ਸਿੱਖਾਂ ਦਾ ਰੋਸ ਠੰਡਾ ਕਰਨ ਲਈ ਅਕਾਲ ਤਖ਼ਤ ਦੇ ਜਥੇਦਾਰ ਨੂੰ ਬਦਲਣ ਦੀਆਂ ਤਿਆਰੀਆਂ

0
96

giany-gurbachan_singh
ਚੰਡੀਗੜ੍ਹ/ਬਿਊਰੋ ਨਿਊਜ਼ :
ਬਾਦਲ ਪਰਿਵਾਰ ਨੂੰ ਸਿਆਸੀ ਸੰਕਟ ਵਿੱਚੋਂ ਕੱਢਣ ਲਈ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਬਲੀ ਦਿੱਤੇ ਜਾਣ ਦੀਆਂ ਸੰਭਾਵਨਾਵਾਂ ਵਧ ਰਹੀਆਂ ਹਨ। ਸੂਤਰਾਂ ਦਾ ਦੱਸਣਾ ਹੈ ਕਿ ਇਸ ਮੁੱਦੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਸੀਨੀਅਰ ਆਗੂਆਂ ਨਾਲ ਵਿਚਾਰ ਚਰਚਾ ਕਰ ਲਈ ਹੈ।
ਪੰਜਾਬ ਵਿਧਾਨ ਸਭਾ ਵਿੱਚ ਦੋ ਕੁ ਹਫ਼ਤੇ ਪਹਿਲਾਂ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ‘ਤੇ ਅਧਾਰਿਤ ਕਮਿਸ਼ਨ ਦੀ ਰਿਪੋਰਟ ‘ਤੇ ਹੋਈ ਬਹਿਸ ਦੌਰਾਨ ਜਥੇਦਾਰ ਗਿਆਨੀ ਗੁਰਬਚਨ ਸਿੰਘ ਬਾਰੇ ਵੀ ਤਿੱਖੀਆਂ ਟਿੱਪਣੀਆਂ ਹੋਣ ਤੋਂ ਬਾਅਦ ਅਕਾਲੀ ਆਗੂ ਨਮੋਸ਼ੀ ਮਹਿਸੂਸ ਕਰ ਰਹੇ ਹਨ। ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਦੋ ਹਫ਼ਤਿਆਂ ਬਾਅਦ ਹੀ ਲੋਕਾਂ ਦੇ ਸਾਹਮਣੇ ਆਏ ਹਨ। ਅਕਾਲੀ ਨੇਤਾਵਾਂ ਨੂੰ ਡੇਰਾ ਸਿਰਸਾ ਦੇ ਮੁਖੀ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਸਾਲ 2015 ਵਿੱਚ ਦਿੱਤੀ ਮੁਆਫ਼ੀ ਦੇ ਮੁੱਦੇ ‘ਤੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਸੀਨੀਅਰ ਆਗੂਆਂ ਨੇ ਜਥੇਦਾਰ ਨੂੰ ਅਹੁਦੇ ਤੋਂ ਖੁਦ-ਬ-ਖ਼ੁਦ ਹੀ ਲਾਂਭੇ ਹੋਣ ਦਾ ਮਸ਼ਵਰਾ ਵੀ ਦਿੱਤਾ ਸੀ।
ਸੂਤਰਾਂ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਵੀ ਸਮੇਂ ਜਥੇਦਾਰ ਤੋਂ ਅਸਤੀਫਾ ਲਿਆ ਜਾ ਸਕਦਾ ਹੈ ਅਤੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਸਰਗਰਮੀਆਂ ਵੀ ਤੇਜ਼ ਕੀਤੀਆਂ ਹੋਈਆਂ ਹਨ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਤਾਜ਼ਾ ਘਟਨਾਕ੍ਰਮ ਦੇ ਚਲਦਿਆਂ ਜਥੇਦਾਰ ਦੀ ਤਬਦੀਲੀ ਸਬੰਧੀ ਹੋ ਰਹੀ ਚਰਚਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਖੇਤਰ ਦੀ ਕਿਸੇ ਕੱਦਾਵਰ ਸਿੱਖ ਹਸਤੀ ਨੂੰ ਇਸ ਵਕਾਰੀ ਅਹੁਦੇ ‘ਤੇ ਬਿਠਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਪਾਰਟੀ ਦੇ ਇਸ ਆਗੂ ਦਾ ਇਹ ਵੀ ਕਹਿਣਾ ਹੈ ਕਿ ਕਿਸੇ ਸਿਆਸੀ ਆਗੂ ਨੂੰ ਅਕਾਲ ਤਖ਼ਤ ਦਾ ਜਥੇਦਾਰ ਨਹੀਂ ਥਾਪਿਆ ਜਾ ਸਕਦਾ ਕਿਉਂਕਿ ਅਕਾਲੀ ਦਲ ਪਹਿਲਾਂ ਹੀ ਸਿਆਸੀ ਸੰਕਟ ਵਿੱਚ ਘਿਰਿਆ ਹੋਇਆ ਹੈ।