ਪੀਲੀਭੀਤ ਕਾਂਡ ਦੇ 4 ਪੀੜਤਾਂ ਦੀ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ

0
525

pilibheet-kand
ਕੈਪਸ਼ਨ-ਪੀਲੀਭੀਤ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕਰਦੇ ਹੋਏ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਹੋਰ।
ਅੰਮ੍ਰਿਤਸਰ/ਬਿਊਰੋ ਨਿਊਜ਼ :
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਥੇ 1991 ਵਿਚ ਪੀਲੀਭੀਤ (ਉੱਤਰ ਪ੍ਰਦੇਸ਼) ਵਿੱਚ ਫ਼ਰਜ਼ੀ ਪੁਲੀਸ ਮੁਕਾਬਲੇ ਵਿਚ ਮਾਰੇ ਗਏ 11 ਸਿੱਖਾਂ ਵਿਚੋਂ ਗੁਰਦਾਸਪੁਰ ਜ਼ਿਲ੍ਹੇ ਦੇ ਚਾਰ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਦਾਨ ਕੀਤੇ। ਸਹਾਇਤਾ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਵਿਚ ਪਿੰਡ ਖਹਿਰਾ ਦੇ ਸ਼ਹੀਦ ਭਾਈ ਕਰਤਾਰ ਸਿੰਘ, ਪਿੰਡ ਮਾਨੇਪੁਰ ਦੇ ਭਾਈ ਸੁਰਜਨ ਸਿੰਘ, ਪਿੰਡ ਸਤਕੋਹਾ ਦੇ ਭਾਈ ਹਰਮਿੰਦਰ ਸਿੰਘ ਅਤੇ ਪਿੰਡ ਰੌੜ ਖਹਿਰਾ ਦੇ ਭਾਈ ਸੁਖਵਿੰਦਰ ਸਿੰਘ ਦੇ ਪਰਿਵਾਰ ਸ਼ਾਮਲ ਹਨ।
ਇਸ ਮੌਕੇ ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਦੇ ਦੁੱਖ ਵਿਚ ਸ਼ਾਮਲ ਹੁੰਦਿਆਂ ਹਰ ਸੰਭਵ ਸਹਾਇਤਾ ਦੇਣ ਲਈ ਸਰਗਰਮ ਹੈ। 1991 ਵਿਚ ਪੀਲੀਭੀਤ ਝੂਠੇ ਪੁਲੀਸ ਮੁਕਾਬਲੇ ਵਿਚ ਮਾਰੇ ਗਏ 11 ਸਿੱਖਾਂ ਦੇ ਪਰਿਵਾਰਾਂ ਵਿੱਚੋਂ 4 ਦੇ ਪਰਿਵਾਰਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਸਹਾਇਤਾ ਦਿੱਤੀ ਗਈ ਹੈ। ਬਾਕੀ ਰਹਿੰਦੇ ਪਰਿਵਾਰਾਂ ਤੱਕ ਵੀ ਸ਼੍ਰੋਮਣੀ ਕਮੇਟੀ ਪਹੁੰਚ ਕਰੇਗੀ। ਦੱਸਣਯੋਗ ਹੈ ਕਿ 1991 ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਧਾਰਮਿਕ ਯਾਤਰਾ ਤੋਂ ਵਾਪਸ ਪਰਤ ਰਹੇ ਸਿੱਖ ਸ਼ਰਧਾਲੂਆਂ ਨੂੰ ਪੀਲੀਭੀਤ ਇਲਾਕੇ ਵਿਚ ਪੁਲੀਸ ਵੱਲੋਂ ਝੂਠਾ ਮੁਕਾਬਲਾ ਬਣਾ ਕੇ ਮਾਰ ਦਿੱਤਾ ਗਿਆ ਸੀ। ਹੋਰ ਸਿੱਖ ਮਸਲਿਆਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦਾ ਵਫਦ ਰਾਸ਼ਟਰਪਤੀ ਨੂੰ ਵੀ ਮਿਲਿਆ ਹੈ ਅਤੇ ਸਿੱਖ ਸਮੱਸਿਆਵਾਂ ਦੇ ਹੱਲ ਲਈ ਦਖਲ ਦੇਣ ਦੀ ਅਪੀਲ ਕੀਤੀ ਹੈ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰਾਂ ਤੋਂ ਇਲਾਵਾ ਮੁੱਖ ਸਕੱਤਰ ਹਰਚਰਨ ਸਿੰਘ, ਸੱਕਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਹਰਭਜਨ ਸਿੰਘ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਹਾਜ਼ਰ ਸਨ।