ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿਣ ਵਾਲੇ ਭੂੰਦੜ ‘ਤੇ ਕੇਸ ਦਰਜ

0
71

bhundar_badal
ਚੰਡੀਗੜ੍ਹ/ਬਿਊਰੋ ਨਿਊਜ਼ :
ਕਿਸੇ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਰਹੇ ਗੁਰਸੇਵ ਸਿੰਘ ਹਰਪਾਲਪੁਰ ਨੇ ਮੁਹਾਲੀ ਦੇ ਸੋਹਾਣਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਰਾਜ ਸਭਾ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਕਰਕੇ ਉਸ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ । ਉਨ੍ਹਾਂ ਨੇ ਸ਼ਿਕਾਇਤ ਦੀ ਕਾਪੀ ਪੰਜਾਬ ਦੇ ਡੀਜੀਪੀ ਤੇ ਗ੍ਰਹਿ ਵਿਭਾਗ ਦੇ ਸਕੱਤਰ ਨੂੰ ਵੀ ਭੇਜੀ ਹੈ।
ਇਸ ਦੌਰਾਨ ਸਿਆਸੀ ਪਾਰਟੀਆਂ ਨੇ ਵੀ ਭੂੰਦੜ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਾਬਕਾ ਕਾਂਗਰਸੀ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਨੇ ਕਿਹਾ ਕਿ ਭੂੰਦੜ ਨੇ ਅਜਿਹਾ ਕਹਿ ਕੇ ਬਾਦਲ ਨੂੰ ਗੁਰੂ ਸਾਹਿਬ ਦੇ ਬਰਾਬਰ ਮੇਲਣ ਦੀ ਕੋਸ਼ਿਸ਼ ਕੀਤੀ ਹੈ। ਮੋਫਰ ਨੇ ਇਲਜ਼ਾਮ ਲਾਇਆ ਕਿ ਸਿਆਸੀ ਨੇਤਾਵਾਂ ਨੂੰ ਆਪਣੇ ਆਗੂਆਂ ਦੀ ਗੁਰੂਆਂ ਨਾਲ ਤੁਲਨਾ ਤੇ ਵਡਿਆਈ ਕਰਨੀ ਹਰ ਪੱਖੋ ਮਾੜੀ ਹੈ।
ਉਨ੍ਹਾਂ ਕਿਹਾ ਕਿ ਸੀਨੀਅਰ ਆਗੂ ਨੂੰ ਅਜਿਹਾ ਕਰਨ ਲਈ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ ਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਅਕਾਲ ਤਖਤ ਦੇ ਜਥੇਦਾਰ ਵੱਲੋਂ ਉਨ੍ਹਾਂ ਨੂੰ ਤੁਰੰਤ ਤਲਬ ਕਰਕੇ ਪੂਰੇ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾਵੇ।
ਇਸ ਤਰ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਰਾਜ ਸਭਾ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਕਸੂਤੇ ਘਿਰ ਗਏ ਹਨ। ਸਿੱਖ ਸੰਗਤ ਵਿੱਚ ਉਨ੍ਹਾਂ ਖਿਲਾਫ ਰੋਸ ਹੈ ਤੇ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਅਲੋਚਨਾ ਹੋ ਰਹੀ ਹੈ। ਇਸ ਰਾਜ ਸਭਾ ਮੈਂਬਰ ਵੱਲੋਂ ਸਾਬਕਾ ਮੁੱਖ ਮੰਤਰੀ ਬਾਰੇ ਫਿਰੋਜ਼ਪੁਰ ਰੈਲੀ ਦੌਰਾਨ ਕੀਤੀ ਗਈ ਟਿੱਪਣੀ ਦੀ ਸੋਸ਼ਲ ਮੀਡੀਆ ‘ਤੇ ਵੀ ਪੂਰੀ ਚਰਚਾ ਹੋ ਰਹੀ ਹੈ।