ਬਡੂੰਗਰ ਵਲੋਂ ਕੈਪਟਨ ਸਰਕਾਰ ਦੇ ਸਿੱਖਾਂ ਬਾਰੇ ਨਾਂਹ-ਪੱਖੀ ਰਵੱਈਏ ਦੀ ਸਖ਼ਤ ਆਲੋਚਨਾ

0
340

pic-kirpal-singh-badungar-1
ਅਕਾਲੀ ਧਰਨਿਆਂ ‘ਚ ਸ਼ਾਮਲ ਹੋਣ ਦਾ ਐਲਾਨ
ਅੰਮ੍ਰਿਤਸਰ/ਬਿਊਰੋ ਨਿਊਜ਼ :
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਸਿੱਖ ਮਸਲਿਆਂ ਬਾਰੇ ਨਾਂਹ-ਪੱਖੀ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਂਗਰਸ ਸਰਕਾਰ ਦੀ ਕਿਸੇ ਵੀ ਅਜਿਹੀ ਚਾਲ ਨੂੰ ਸਫ਼ਲ ਨਹੀਂ ਹੋਣ ਦੇਵੇਗੀ, ਜੋ ਸਿੱਖ ਸਰੋਕਾਰਾਂ ਖ਼ਿਲਾਫ਼ ਹੋਵੇ। ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 12 ਜੂਨ ਨੂੰ ਲਾਏ ਜਾ ਰਹੇ ਧਰਨਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਸਿੱਖ ਪੰਥ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਕਾਰਨ ਧਰਨਿਆਂ ਵਿੱਚ ਸ਼ਾਮਲ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਸ਼ਹਿ ‘ਤੇ ਕਾਂਗਰਸੀਆਂਂ ਵਲੋਂ ਗੁਰਦੁਆਰਿਆਂ ਦੀਆਂ ਜ਼ਮੀਨਾਂ ‘ਤੇ ਕਬਜ਼ੇ ਕੀਤੇ ਜਾ ਰਹੇ ਹਨ। ਸਰਕਾਰ ਦੇ ਮੰਤਰੀ ਸਿੱਖ ਵਿਰਾਸਤਾਂ ਬਾਰੇ ਗਲਤ ਸ਼ਬਦਾਵਲੀ ਵਰਤ ਰਹੇ ਹਨ ਅਤੇ ਸਰਕਾਰੀ ਅਦਾਰਿਆਂ ਵਿੱਚ ਸਿੱਖ ਸਾਹਿਤ ਦੀ ਅਣਮੋਲ ਵਿਰਾਸਤ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਨੂੰ ਵਿਗਾੜਿਆ ਜਾ ਰਿਹਾ ਹੈ। ਅਧਿਆਤਮਿਕਤਾ ਦੇ ਸੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਮਾਰਗ ‘ਤੇ ਚੱਲਦੀਆਂ ਸਕਰੀਨਾਂ ‘ਤੇ ਨਸ਼ਿਆਂ ਸਮੇਤ ਹੋਰ ਇਤਰਾਜ਼ਯੋਗ ਮਸ਼ਹੂਰੀਆਂ ਪ੍ਰਸਾਰਤ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਿੱਖ ਪੰਥ ਵਿਰੋਧੀ ਵਿਹਾਰ ਉਤੇ ਸ਼੍ਰੋਮਣੀ ਕਮੇਟੀ ਚੁੱਪ ਨਹੀਂ ਬੈਠੇਗੀ ਅਤੇ ਹਰ ਮੁਹਾਜ਼ ‘ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸੰਗਤ ਨੂੰ ਲੈ ਕੇ ਧਰਨਿਆਂ ਵਿੱਚ ਪੁੱਜਣ।