ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਡੇਰਾ ਬਾਬਾ ਨਾਨਕ ਵਿਕਾਸ ਅਥਾਰਿਟੀ ਬਣਾਉਣ ਨੂੰ ਹਰੀ ਝੰਡੀ

0
29
Punjab Chief Minister Captain Amarinder Singh presiding over a Cabinet meeting in Chandigarh on Monday.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਦੀ ਝਲਕ। 

ਚੰਡੀਗੜ੍ਹ/ ਪੰਜਾਬ ਵਜ਼ਾਰਤ ਨੇ ਅਹਿਮ ਫ਼ੈਸਲੇ ਕਰਦਿਆਂ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ ਵਿਕਾਸ ਅਥਾਰਿਟੀ ਬਣਾਉਣ ਦਾ ਫੈਸਲਾ ਕੀਤਾ ਹੈ। ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੇ ਇਸ ਦੇ ਆਲੇ-ਦੁਆਲੇ ਦੇ ਵਿਕਾਸ ਤੇ ਸੁੰਦਰੀਕਰਨ ਲਈ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਸਥਾਪਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਹ ਕਦਮ ਸ਼ਰਧਾਲੂਆਂ ਨੂੰ ਸਹੂਲਤਾਂ ਦੇਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਵਿਸ਼ੇਸ਼ ਮਤੇ ਰਾਹੀਂ ਸਵਾਗਤ ਕੀਤਾ ਗਿਆ ਹੈ ਤੇ ਇਸ ਨੂੰ ਇਤਿਹਾਸਕ ਕਦਮ ਦੱਸਿਆ ਗਿਆ। ਵਜ਼ਾਰਤ ਨੇ ਮੰਨਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਲਾਂਘਾ ਖੋਲ੍ਹਣ ਦੇ ਫ਼ੈਸਲੇ ਨੂੰ ਬੂਰ ਪਿਆ ਹੈ ਪਰ ਇਸ ‘ਚ ਕੈਬਨਿਟ ਮੰਤਰੀ ਸਿੱਧੂ ਦੇ ਯਤਨਾਂ ਦਾ ਜ਼ਿਕਰ ਨਹੀਂ ਕੀਤਾ ਗਿਆ।
ਇਸ ਦੇ ਨਾਲ ਹੀ ਹਲਵਾਰਾ ਫੌਜੀ ਅੱਡੇ ਦੇ ਨਾਲ ਕੌਮਾਂਤਰੀ ਹਵਾਈ ਅੱਡਾ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਵਜ਼ਾਰਤ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਕੋਈ ਚਰਚਾ ਨਹੀਂ ਕੀਤੀ ਕਿਉਂਕਿ ਪੰਜਾਬ ਪ੍ਰਦੇਸ਼ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਸਿੱਧੂ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਪੈਦਾ ਹੋਏ ਵਿਵਾਦ ਨੂੰ ਹੱਲ ਕਰਨ ਲਈ ਦਖਲ ਦਿੱਤਾ ਸੀ ਤੇ ਇਸ ਸਬੰਧੀ ਕੈਬਨਿਟ ਮੰਤਰੀ ਨੇ ਟਵੀਟ ਕਰਕੇ ਕਹਿ ਦਿੱਤਾ ਸੀ ਕਿ ਕੈਪਟਨ ਉਨ੍ਹਾਂ ਦੇ ਪਿਤਾ ਸਮਾਨ ਹਨ ਤੇ ਉਹ ਕੈਪਟਨ ਨੂੰ ਮਿਲ ਕੇ ਇਸ ਮਾਮਲੇ ਨੂੰ ਖੁਦ ਹੀ ਹੱਲ ਕਰ ਲੈਣਗੇ।
ਵਜ਼ਾਰਤ ਨੇ ਉਦਯੋਗਿਕ ਅਤੇ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਜ਼ਿਲ੍ਹਾ ਲੁਧਿਆਣਾ ਦੇ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ‘ਚ ਨਵਾਂ ਅੰਤਰਰਾਸ਼ਟਰੀ ਸਿਵਲ ਹਵਾਈ ਟਰਮੀਨਲ ਸਥਾਪਤ ਕਰਨ ਲਈ ਏਅਰਪੋਰਟਸ ਅਥਾਰਟੀ ਆਫ ਇੰਡੀਆ (ਏਏਆਈ) ਨਾਲ ਸਮਝੌਤਾ ਸਹੀਬੰਦ (ਐਮਓਯੂ) ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਸਿਵਲ ਟਰਮੀਨਲ ਦਾ ਨਿਰਮਾਣ ਏਅਰਪੋਰਟਸ ਅਥਾਰਟੀ ਆਫ਼ ਇੰਡੀਆ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ ਕੀਤਾ ਜਾਵੇਗਾ। ਇਸ ਪ੍ਰਾਜੈਕਟ ‘ਚ 51 ਫੀਸਦ ਹਿੱਸੇਦਾਰੀ ਏਅਰਪੋਰਟਸ ਅਥਾਰਟੀ ਆਫ ਇੰਡੀਆ ਅਤੇ 49 ਫੀਸਦ ਹਿੱਸੇਦਾਰੀ ਪੰਜਾਬ ਸਰਕਾਰ ਦੀ ਗਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੀ ਹੋਵੇਗੀ। ਪੰਜਾਬ ਸਰਕਾਰ ਵੱਲੋਂ 135.54 ਏਕੜ ਜ਼ਮੀਨ ਦਿੱਤੀ ਜਾਵੇਗੀ।