ਸੱਤੀ ਨੂੰ ਲਾਂਭੇ ਕਰ ਕੇ ਸੁਰਜੀਤ ਪਾਤਰ ਨੂੰ ਕਲਾ ਪ੍ਰੀਸ਼ੱਦ ਦਾ ਚੇਅਰਮੈਨ ਨਿਯਕੁਤ ਕੀਤਾ

0
319

ਨਵਜੋਤ ਸਿੱਧੂ ਨੇ ਘਰ ਜਾ ਕੇ ਸੌਂਪਿਆ ਨਿਯੁਕਤੀ ਪੱਤਰ
surjit-patar
ਲੁਧਿਆਣਾ/ਬਿਊਰੋ ਨਿਊਜ਼ :
ਕਾਂਗਰਸ ਸਰਕਾਰ ਨੇ ਸਤਿੰਦਰ ਸੱਤੀ ਨੂੰ ਹਟਾ ਕੇ ਉੱਘੇ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਡਾ. ਪਾਤਰ ਨੂੰ ਉਨ੍ਹਾਂ ਦੇ ਘਰ ਜਾ ਕੇ ਨਿਯੁਕਤੀ ਪੱਤਰ ਸੌਂਪਿਆ। ਲੁਧਿਆਣਾ ਪਹੁੰਚੇ ਸ੍ਰੀ ਸਿੱਧੂ ਨੇ ਕਿਹਾ ਕਿ ਸੂਬੇ ਦੇ ਅਮੀਰ ਸਭਿਆਚਾਰ ਨੂੰ ਪ੍ਰਫੁੱਲਤ ਕਰਨਾ ਸਰਕਾਰ ਦਾ ਮੁੱਖ ਮਕਸਦ ਹੈ। ਇਸ ਲਈ ਪੁਰਾਤਨ ਸਭਿਆਚਾਰ ਦੀ ਨੁਮਾਇੰਦਗੀ ਕਰਦੀਆਂ ਥਾਵਾਂ ਨੂੰ ਸੈਰ ਸਪਾਟੇ ਲਈ ਵਿਕਸਤ ਕੀਤਾ ਜਾਵੇਗਾ ਅਤੇ ਨੌਜਵਾਨ ਪੀੜ੍ਹੀ ਨੂੰ ਸਭਿਆਚਾਰ ਨਾਲ ਜੋੜਨ ਲਈ ਵੀ ਅਹਿਮ ਪ੍ਰੋਗਰਾਮ ਉਲੀਕੇ ਜਾਣਗੇ।
ਸ੍ਰੀ ਸਿੱਧੂ ਨੇ ਕਿਹਾ ਕਿ ਡਾ. ਪਾਤਰ ਦੀ ਨਿਯੁਕਤੀ ਨਾਲ ਸਭਿਆਚਾਰ/ਸਾਹਿਤ ਨਾਲ ਜੁੜੀਆਂ ਸ਼ਖ਼ਸੀਅਤਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਇਸ ਨਿਯੁਕਤੀ ਨਾਲ ਨਵੀਆਂ ਪੁਲਾਂਘਾਂ ਪੁੱਟੇ ਜਾਣ ਦੀ ਆਸ ਵੀ ਬੱਝੀ ਹੈ। ਡਾ. ਪਾਤਰ ਨੂੰ ਨਵੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਦੱਸਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਆਉਂਦੇ ਸਮੇਂ ਵਿਚ ਪੰਜਾਬ ਕਲਾ ਪ੍ਰੀਸ਼ਦ ਨਾਲ ਸਿੱਧੇ ਤੌਰ ‘ਤੇ ਇੱਕ ਲੱਖ ਦੇ ਕਰੀਬ ਸਭਿਆਚਾਰ ਅਤੇ ਕਲਾ ਪ੍ਰੇਮੀਆਂ ਨੂੰ ਜੋੜਿਆ ਜਾਵੇਗਾ। ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਇੱਕ ਮਹੀਨੇ ਵਿਚ ਪੰਜਾਬੀ ਕਲਾ ਤੇ ਸਭਿਆਚਾਰ ਦੀ ਪਾਰਲੀਮੈਂਟ ਸਿਰਜੀ ਜਾਵੇ, ਜਿਸ ਵਿਚ ਪੰਜਾਬੀ ਕਲਾ ਤੇ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸਕਾਰਾਤਮਕ ਵਿਚਾਰਾਂ ਕੀਤੀਆਂ ਜਾ ਸਕਣ।
ਡਾ. ਸੁਰਜੀਤ ਪਾਤਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ ਤੇ ਕਲਾ ਪ੍ਰੇਮੀਆਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਕਲਾ ਪ੍ਰੀਸ਼ਦ ਨਾਲ ਲੋਕ ਲਹਿਰ ਖੜ੍ਹੀ ਕਰਕੇ ਪੰਜਾਬੀ ਸਭਿਆਚਾਰ ਅਤੇ ਸਾਹਿਤ ਨੂੰ ਪ੍ਰਫੁੱਲਤ ਕਰਨ ਲਈ ਸਮਰਪਿਤ ਹੋ ਕੇ ਯੋਗਦਾਨ ਦੇਣਗੇ। ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਦੇ ਕੋਨੇ-ਕੋਨੇ ਵਿਚ ਸੰਗੀਤ, ਕਵਿਤਾ ਤੇ ਗਾਇਨ ਮੁਕਾਬਲੇ ਕਰਵਾ ਕੇ ਲੋਕਾਂ ਨੂੰ ਕਲਾ ਤੇ ਸਭਿਆਚਾਰ ਨਾਲ ਜੋੜਿਆ ਜਾਵੇ ਤਾਂ ਜੋ ਇਸ ਦਾ ਦਾਇਰਾ ਹੋਰ ਵਿਸ਼ਾਲ ਹੋ ਸਕੇ। ਇਸ ਦੇ ਪਸਾਰੇ ਲਈ ਸਕੂਲਾਂ/ਕਾਲਜਾਂ ਤਕ ਵੀ ਪਹੁੰਚ ਕੀਤੀ ਜਾਵੇਗੀ। ਥੀਏਟਰ ਅਤੇ ਸਭਿਆਚਾਰ ਦੀਆਂ ਹੋਰ ਵੰਨਗੀਆਂ ਨੂੰ ਵੀ ਪ੍ਰਫੁੱਲਤ ਕੀਤਾ ਜਾਵੇਗਾ। ਡਾ. ਪਾਤਰ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਐਮਪੀ ਰਵਨੀਤ ਸਿੰਘ ਬਿੱਟੂ, ਵਿਧਾਇਕ ਭਾਰਤ ਭੂਸ਼ਣ ਆਸ਼ੂ ਤੇ ਸੁਰਿੰਦਰ ਡਾਬਰ, ਸਭਿਆਚਾਰ ਵਿਭਾਗ ਦੇ ਡਾਇਰੈਕਟਰ ਸ਼ਿਵਦੁਲਾਰ ਸਿੰਘ ਢਿੱਲੋਂ, ਨਗਰ ਨਿਗਮ ਦੇ ਕਮਿਸ਼ਨਰ ਜਸਕਿਰਨ ਸਿੰਘ, ਗਾਇਕ ਪੰਮੀ ਬਾਈ ਵੀ ਹਾਜ਼ਰ ਸਨ।