ਸਿੱਕਿਮ ਸਥਿਤ ਗੁਰਦੁਆਰਿਆਂ ਦਾ ਪ੍ਰਬੰਧ ਸਿੱਖਾਂ ਨੂੰ ਸੌਂਪਿਆ ਜਾਵੇ : ਪ੍ਰੋ. ਬਡੂੰਗਰ

0
236

shiromani-kamety-kirpal-singh-badungar
ਅੰਮ੍ਰਿਤਸਰ/ਬਿਊਰੋ ਨਿਊਜ਼ :
ਸਿੱਕਿਮ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਦਖ਼ਲਅੰਦਾਜ਼ੀ ਕੀਤੇ ਜਾਣ ਕਾਰਨ ਮਰਿਆਦਾ ਦੀ ਉਲੰਘਣਾ ਹੋ ਰਹੀ ਹੈ, ਜਿਸ ਨਾਲ ਉਥੇ ਰਹਿੰਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਸਿੱਖ ਭਾਈਚਾਰੇ ਵੱਲੋਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਕੋਲ ਪਹੁੰਚ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਕਿਮ ਦੇ ਰਾਜਪਾਲ ਸ੍ਰੀਨਿਵਾਸ ਪਾਟਿਲ ਅਤੇ ਮੁੱਖ ਮੰਤਰੀ ਪਵਨ ਕੁਮਾਰ ਚਾਮਲਿੰਗ ਨੂੰ ਪੱਤਰ ਲਿਖ ਕੇ ਸਿੱਕਿਮ ਵਿੱਚ ਗੁਰੂ ਡੋਂਗਮਰ ਅਤੇ ਚੁੰਗ ਥਾਂਗ ਸਥਿਤ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਦੋ ਗੁਰਦੁਆਰਿਆਂ ਵਿੱਚ ਮਰਿਆਦਾ ਦੀ ਹੋ ਰਹੀ ਉਲੰਘਣਾ ਵੱਲ ਧਿਆਨ ਦਿਵਾਉਂਦਿਆਂ ਗੁਰਦੁਆਰਿਆਂ ਦਾ ਪ੍ਰਬੰਧ ਸਥਾਨਕ ਸਿੱਖਾਂ ਨੂੰ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਤਾ ਲੱਗਿਆ ਹੈ ਕਿ ਗੁਰੂ ਡੋਂਗਮਰ ਸਥਿਤ ਗੁਰਦੁਆਰੇ ਦੀ ਇਮਾਰਤ ਪੂਰੀ ਤਰ੍ਹਾਂ ਬਦਲ ਦਿੱਤੀ ਗਈ ਹੈ ਅਤੇ ਇਸ ਨੂੰ ਬੁੱਧ ਅਸਥਾਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨਜ਼ਦੀਕ ਮੂਰਤੀਆਂ ਦੀ ਸਥਾਪਨਾ ਕਰ ਦਿੱਤੀ ਗਈ ਹੈ ਤੇ ਸਿੱਖਾਂ ਨੂੰ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰਨ ਤੋਂ ਰੋਕਿਆ ਜਾਂਦਾ ਹੈ। ਇੱਥੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਦੇ ਸਿੱਖਾਂ ਨੂੰ ਦਰਸ਼ਨ ਨਹੀਂ ਕਰਨ ਦਿੱਤੇ ਜਾ ਰਹੇ। ਉਨ੍ਹਾਂ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।