪਾ ਸਰਕਾਰ ਦੇ ਰਾਹ ਪੈ ਗਈ ਹੈ। ਸਮਾਂ ਆਉਣ ‘ਤੇ ਸੰਗਤ ਇਸ ਧੱਕੇਸ਼ਾਹੀ ਦਾ ਜਵਾਬ ਦੇਵੇਗੀ।