ਗਿਆਨੀ ਗੁਰਬਚਨ ਸਿੰਘ ਨੂੰ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਨਹੀਂ ਕਰਨ ਦਏਗਾ ਅੰਮ੍ਰਿਤਸਰ ਅਕਾਲੀ ਦਲ

0
494

simranjit-singh-mann
ਅੰਮ੍ਰਿਤਸਰ/ਬਿਊਰੋ ਨਿਊਜ਼ :
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਐਲਾਨ ਕੀਤਾ ਹੈ ਕਿ ਘੱਲੂਘਾਰਾ ਦਿਵਸ (6 ਜੂਨ) ਨੂੰ ਹੋਣ ਵਾਲੇ ਸ਼ਹੀਦੀ ਸਮਾਗਮ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਤੋਂ ਰੋਕਿਆ ਜਾਵੇਗਾ। ਪਾਰਟੀ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਆਖਿਆ ਕਿ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਸਮਾਗਮ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵੱਡੇ ਪੱਧਰ ‘ਤੇ ਤਿਆਰੀ ਕੀਤੀ ਗਈ ਹੈ। ਸਰਗਰਮ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਲਾਮਬੰਦ ਕੀਤਾ ਗਿਆ ਹੈ। 6 ਜੂਨ ਨੂੰ ਪਾਰਟੀ ਅਤੇ ਹਮਖਿਆਲੀ ਜਥੇਬੰਦੀਆਂ ਦੇ ਮੈਂਬਰ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣਗੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।
ਵੱਖਰੇ ਬਿਆਨ ਵਿੱਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਘੱਲੂਘਾਰਾ ਦਿਵਸ ਸਬੰਧੀ ਉਨ੍ਹਾਂ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਕਈ ਮਸਲਿਆਂ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਜਾਣਕਾਰੀ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਨੂੰ ਇਸ ਸਮਾਗਮ ਲਈ ਅਜਿਹੇ ਪ੍ਰਬੰਧ ਕਰਨੇ ਚਾਹੀਦੇ ਹਨ ਕਿ ਕਿਸੇ ਵੀ ਸਿੱਖ ਜਾਂ ਧਿਰ ਨੂੰ ਇਹ ਦਿਹਾੜਾ ਮਨਾਉਣ ਸਬੰਧੀ ਕੋਈ ਸ਼ਿਕਵਾ ਨਾ ਰਹੇ ਅਤੇ ਮਾਹੌਲ ਵੀ ਸ਼ਾਂਤ ਰਹੇ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ ਕੌਮ ਵੱਲੋਂ ਰੱਦ ਕੀਤੇ ਜਥੇਦਾਰਾਂ ਨੂੰ ਹਟਾਇਆ ਜਾਵੇ ਅਤੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਨਤਾ ਦਿੱਤੀ ਜਾਵੇ।