‘ਆਪ’ ਨੂੰ ਖ਼ਾਲਿਸਤਾਨੀਆਂ ਦਾ ਥਾਪੜਾ : ਮਜੀਠੀਆ

0
916

BIKRAMJIT-SINGH-MAJITHIA
ਜਲੰਧਰ/ਬਿਊਰੋ ਨਿਊਜ਼ :
ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ‘ਤੇ ਸ਼ਬਦੀ ਹੱਲੇ ਕਰਦਿਆਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਖ਼ਾਲਿਸਤਾਨੀਆਂ ਤੇ ਆਈ.ਐਸ.ਆਈ. ਵੱਲੋਂ ਇਸ ਪਾਰਟੀ ਦੀ ਹਮਾਇਤ ਕੀਤੀ ਜਾ ਰਹੀ ਹੈ। ਉਹ ਇਥੇ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਸਾਈਕਲ ਵੰਡਣ ਪੁੱਜੇ ਸਨ। ਉਨ੍ਹਾਂ ਕਿਹਾ ਕਿ ‘ਆਪ’ ਦਾ ਏਜੰਡਾ ਹੀ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਵਿਚ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿਚ ‘ਆਪ’ ਦੀ ਕਥਿਤ ਸ਼ਮੂਲੀਅਤ ਤਾਂ ਸਾਹਮਣੇ ਆ ਹੀ ਚੁੱਕੀ ਹੈ। ਜੇਕਰ ਕੇਂਦਰੀ ਏਜੰਸੀ ਡੂੰਘਾਈ ਨਾਲ ਜਾਂਚ ਕਰੇ ਤਾਂ ਹੋਰ ਬਹੁਤ ਕੁਝ ਸਾਹਮਣੇ ਆ ਸਕਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਏਜੰਸੀਆਂ ‘ਆਪ’ ਨੂੰ ਮਿਲ ਰਹੇ ਫੰਡਾਂ ਅਤੇ ਦੇਸ਼ ਵਿਰੋਧੀ ਤਾਕਤਾਂ ਦੀ ਭੂਮਿਕਾ ਬਾਰੇ ਜਾਂਚ ਕਰਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਨੀਤੀ ‘ਮਾਰੋ ਤੇ ਭੱਜੋ’ ਵਾਲੀ ਹੈ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਣਹਾਨੀ ਕੇਸ ਦੀ ਰੋਜ਼ਾਨਾ ਸੁਣਵਾਈ ਲਈ ਹੁੰਗਾਰਾ ਭਰਨ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਹ ਸੱਚੇ ਹਨ ਤਾਂ ਕੇਸ ਦਾ ਸਾਹਮਣਾ ਕਰਨ ਤੋਂ ਕਿਉਂ ਭੱਜ ਰਹੇ ਹਨ।
ਉਨ੍ਹਾਂ ਕਿਹਾ ਕਿ ‘ਆਪ’ ਆਗੂ ਆਸ਼ੀਸ਼ ਖੇਤਾਨ ਬਿਮਾਰੀ ਦਾ ਬਹਾਨਾ ਬਣਾ ਕੇ ਕੇਸ ਦੀ ਪੇਸ਼ੀ ਤੋਂ ਬਚੇ, ਜਿਸ ਤੋਂ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਸੱਚ ਤੋਂ ਦੂਰ ਹਨ। ਜਲੰਧਰ ਵਿੱਚ ਅਕਾਲੀ ਦਲ ਤੇ ਭਾਜਪਾ ਦਰਮਿਆਨ ਵਖਰੇਵਿਆਂ ਬਾਰੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮਾਮਲਾ ਸੁਲਝ ਗਿਆ ਹੈ ਅਤੇ ਦੋਵੇਂ  ਧਿਰਾਂ ਜਲੰਧਰ ਦੇ ਵਿਕਾਸ ਲਈ ਮਿਲ ਕੇ ਕੰਮ ਕਰਨਗੀਆਂ।