ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਚਾਰਜ ਸੰਭਾਲਿਆ

0
34

giany-harpreet-s
ਅੰਮ੍ਰਿਤਸਰ/ਬਿਊਰੋ ਨਿਊਜ਼ :
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਕੰਮ ਸੰਭਾਲ ਲਿਆ ਹੈ। ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਕੰਮ ਵੀ ਨਾਲ ਹੀ ਵੇਖਣਗੇ।
ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਮੀਡੀਆ ਦੇ ਤਿੱਖੇ ਸਵਾਲਾਂ ਦਾ ਜਵਾਬ ਦੇਣ ਤੋਂ ਟਲਦੇ ਨਜ਼ਰ ਆਏ। ਗਿਆਨੀ ਹਰਪ੍ਰੀਤ ਸਿੰਘ ਨੇ ਭਰੋਸਾ ਦੁਆਇਆ ਕਿ ਪੰਥਕ ਮਸਲਿਆਂ ‘ਤੇ ਵਿਚਾਰਾਂ ਲਈ ਸਾਰਿਆਂ ਦੀ ਰਾਏ ਲਈ ਜਾਵੇਗੀ ਤੇ ਸਭ ਨੂੰ ਨਾਲ ਲੈ ਕੇ ਚੱਲਿਆ ਜਾਏਗਾ। ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮੁੱਦੇ ਨੂੰ ਮੁੜ ਵਿਚਾਰਨ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਫਿਲਹਾਲ ਕੁਝ ਨਹੀਂ ਕਹਿਣਾ ਚਾਹੁੰਦੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਿਦਵਾਨ ਜਥੇਦਾਰ ਦੇ ਸੇਵਾਵਾਂ ਸ਼ੁਰੂ ਕਰਨ ਨਾਲ ਸਿੱਖ ਕੌਮ ਦਾ ਭਲਾ ਹੋਵੇਗਾ ਤੇ ਸਿੱਖ ਕੌਮ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਮੀਟਿੰਗ ਸੱਦੀ ਜਾਵੇਗੀ ਜਿਸ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੱਕੇ ਜਥੇਦਾਰ ਬਾਰੇ ਫੈਸਲਾ ਲਿਆ ਜਾਏਗਾ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਹੁਣ ਭਵਿੱਖ ਵਿੱਚ ਜੋ ਫੈਸਲੇ ਲਏ ਜਾਣਗੇ, ਉਨ੍ਹਾਂ ਲਈ ਸਾਰੀਆਂ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫਦ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਆਸਤ ਤੋਂ ਉਪਰ ਉੱਠ ਕੇ ਸਾਰੇ ਇਸ ਲਈ ਯਤਨਸ਼ੀਲ ਹਨ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਵੀ ਗੱਲਬਾਤ ਕੀਤੀ ਜਾਵੇਗੀ।