ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ ਲਈ ਸੰਗਤ ਵਲੋਂ ਜਪੁਜੀ ਸਾਹਿਬ ਦੇ ਪਾਠ ਅਤੇ ਅਰਦਾਸ

0
135

gurdwara-gyan-godri-amritsar
ਕੈਪਸ਼ਨ-ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਅਰਦਾਸ ਕਰਦੇ ਹੋਏ ਸਿੱਖ ਆਗੂ।
ਅੰਮ੍ਰਿਤਸਰ/ਬਿਊਰੋ ਨਿਊਜ਼ :
ਹਰਿਦੁਆਰ ਸਥਿਤ ਹਰਿ ਕੀ ਪਉੜੀ ਵਿਖੇ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਸਮੇਤ ਦੇਸ਼ ਵਿਦੇਸ਼ ਦੀ ਸੰਗਤ ਵਲੋਂ ਗੁਰਦੁਆਰਿਆਂ ਵਿਚ ਜਪੁਜੀ ਸਾਹਿਬ ਦੇ ਪਾਠ ਅਤੇ ਅਰਦਾਸ ਕੀਤੀ ਗਈ ਹੈ। ਜਿਸ ਤਹਿਤ ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜਪੁਜੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਸਿੱਖ ਜਥੇਬੰਦੀਆਂ ਦੀ ਇਕ ਮੀਟਿੰਗ 24 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੀ ਹੈ।
ਮਿੱਥੇ ਪ੍ਰੋਗਰਾਮ ਅਨੁਸਾਰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਜਪੁਜੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਮੂਹ ਗੁਰਦੁਆਰਿਆਂ ਵਿਚ ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਅਨੁਸਾਰ ਪਾਠ ਅਤੇ ਅਰਦਾਸ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ ਲਈ ਸਮੁੱਚੀ ਸਿੱਖ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ ਗਈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਕਰਦਿਆਂ ਗੁਰਦੁਆਰਾ ਗਿਆਨ ਗੋਦੜੀ ਦੇ ਇਤਿਹਾਸ ਬਾਰੇ ਸਿੱਖ ਸੰਗਤਾਂ ਨੂੰ ਜਾਣੂ ਕਰਾਇਆ। ਉਨ੍ਹਾਂ ਦੱਸਿਆ ਕਿ ਸਿੱਖ ਸੰਗਤ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ ਕਿ ਇਸ ਗੁਰਦੁਆਰੇ ਦੀ ਮੁੜ ਹਰਿ ਕੀ ਪਉੜੀ ਵਿਖੇ ਹੀ ਸਥਾਪਨਾ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਇਹ ਮੰਦਭਾਗੀ ਗੱਲ ਹੈ ਕਿ ਸਿੱਖ ਧਰਮ ਦੇ ਬਾਨੀ ਨਾਲ ਸਬੰਧਤ ਗੁਰਦੁਆਰੇ ਨੂੰ ਨੁਕਸਾਨ ਪੁਚਾਇਆ ਗਿਆ ਹੈ ਜਦੋਂਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਵਾਸਤੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਦਮਦਮੀ ਟਕਸਾਲ, ਸੰਤ ਸਮਾਜ, ਨਾਨਕਸਰ ਸੰਪਰਦਾ, ਹੋਰ ਸਭਾ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ ਸਮੇਤ ਸਮੂਹ ਸਿੱਖਾਂ ਨੂੰ ਅਪੀਲ ਕੀਤੀ ਕਿ ਇਸ ਮੀਟਿੰਗ ਵਿਚ ਸ਼ਾਮਲ ਹੋਣ। ਉਨ੍ਹਾਂ ਆਖਿਆ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ ਅਤੇ ਨਾ ਹੀ ਕਿਸੇ ਇਕ ਸਿਆਸੀ ਪਾਰਟੀ ਦਾ ਪ੍ਰੋਗਰਾਮ ਹੈ, ਇਸ ਲਈ ਸਮੂਹ ਪਾਰਟੀਆਂ ਦੇ ਨੁਮਾਇੰਦੇ ਸਿਆਸਤ ਤੋਂ ਉਪਰ ਉਠ ਕੇ ਇਸ ਸਮਾਗਮ ਵਿਚ ਸ਼ਾਮਲ ਹੋਣ। ਇਸ ਮੌਕੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ, ਅਮਰਜੀਤ ਸਿੰਘ ਚਾਵਲਾ, ਸਕੱਤਰ ਡਾ. ਰੂਪ ਸਿੰਘ ਨੇ ਵੀ ਸੰਬੋਧਨ ਕੀਤਾ।