ਅਕਾਲੀ ਦਲ ਨੇ ਵਿਵਾਦਤ ਥਾਣੇਦਾਰ ਦੀ ਪਿੱਠ ਥਾਪੜੀ

0
194

harsimrat-kaur-badal-bajwa-sho
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਮਾਨਸਾ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ।
ਮਾਨਸਾ/ਬਿਊਰੋ ਨਿਊਜ਼ :
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆਂ ‘ਤੇ ਕੇਸ ਦਰਜ ਕਰਨ ਵਾਲੇ ਐੱਸਐਚਓ ਪਰਮਿੰਦਰ ਸਿੰਘ ਬਾਜਵਾ ਨੇ ਸਾਰੀ ਕਾਰਵਾਈ ਕਾਨੂੰਨੀ ਦਸਤਾਵੇਜ਼ਾਂ ਦੇ ਆਧਾਰ ਉੱਤੇ ਹੀ ਕੀਤੀ ਹੈ। ਉਹ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ  ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਪੁਲੀਸ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ, ਉਸ ਤੋਂ ਜਾਪਦਾ ਹੈ ਕਿ ਸਰਕਾਰ ਚੋਣਾਂ ਦੌਰਾਨ ਵੀ ਗੜਬੜੀ ਦੀ ਕੋਸ਼ਿਸ਼ ਕਰ ਸਕਦੀ ਹੈ।
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸ਼ਾਹਕੋਟ ਜ਼ਿਮਨੀ ਚੋਣ ਵਿੱਚ ਕਾਂਗਰਸ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ। ਕੇਂਦਰੀ ਮੰਤਰੀ ਨੇ ਮਿਸਾਲ ਦਿੰਦਿਆਂ ਕਿਹਾ ਕਿ ਜਿਵੇਂ ਬੇਅੰਤ ਸਿੰਘ ਸਰਕਾਰ ਵੇਲੇ ਸ਼੍ਰੋਮਣੀ ਅਕਾਲੀ ਦਲ ਨੇ ਗਿੱਦੜਬਾਹਾ ਦੀ ਜ਼ਿਮਨੀ ਚੋਣ ਜਿੱਤੀ ਸੀ, ਉਸੇ ਤਰ੍ਹਾਂ ਹੁਣ ਸ਼ਾਹਕੋਟ ਵਿੱਚ ਵੀ ਪਾਰਟੀ ਜਿੱਤ ਹਾਸਲ ਕਰੇਗੀ।
ਕੇਂਦਰੀ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਲਈ ਖ਼ਜ਼ਾਨਾ ਖਾਲੀ ਹੋਣ ਦਾ ਝੂਠਾ ਢੰਡੋਰਾ ਪਿੱਟ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲਾਏ ਗਏ ਪੇਸ਼ੇਵਰਾਨਾ ਟੈਕਸ ਦਾ ਵਿਰੋਧ ਕੀਤਾ। ਹਰਸਿਮਰਤ ਬਾਦਲ ਨੇ ਕਾਂਗਰਸੀ ਆਗੂਆਂ ਵੱਲੋਂ ਕਿਤਾਬਾਂ ਵਿੱਚ ਇਤਿਹਾਸ ਨਾਲ ਛੇੜਛਾੜ ਸਬੰਧੀ ਦਿੱਤੇ ਜਾ ਰਹੇ ਬਿਆਨਾਂ ਨੂੰ ਵੀ ਖਾਨਾਪੂਰਤੀ ਗਰਦਾਨਿਆ।