ਸੜਕਾਂ ‘ਤੇ ਆਲੂ ਸੁੱਟ ਕੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

0
464

allu-sarkan-te-sutte
ਕੈਪਸ਼ਨ-ਬਰਨਾਲਾ ਵਿੱਚ ਸੜਕ ‘ਤੇ ਆਲੂ ਸੁੱਟਦੇ ਹੋਏ ਕਿਸਾਨ।
ਬਰਨਾਲਾ/ਬਿਊਰੋ ਨਿਊਜ਼ :
ਸਰਕਾਰ ਵੱਲੋਂ ਆਲੂਆਂ ਦਾ ਭਾਅ ਘੱਟ ਦੇਣ ਤੇ ਬਾਹਰੋਂ ਕਣਕ ਮੰਗਵਾਉਣ ਤੋਂ ਖਫ਼ਾ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੱਦੇ ‘ਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਵਿਚ ਡੀਸੀ ਦਫ਼ਤਰ ਅੱਗੇ ਆਲੂ ਸੁੱਟ ਕੇ ਰੋਸ ਪ੍ਰ੍ਰਦਰਸ਼ਨ ਕੀਤਾ। ਪੁਲੀਸ ਨਾਲ ਹੋਈ ਮਾਮੂਲੀ ਝੜਪ ਉਪਰੰਤ ਕਿਸਾਨ ਡੀਸੀ ਕੰਪਲੈਕਸ ਵਿਚ ਦਾਖ਼ਲ ਹੋਣ ਵਿਚ ਸਫ਼ਲ ਰਹੇ ਅਤੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ।
ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਪੈ ਗਿਆ ਹੈ। ਇੱਕ ਪਾਸੇ ਤਾਂ ਸਰਕਾਰ ਕਿਸਾਨਾਂ ਨੂੰ ਫਸਲੀ ਚੱਕਰ ਵਿਚੋਂ ਕੱਢਣ ਦਾ ਸੱਦਾ ਦੇ ਰਹੀ ਹੈ ਤੇ ਦੂਜੇ ਪਾਸੇ ਫਸਲੀ ਚੱਕਰ ਵਿਚੋਂ ਨਿਕਲ ਕੇ ਆਲੂਆਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਆਲੂਆਂ ਦਾ ਭਾਅ ਪ੍ਰਤੀ ਕੁਇੰਟਲ 500 ਰੁਪਏ ਤੈਅ ਕਰ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਪੂਰਾ ਭਾਅ ਨਾ ਮਿਲਣ ਕਾਰਨ ਅੱਜ ਕਿਸਾਨ ਆਪਣੀ ਫ਼ਸਲ ਸੜਕਾਂ ‘ਤੇ ਸੁੱਟਣ ਲਈ ਮਜਬੂਰ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਾਹਰੋਂ ਕਣਕ ਮੰਗਵਾ ਕੇ ਪੰਜਾਬ ਦੇ ਕਿਸਾਨਾਂ ਨਾਲ ਧਰੋਹ ਕਮਾਇਆ ਹੈ, ਜਿਸ ਨੂੰ ਪੰਜਾਬ ਦੇ ਕਿਸਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ। ਪ੍ਰਧਾਨ ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਇੱਕ ਤਾਂ ਸਰਕਾਰਾਂ ਪਾਸੋਂ ਸਹੀ ਭਾਅ ਨਾ ਮਿਲਣ ਕਰ ਕੇ ਕਿਸਾਨ ਦੁਖੀ ਹੈ ਤੇ ਦੂਜਾ ਆਵਾਰਾ ਪਸ਼ੂਆਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਆਲੂ ਉਤਪਾਦਕਾਂ ਨੂੰ ਮੌਜੂਦਾ ਸਥਿਤੀ ਵਿਚੋਂ ਕੱਢਣ ਲਈ ਪੰਜਾਬ ਸਰਕਾਰ ਢੁੱਕਵੀਂ ਰਣਨੀਤੀ ਤਿਆਰ ਕਰੇ, ਫਸ਼ਲਾਂ ‘ਤੇ ਹੋਣ ਵਾਲੇ ਖਰਚਿਆਂ ਮੁਤਾਬਕ ਭਾਅ ਨੂੰ ਘੱਟੋ-ਘੱਟ ਸਮਰਥਨ ਮੁੱਲ ਹੇਠ ਲਿਆਂਦਾ ਜਾਵੇ, ਬਾਹਰੋਂ ਕਣਕ ਮੰਗਵਾਉਣੀ ਬੰਦ ਕਰ ਕੇ ਪੰਜਾਬ ਦੀ ਕਣਕ ਹੀ ਖ਼ਰੀਦੀ ਜਾਵੇ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਕਿਸਾਨਾਂ ਨੂੰ ਫ਼ਸਲਾਂ ਦੇ ਭਾਅ ਦਿੱਤੇ ਜਾਣ।
ਕਿਸਾਨ ਆਗੂਆਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਕਿਸਾਨ ਟ੍ਰਾਈਡੈਂਟ ਪੁਲ ‘ਤੇ ਅਣਮਿੱਥੇ ਸਮੇਂ ਲਈ ਧਰਨਾ ਲਾਉਣਗੇ।