ਪੰਥਕ ਜਥੇਬੰਦੀਆਂ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜਾਂਗੇ : ਸਿਮਰਨਜੀਤ ਸਿੰਘ ਮਾਨ

0
699

punjab page;SAD (Mann) President Simranjit Singh Mann addressing the Media person in Amritsar on Aug8.photo by vishal kumar
ਅੰਮ੍ਰਿਤਸਰ/ਬਿਊਰੋ ਨਿਊਜ਼ :
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਪਾਰਟੀ ਸਰਬੱਤ ਖ਼ਾਲਸਾ ਕਰਾਉਣ ਵਾਲੀਆਂ ਜਥੇਬੰਦੀਆਂ ਨਾਲ ਮਿਲ ਕੇ ਅਗਾਮੀ ਵਿਧਾਨ ਸਭਾ ਚੋਣਾਂ ਲੜੇਗੀ। ਇਥੇ ਪ੍ਰੈੱਸ ਕਾਨਫਰੰਸ ਵਿੱਚ ਸ੍ਰੀ ਮਾਨ ਨੇ ਕਿਹਾ ਕਿ ਉਹ ਅਗਲੇ ਦਸ ਦਿਨਾਂ ਦੇ ਅੰਦਰ-ਅੰਦਰ ਪੰਥਕ ਜਥੇਬੰਦੀਆਂ ਨਾਲ ਮਿਲ ਕੇ ਵਿਚਾਰ-ਵਟਾਂਦਰਾ ਕਰਨਗੇ ਅਤੇ ਚੋਣਾਂ ਦੀ ਨੀਤੀ ਉਲੀਕਣਗੇ। ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਮਾਨ ਨੇ ਕਿਹਾ ਕਿ ਖ਼ਾਲਿਸਤਾਨ ਅਤੇ ਸਿੱਖ ਭਾਈਚਾਰੇ ਦੀ ਆਜ਼ਾਦੀ ਅਗਾਮੀ ਚੋਣਾਂ ਵਿੱਚ ਮੁੱਖ ਮੁੱਦੇ ਹੋਣਗੇ। ਚੋਣ ਲੜਣ ਵਾਲੇ ਉਮੀਦਵਾਰਾਂ ਦੇ ਐਲਾਨ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਸਮਾਂ ਆਉਣ ‘ਤੇ ਐਲਾਨ ਕੀਤਾ ਜਾਵੇਗਾ ਪਰ ਪਹਿਲਾਂ ਜਥੇਬੰਦੀਆਂ ਨਾਲ ਵਿਚਾਰ ਕੀਤਾ ਜਾਵੇਗਾ। ਕਿਸੇ ਹੋਰ ਪਾਰਟੀ ਨਾਲ ਚੋਣ ਗਠਜੋੜ ਦੀ ਸੰਭਾਵਨਾ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਸੇ ਪਾਰਟੀ ਨਾਲ ਗਠਜੋੜ ਹੋਵੇਗਾ, ਜੋ ਸਿੱਖ ਭਾਈਚਾਰੇ ਦੀ ਆਜ਼ਾਦੀ ਦੇ ਮੁੱਦੇ ‘ਤੇ ਸਹਿਮਤ ਹੋਵੇਗੀ। ਜਲੰਧਰ ਵਿੱਚ ਆਰਐਸਐਸ ਦੇ ਪ੍ਰਧਾਨ ਬ੍ਰਿਗੇਡੀਅਰ (ਰਿਟਾ.) ਜਗਦੀਸ਼ ਗਗਨੇਜਾ ‘ਤੇ ਹੋਏ ਕਾਤਲਾਨਾ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਉਹ ਅਜਿਹੀ ਹਿੰਸਕ ਕਾਰਵਾਈ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਜਦੋਂ ਜੰਮੂ ਕਸ਼ਮੀਰ, ਕੋਟਕਪੂਰਾ ਵਿੱਚ ਨਿਰਦੋਸ਼ ਸਿੱਖ ਨੌਜਵਾਨਾਂ ‘ਤੇ ਹਮਲੇ ਹੋਏ ਤਾਂ ਉਦੋਂ ਇਹ ਪਾਰਟੀਆਂ ਚੁੱਪ ਕਿਉਂ ਰਹੀਆਂ ਸਨ।