ਸਿਆਸੀ ਧਰਨਿਆਂ ਵਿੱਚ ਬਡੂੰਗਰ ਦੀ ਸ਼ਮੂਲੀਅਤ ਬਾਰੇ ‘ਸਫ਼ਾਈ’ ਤੋਂ ਗਿਆਨੀ ਗੁਰਬਚਨ ਸਿੰਘ ਸੰਤੁਸ਼ਟ

0
256

poic-badungar
ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਹੋਰ।
ਅੰਮ੍ਰਿਤਸਰ/ਬਿਊਰੋ ਨਿਊਜ਼ :
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੂੰ ਸਿਆਸੀ ਜਮਾਤ ਦੇ ਧਰਨਿਆਂ ਵਿੱਚ ਸ਼ਾਮਲ ਨਾ ਹੋਣ ਦੀ ਦਿੱਤੀ ਨਸੀਹਤ ਕਾਰਨ ਪੈਦਾ ਹੋਇਆ ਵਿਵਾਦ ਖ਼ਤਮ ਹੋ ਗਿਆ। ਇਸ ਸਬੰਧੀ ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਸਥਿਤੀ ਸਪਸ਼ਟ ਕੀਤੀ। ਦੂਜੇ ਪਾਸੇ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਖ਼ਿਲਾਫ਼ 12 ਜੂਨ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਧਰਨੇ ਦਿੱਤੇ ਗਏ ਸਨ। ਧਰਨਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ ਵੀ  ਸ਼ਾਮਲ ਹੋਏ ਸਨ। ਇਸ ਮਾਮਲੇ ਵਿੱਚ ਗਿਆਨੀ ਗੁਰਬਚਨ ਸਿੰਘ ਨੇ ਆਪਣੀ ਨਿੱਜੀ ਰਾਇ ਪੇਸ਼ ਕਰਦਿਆਂ ਆਖਿਆ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸਿਆਸੀ ਧਰਨਿਆਂ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਨਸੀਹਤ ਨਾਲ ਨਵਾਂ ਵਿਵਾਦ ਸ਼ੁਰੂ ਹੋ ਗਿਆ ਸੀ।
ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਗਿਆਨੀ ਗੁਰਬਚਨ ਸਿੰਘ ਨਾਲ ਸਕੱਤਰੇਤ ਵਿਖੇ ਮੁਲਾਕਾਤ ਕੀਤੀ। ਮਗਰੋਂ ਪ੍ਰੋ. ਬਡੂੰਗਰ ਨੇ ਮੀਡੀਆ ਨੂੰ ਦੱਸਿਆ ਕਿ ਜਦੋਂ ਦੀ ਸੂਬੇ ਵਿੱਚ ਕਾਂਗਰਸ ਸਰਕਾਰ ਆਈ ਹੈ, ਉਦੋਂ ਤੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ। ਇਹ ਕਬਜ਼ੇ ਕਾਂਗਰਸੀਆਂ ਦੀ ਸ਼ਹਿ ‘ਤੇ ਹੋ ਰਹੇ ਹਨ। ਇਨ੍ਹਾਂ ਮਾਮਲਿਆਂ ਦਾ ਸਿੱਧਾ ਸਬੰਧ ਸ਼੍ਰੋਮਣੀ ਕਮੇਟੀ ਨਾਲ ਹੈ। ਇਸ ਤੋਂ ਇਲਾਵਾ ਕੁਦਰਤੀ ਸਰੋਤਾਂ ਨਾਲ ਛੇੜਛਾੜ ਤੇ ਕਿਸਾਨ ਖੁਦਕੁਸ਼ੀਆਂ ਵਿੱਚ ਵੀ ਵਾਧਾ ਹੋਇਆ ਹੈ ਅਤੇ ਇਹ ਸਾਰੇ ਮਾਮਲੇ ਆਮ ਲੋਕਾਂ ਨਾਲ ਜੁੜੇ ਹੋਏ ਹਨ। ਇਸੇ ਲਈ ਉਨ੍ਹਾਂ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਸਿੱਖ ਭਾਈਚਾਰੇ ਦੀ ਮੰਗ ਨੂੰ ਉਭਾਰਿਆ ਹੈ। ਉਨ੍ਹਾਂ ਕਿਹਾ ਕਿ ਉਂਜ ਵੀ ਸਿੱਖ ਧਰਮ ਵਿੱਚ ਮੀਰੀ ਪੀਰੀ ਦੇ ਸਿਧਾਂਤ ਮੁਤਾਬਕ ਸਿਆਸਤ ਅਤੇ ਧਰਮ ਇਕੱਠੇ ਹਨ। ਉਨ੍ਹਾਂ ਨੇ ਇੱਕ ਨਿਮਾਣੇ ਸਿੱਖ ਵਜੋਂ ਜਥੇਦਾਰ ਨੂੰ ਮਿਲ ਕੇ ਸਮੁੱਚੀ ਸਥਿਤੀ ਸਪਸ਼ਟ ਕੀਤੀ ਹੈ। ਉਹ ਸ੍ਰੀ ਅਕਾਲ ਤਖ਼ਤ ਅਤੇ ਜਥੇਦਾਰ ਦਾ ਪੂਰਾ ਮਾਣ ਸਤਿਕਾਰ ਕਰਦੇ ਹਨ।
ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਸਿਆਸੀ ਧਰਨਿਆਂ ਵਿੱਚ ਸ਼ਾਮਲ ਹੋਣ ਤੋਂ ਰੋਕਣ ਬਾਰੇ  ਬੀਤੇ ਦਿਨ ਉਨ੍ਹਾਂ ਆਪਣੇ ਨਿੱਜੀ ਵਿਚਾਰ ਦਿੱਤੇ ਸਨ, ਜਿਨ੍ਹਾਂ ਕਰਕੇ ਕੁਝ ਸ਼ੰਕੇ ਪੈਦਾ ਹੋਏ ਸਨ। ਇਸ ਬਾਰੇ ਪ੍ਰੋ. ਬਡੂੰਗਰ ਨੇ ਸਥਿਤੀ ਸਪਸ਼ਟ ਕੀਤੀ ਹੈ। ਉਨ੍ਹਾਂ ਆਖਿਆ ਕਿ ਉਹ ਇਸ ਮੁਲਾਕਾਤ ਤੋਂ ਅਤੇ ਦਿੱਤੇ ਗਏ ਕਾਰਨਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਅਤੇ ਗੁਰਦੁਆਰਿਆਂ ਦੀਆਂ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਦੇ ਮਾਮਲਿਆਂ ਦਾ ਵਿਰੋਧ ਡਟ ਕੇ ਕਰਨਾ ਜ਼ਰੂਰੀ ਹੈ।