ਠੋਸ ਤੇ ਕਾਰਗਰ ਸਭਿਆਚਾਰਕ ਨੀਤੀ ਬਣਾਉਣ ਲਈ ਨਵਜੋਤ ਸਿੱਧੂ ਨੇ ਕਲਾਕਾਰਾਂ ਤੇ ਸਾਹਿਤਕਾਰਾਂ ਤੋਂ ਲਏ ਸੁਝਾਅ

0
476

sidhu-kalakar1
ਚੰਡੀਗੜ੍ਹ/ਬਿਊਰੋ ਨਿਊਜ਼ :
ਨਵੀਂ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨ, ਪੰਜਾਬੀ ਸਭਿਆਚਾਰ ਨੂੰ ਸਾਂਭਣ ਤੇ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਦੀ ਦਿਸ਼ਾ ਵਿਚ ਸਭਿਆਚਾਰ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਥੇ ਪੰਜਾਬ ਭਵਨ ਵਿਚ ਕਲਾ, ਸਾਹਿਤ ਤੇ ਸਭਿਆਚਾਰ ਨਾਲ ਜੁੜੀਆਂ ਅਹਿਮ ਸ਼ਖ਼ਸੀਅਤਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ। ਮੀਟਿੰਗ ਵਿਚ ਸਾਰਿਆਂ ਦੇ ਵਿਚਾਰ ਸੁਣਨ ਮਗਰੋਂ ਸ. ਸਿੱਧੂ ਨੇ ਇਹ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਸੁਝਾਵਾਂ ਨੂੰ ਸ਼ਾਮਲ ਕਰਕੇ ਇਕ ਠੋਸ ਤੇ ਕਾਰਗਰ ਸਭਿਆਚਾਰਕ ਨੀਤੀ ਬਣਾ ਕੇ ਇਸ ਨੂੰ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਭਿਆਚਾਰਕ ਲਹਿਰ ਖੜ੍ਹੀ ਕਰਨ ਦਾ ਸੱਦਾ ਵੀ ਦਿੱਤਾ। ਮੀਟਿੰਗ ਵਿਚ ਡਾ. ਸੁਰਜੀਤ ਪਾਤਰ, ਫਿਲਮ ਨਿਰਮਾਤਾ ਨਿਰਦੇਸ਼ਕ ਮਨਮੋਹਨ ਸਿੰਘ, ਸਤਨਾਮ ਮਾਣਕ, ਡਾ. ਰਵੇਲ ਸਿੰਘ, ਡਾ. ਦੀਪਕ ਮਨਮੋਹਨ ਸਿੰਘ, ਗਾਇਕ ਡਾ. ਸਤਿੰਦਰ ਸਰਤਾਜ, ਪੰਮੀ ਬਾਈ, ਜਸਬੀਰ ਜੱਸੀ, ਗੁਰਪ੍ਰੀਤ ਘੁੱਗੀ, ਸੁਨੀਤਾ ਧੀਰ, ਨੀਨਾ ਟਿਵਾਣਾ, ਗੁਰਚਰਨ ਸਿੰਘ ਚੰਨੀ, ਪ੍ਰਭਸ਼ਰਨ ਕੌਰ ਸਿੱਧੂ, ਭੁਪਿੰਦਰ ਬੱਬਲ, ਡਾ. ਸ਼ਿੰਦਰ ਪਾਲ, ਡਾ. ਇੰਦਰਜੀਤ ਸਿੰਘ, ਜੰਗ ਬਹਾਦਰ ਗੋਇਲ, ਡਾ. ਅਮਰ ਸਿੰਘ, ਨਾਟਕਕਾਰ ਕੇਵਲ ਧਾਲੀਵਾਲ, ਆਰਟ ਕਲਾ ਦੇ ਮਾਹਰ ਦੀਵਾਨ ਮੰਨਾ, ਗੁਰਪ੍ਰੀਤ ਆਰਟਿਸਟ, ਪ੍ਰੋ. ਰਾਜਪਾਲ ਸਿੰਘ, ਡਾ. ਗੁਰਨਾਮ ਸਿੰਘ, ਡਾ. ਕਰਮਜੀਤ ਸਿੰਘ ਸਰਾਂ, ਸਾਧਵੀ ਖੋਸਲਾ, ਡਾ. ਸੁਰਜੀਤ, ਰਵਿੰਦਰ ਕੌਰ, ਪ੍ਰੋ. ਰਾਜਿੰਦਰ ਪਾਲ ਸਿੰਘ ਬਰਾੜ, ਬਲਦੇਵ ਸਿੰਘ ਧਾਲੀਵਾਲ ਵੱਲੋਂ ਵੀ ਆਪੋ-ਆਪਣੇ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਸਤਨਾਮ ਮਾਣਕ ਨੇ ਕਿਹਾ ਕਿ ਨਿਆਂ ਪ੍ਰਣਾਲੀ, ਸਿੱਖਿਆ, ਪ੍ਰਸ਼ਾਸਨਿਕ ਕੰਮਕਾਜ ਆਪਣੀ ਭਾਸ਼ਾ ਵਿਚ ਹੋਣੇ ਚਾਹੀਦੇ ਹਨ, ਕਿਉਂਕਿ ਅੰਗਰੇਜ਼ੀ ਦੇ ਬੋਲਬਾਲੇ ਕਰਕੇ ਪੰਜਾਬੀ ਬੋਲਣ ਵਾਲੇ ਹੀਣ ਭਾਵਨਾ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅੰਗਰੇਜ਼ੀ ਭਾਸ਼ਾ ਭਾਵੇਂ ਕੌਮਾਂਤਰੀ ਰੁਜ਼ਗਾਰ ਭਾਸ਼ਾ ਹੈ ਪਰ ਇਸ ਭਾਸ਼ਾ ਨੇ ਪੰਜਾਬੀ ਜ਼ੁਬਾਨ ਬੋਲਣ ਵਾਲਿਆਂ ਤੋਂ ਰੁਜ਼ਗਾਰ ਦੇ ਮੌਕੇ ਖੋਹ ਲਏ ਹਨ। ਸਤਿੰਦਰ ਸਰਤਾਜ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਵਿਚੋਂ ਨਿਮਰਤਾ ਘੱਟਦੀ ਜਾ ਰਹੀ ਹੈ। ਇਸੇ ਦੌਰਾਨ ਡਾ. ਦੀਪਕ ਮਨਮੋਹਨ ਨੇ ਵੀ ਪੰਜਾਬ ਦੇ ਗੌਰਵਮਈ ਇਤਿਹਾਸ ਦੀ ਗੱਲ ਕੀਤੀ। ਉੱਘੇ ਫ਼ਿਲਮਸਾਜ਼ ਮਨਮੋਹਨ ਸਿੰਘ ਨੇ ਕਿਹਾ ਕਿ ਜੇ ਸਾਡੀ ਬੋਲੀ ਖ਼ਤਮ ਹੁੰਦੀ ਹੈ ਤਾਂ ਸਾਡਾ ਸਭਿਆਚਾਰ ਵੀ ਖ਼ਤਮ ਹੁੰਦਾ ਹੈ। ਡਾ. ਕਰਮਜੀਤ ਸਰਾ ਆਈ.ਏ.ਐਸ. (ਰਿਟਾ.) ਨੇ ਆਪਣੇ ਇਕ ਵਿਸ਼ੇਸ਼ ਅੰਦਾਜ਼ ਵਿਚ ਜਿੱਥੇ ਸਭਿਆਚਾਰਕ ਨੀਤੀ ਦੇ ਹੋਏ ਤੇ ਅਧੂਰੇ ਪਏ ਕੰਮਕਾਜ ਬਾਰੇ ਗੱਲ ਕੀਤੀ, ਉਥੇ ਉਨ੍ਹਾਂ ਵੱਲੋਂ ਆਪਣੀ ਸਪਸ਼ਟ ਸ਼ਬਦਾਵਲੀ ਨਾਲ ਮੀਟਿੰਗ ਦੌਰਾਨ ਹਾਸੇ ਵੀ ਬਿਖੇਰੇ ਗਏ। ਸਭਿਆਚਾਰ ਵਿਭਾਗ ਦੇ ਸਕਤੱਰ ਹੁਸਨ ਲਾਲ ਤੇ ਡਾਇਰੈਕਟਰ ਡਾ. ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਸਭਿਆਚਾਰ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਇਸ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਉਨ੍ਹਾਂ ਇਹ ਦ੍ਰਿੜ ਪ੍ਰਣ ਕੀਤਾ ਹੈ ਕਿ ਇਸ ਵਿਭਾਗ ਰਾਹੀਂ ਪੰਜਾਬੀ ਸਾਹਿਤ, ਸਭਿਆਚਾਰ, ਲੋਕ ਕਲਾਵਾਂ, ਮਾਂ-ਬੋਲੀ ਦੀ ਸੇਵਾ ਕਰਨ ਲਈ ਸਭ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇ ਤੇ ਸਭਿਆਚਾਰਕ ਲਹਿਰ ਖੜ੍ਹੀ ਕੀਤੀ ਜਾਵੇ। ਮਾਹਰਾਂ ਵੱਲੋਂ ਮਿਲੇ ਸੁਝਾਵਾਂ ਉਪਰੰਤ ਸਿੱਧੂ ਨੇ ਸਭ ਮਾਹਰਾਂ ਨਾਲ ਇਕਮਤ ਹੁੰਦਿਆਂ ਕਿਹਾ ਕਿ ਅਸ਼ਲੀਲਤਾ ਨੂੰ ਨੱਥ ਪਾਉਣ ਲਈ ਸਭਿਆਚਾਰਕ ਨੀਤੀ ਰਾਹੀਂ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪਾਇਰੇਸੀ ਨੂੰ ਰੋਕਣ ਲਈ ਗੁੰਡਾ ਐਕਟ ਬਣਾਉਣਾ ਵੀ ਮੁੱਖ ਏਜੰਡਾ ਹੋਵੇਗਾ। ਸਿੱਧੂ ਨੇ ਸਾਰੇ ਮਾਹਰਾਂ ਵੱਲੋਂ ਸੁਝਾਅ ਸੁਣਨ ਉਪਰੰਤ ਕਿਹਾ ਕਿ ਜੇਕਰ ਕੋਈ ਹੋਰ ਵੀ ਸੁਝਾਅ ਜਾਂ ਨੁਕਤਾ ਰਹਿ ਗਿਆ ਹੋਵੇ ਤਾਂ ਉਸ ਨੂੰ ਲਿਖਤੀ ਰੂਪ ਵਿਚ ਵਿਭਾਗ ਨੂੰ ਈ-ਮੇਲ ਰਾਹੀਂ ਭੇਜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਸੁਝਾਵਾਂ ਨੂੰ ਇਕੱਠਾ ਕਰ ਕੇ 15 ਦਿਨਾਂ ਦੇ ਅੰਦਰ ਦੁਬਾਰਾ ਮੀਟਿੰਗ ਰੱਖੀ ਜਾਵੇਗੀ, ਜਿਸ ਵਿਚ ਸਾਰੇ ਸੁਝਾਵਾਂ ‘ਤੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਜਾਣਗੀਆਂ। ਸਿੱਧੂ ਨੇ ਕਿਹਾ ਕਿ ਪੰਜਾਬ ਹਿੰਦੀ ਫਿਲਮਾਂ ਦੀਆਂ ਸ਼ੂਟਿੰਗਾਂ ਲਈ ਵਧੀਆ ਸਥਾਨ ਹੈ ਤੇ ਇਸ ਨੂੰ ਧਿਆਨ ਵਿਚ ਰੱਖਦਿਆਂ ਫਿਲਮੀ ਸੈਰ-ਸਪਾਟਾ ਨੂੰ ਹੁਲਾਰਾ ਦੇਣ ਲਈ ਸੂਬੇ ਵਿਚ ਫਿਲਮ ਸਿਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਭਿਆਚਾਰ ਤੇ ਸੈਰ-ਸਪਾਟਾ ਇਕ ਦੂਜੇ ਦੇ ਪੂਰਕ ਹਨ ਤੇ ਆਪਣੇ ਅਮੀਰ ਸਭਿਆਚਾਰ ਤੇ ਵਿਰਾਸਤ ਰਾਹੀਂ ਸੈਰ ਸਪਾਟਾ ਨੂੰ ਹੁਲਾਰਾ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਰੋਜ਼ਾਨਾ ਇਕ ਲੱਖ ਤੋਂ ਵੱਧ ਸ਼ਰਧਾਲੂ ਆਉਂਦੇ ਹਨ। ਧਾਰਮਿਕ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਇਕ ਸਰਕਟ ਬਣਾਇਆ ਜਾਵੇਗਾ ਜਿਸ ਵਿਚ ਧਾਰਮਿਕ ਸਥਾਨਾਂ ਨੂੰ ਜੋੜ ਕੇ ਸ਼ਰਧਾਲੂਆਂ ਲਈ ਵਧੀਆ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਈ ਇਤਿਹਾਸਕ ਕਿਲ੍ਹੇ, ਯਾਦਗਾਰਾਂ ਅਤੇ ਘਰਾਣੇ ਹਨ, ਜਿਨ੍ਹਾਂ ਦੇ ਸਰਕਟ ਬਣਾ ਕੇ ਸੈਲਾਨੀਆਂ ਨੂੰ ਖਿੱਚਿਆ ਜਾਵੇਗਾ।