‘ਰਾਵੀ ਦਾ ਪਾਣੀ ਪਾਕਿਸਤਾਨ ‘ਚ ਜਾਣੋਂ ਰੋਕਿਆ ਜਾਵੇ’

0
243

manohar-lal-khattar-and-captain-amrinder-singh

‘ਰਾਵੀ ਦਾ ਪਾਣੀ ਪਾਕਿਸਤਾਨ ‘ਚ ਜਾਣੋਂ ਰੋਕਿਆ ਜਾਵੇ’
ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨੂੰ ਭੇਜੀ ਲਿਖਤੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼:
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਈ ਪੱਤਰ ਲਿਖ ਕੇ ਦਰਿਆਈ ਪਾਣੀਆਂ ਦੇ ਵਿਵਾਦ ਨੂੰ ਮੁੜ ਛੇੜ ਦਿੱਤਾ ਹੈ। ਉਨ੍ਹਾਂ ਨੇ ਇਸ ਮੁੱਦੇ ਦੇ ਹੱਲ ਲਈ ਦੋਵਾਂ ਸੂਬਿਆਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਸੱਦਣ ਦੀ ਵੀ ਸਲਾਹ ਦਿੱਤੀ ਹੈ।
ਪੰਜਾਬ ਸਰਕਾਰ ਨੇ ਮੌਨਸੂਨ ਦੇ ਮੌਸਮ ਵਿੱਚ ਰਾਵੀ ਦਰਿਆ ਦੇ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਸ਼ਾਹਪੁਰ ਕੰਢੀ ਡੈਮ ਬਣਾਉਣ ਲਈ ਜੰਮੂ ਕਸ਼ਮੀਰ ਸਰਕਾਰ ਨਾਲ ਗੱਲਬਾਤ ਸ਼ੁਰੂ ਕੀਤੀ ਹੋਈ ਹੈ। ਉਚ ਪੱਧਰੀ ਸੂਤਰਾਂ ਅਨੁਸਾਰ ਅਗਲੇ ਦੋ, ਤਿੰਨ ਮਹੀਨਿਆਂ ਵਿੱਚ ਦੋਵਾਂ ਸੂਬਿਆਂ ਵਿਚਾਲੇ ਵੱਖ ਵੱਖ ਮੁੱਦਿਆਂ ਉੱਤੇ ਸਹਿਮਤੀ ਬਣਨ ਦੇ ਆਸਾਰ ਹਨ। ਡੈਮ ਦੀ ਉਸਾਰੀ ਦਾ ਕੰਮ ਕਈ ਸਾਲ ਪਹਿਲਾਂ ਰੁਕ ਗਿਆ ਸੀ ਤੇ ਇਸ ਦੀ ਉਸਾਰੀ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਨੇ ਸਾਲ ਪਹਿਲਾਂ ਸਰਗਰਮੀ ਸ਼ੂਰੂ ਕੀਤੀ ਹੈ ਤੇ ਇਸ ਬਾਰੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਸਿੰਜਾਈ ਮੰਤਰੀ ਦੀ ਜੰਮੂ ਕਸ਼ਮੀਰ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਹੋ ਚੁੱਕੀ ਹੈ ਤੇ ਕੁੱਝ ਮੁੱਢਲੇ ਅੜਿੱਕੇ ਦੂਰ ਹੋਣ ਬਾਰੇ ਪਤਾ ਲੱਗਾ ਹੈ। ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖੇ ਜਾਣ ਬਾਰੇ ਜਦੋਂ ਪੰਜਾਬ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਤੋਂ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੱਤਰ ਲਿਖੇ ਜਾਣ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ।
ਹਰਿਆਣਾ ਦੇ ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਵਿੱਚ ਪਾਣੀ ਦੀ ਬਹੁਤ ਵੱਡੀ ਸਮੱਸਿਆਂ ਪੈਦਾ ਹੋ ਚੁੱਕੀ ਹੈ ਤੇ ਜ਼ਮੀਨ ਹੇਠਲਾ ਪਾਣੀ ਬਹੁਤ ਜ਼ਿਆਦਾ ਡੂੰਘਾ ਹੋ ਚੁੱਕਾ ਹੈ ਤੇ ਇਸ ਨੂੰ ਕੱਢਣਾ ਆਸਾਨ ਨਹੀਂ ਰਹਿ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਸੂਬੇ ਦੇ ਮੁੱਖ ਸਕੱਤਰ ਅਤੇ ਸਿੰਜਾਈ ਸਕੱਤਰ ਨੂੰ ਫੌਰੀ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਇਸ ਤਰ੍ਹਾਂ ਦਾ ਪੱਤਰ ਲਿਖ ਕੇ ਜਿੱਥੇ ਪੰਜਾਬ ਦੇ ਪਾਣੀਆਂ ਉੱਤੇ ਆਪਣਾ ਇੱਕ ਵਾਰ ਫਿਰ ਹੱਕ ਜਤਾਉਣ ਦੀ ਕੋਸ਼ਿਸ਼ ਕੀਤੀ ਹੈ ਉੱਥੇ ਹੀ ਹਰਿਆਣਾ ਨੂੰ ਰਾਵੀ ਦਰਿਆ ਦੇ ਪਾਣੀ ਵਿੱਚੋਂ ਬਣਦਾ ਹਿੱਸਾ ਮਿਲਣ ਦੀ ਸੰਭਾਵਨਾ ਬਾਰੇ ਨਵੀਂ ਚਰਚਾ ਨੇ ਵੀ ਜਨਮ ਲੈ ਲਿਆ ਹੈ।